
ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਡੀਸੀ ਮੁਹਾਲੀ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਮੁਹਾਲੀ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਇਕ ਸਾਂਝਾ ਮੰਗ ਪੱਤਰ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ। ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਕੁਲਵੰਤ ਸਿੰਘ ਤ੍ਰਿਪੜੀ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖਾਦ ਦਾ ਕੋਟਾ 80 ਫੀਸਦੀ ਤੋਂ ਘਟਾ ਕੇ 50 ਫੀਸਦੀ ਕਰ ਦਿੱਤਾ ਹੈ। ਜਿਸ ਕਾਰਨ ਸੁਸਾਇਟੀਆਂ ਤੋਂ ਲੋਨ ਰਾਹੀਂ ਖਾਦ ਲੈਣ ਵਾਲੇ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਕਿਉਂਕਿ ਸੁਸਾਇਟੀ ਸਿਰਫ਼ ਉਧਾਰ ਖਾਦ ਦੇ ਸਕਦੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪੈਡੀ (ਝੋਨਾ) ਦੀ ਫਸਲ ਖ਼ਰੀਦਣ ਲਈ ਕਿਸਾਨਾਂ ਤੋਂ ਫਰਦਾਂ ਮੰਗੀਆਂ ਜਾ ਰਹੀਆਂ ਹਨ, ਜੋ ਸਰਾਸਰ ਗਲਤ ਹੈ। ਉਂਜ ਵੀ ਅਜਿਹਾ ਸੰਭਵ ਨਹੀਂ ਹੈ। ਕਿਉਂਕਿ ਪੰਜਾਬ ਵਿੱਚ ਫਰਦਾਂ ਪੂਰੀ ਤਰ੍ਹਾਂ ਅਪਡੇਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕੋਲ ਸਾਰੀਆਂ ਜ਼ਮੀਨਾਂ ਦੇ ਅੰਕੜੇ ਅਤੇ ਹਰ ਖੇਤ ਦੀ ਝੋਨੇ ਦੀ ਗਿਰਦਾਵਰੀ ਉਪਲਬਧ ਹੈ ਤਾਂ ਰਿਕਾਰਡ ਮੁਤਾਬਕ ਚੈੱਕ ਕੀਤੀ ਜਾ ਸਕਦੀ ਹੈ। ਵੈਸੇ ਵੀ ਪੇਮੈਂਟ ਕਿਸਾਨਾਂ ਦੇ ਖਾਤਿਆਂ ਵਿੱਚ ਜਾਂਦੀ ਹੈ। ਇਸ ਮੌਕੇ ਗੁਰਮੀਤ ਸਿੰਘ ਖੂੰਨੀਮਾਜਰਾ, ਗੁਰਨਾਮ ਸਿੰਘ ਬਲਾਕ ਪ੍ਰਧਾਨ, ਜਗਦੀਪ ਸਿੰਘ, ਮਨਜੀਤ ਸਿੰਘ ਘੁਮਾਣਾ ਆਦਿ ਵੀ ਮੌਜੂਦ ਸਨ।