
ਕਿਸਾਨ ਅੰਦੋਲਨ: ਜਗਤਪੁਰਾ, ਮੁਹਾਲੀ-ਚੰਡੀਗੜ੍ਹ ਸੜਕ ’ਤੇ ਆਵਾਜਾਈ ਬਹਾਲ
ਨਬਜ਼-ਏ-ਪੰਜਾਬ, ਮੁਹਾਲੀ, 28 ਨਵੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੰਨਦਾਤਾਵਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ 32 ਕਿਸਾਨ ਜਥੇਬੰਦੀਆਂ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਦਿੱਤਾ ਧਰਨਾ ਅੱਜ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਤੋਂ ਬਾਅਦ ਖ਼ਤਮ ਹੋ ਗਿਆ। ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਚਾਰ ਦਿਨਾਂ ਬਾਅਦ ਮੰਗਲਵਾਰ ਸ਼ਾਮ ਨੂੰ ਪਿੰਡ ਜਗਤਪੁਰਾ ਅਤੇ ਸੈਕਟਰ-48 ਤੇ ਸੈਕਟਰ-49 ਨੂੰ ਵੰਡਦੀ ਮੁੱਖ ਸੜਕ ’ਤੇ ਬਾਵਾ ਵਾਈਟ ਹਾਊਸ ਫੇਜ਼-11 ਤੱਕ ਆਵਾਜਾਈ ਮੁੜ ਬਹਾਲ ਹੋ ਗਈ ਹੈ। ਇਹ ਸੜਕ ਮੁਹਾਲੀ ਤੋਂ ਟ੍ਰਿਬਿਊਨ ਚੌਕ ਨੂੰ ਜਾ ਕੇ ਮਿਲਦੀ ਹੈ।
ਕਿਸਾਨਾਂ ਦਾ ਧਰਨਾ ਖ਼ਤਮ ਹੋਣ ਨਾਲ ਮੁਹਾਲੀ ਅਤੇ ਚੰਡੀਗੜ੍ਹ ਦੇ ਵਸਨੀਕਾਂ ਸਮੇਤ ਇਸ ਸੜਕ ਤੋਂ ਰੋਜ਼ਾਨਾ ਆਉਣ-ਜਾਣ ਵਾਲੇ ਰਾਹਗੀਰਾਂ ਨੇ ਸੁੱਖ ਦਾ ਸਾਹ ਲਿਆ। ਪੁਲੀਸ ਵੱਲੋਂ ਨੇੜਲੇ ਲਾਂਘੇ ਵੀ ਬੈਰੀਕੇਟ ਲਗਾ ਕੇ ਸੀਲ ਕੀਤੇ ਹੋਏ ਸੀ। ਇਨ੍ਹਾਂ ਸੜਕਾਂ ਤੋਂ ਵੀ ਬੈਰੀਕੇਟ ਹਟਾ ਲਏ ਗਏ ਹਨ। ਉਧਰ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵਾਈਪੀਐਸ ਚੌਕ ’ਤੇ ਪਹਿਲਾਂ ਹੀ ਸਿੱਖ ਜਥੇਬੰਦੀਆਂ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ। ਇਸ ਮੁੱਖ ਸੜਕ ’ਤੇ ਵੀ ਕਾਫ਼ੀ ਸਮੇਂ ਤੋਂ ਆਵਾਜਾਈ ਠੱਪ ਪਈ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਵਿੱਚ ਰਾਸ਼ਨ ਪਾਣੀ ਲੱਦ ਕੇ ਮੁਹਾਲੀ ਪਹੁੰਚੇ ਕਿਸਾਨਾਂ ਨੇ ਆਪਣਾ ਸਮਾਨ ਸਮੇਟਣਾ ਸ਼ੁਰੂ ਕਰ ਦਿੱਤਾ। ਦੇਰ ਸ਼ਾਮ ਤੱਕ ਕਿਸਾਨ ਆਪਣਾ ਸਮਾਨ ਸਾਂਭਣ ’ਤੇ ਲੱਗੇ ਰਹੇ। ਕਿਸਾਨ ਆਗੂ ਰਾਮਿੰਦਰ ਪਟਿਆਲਾ, ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਪਰਮਦੀਪ ਸਿੰਘ ਬੈਦਵਾਨ ਤੇ ਜ਼ਿਲ੍ਹਾ ਕਿਰਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਪੰਜਾਬ ਭਰ ’ਚੋਂ ਕਿਸਾਨ ਮਹੀਨਿਆਂਬੱਧੀ ਰਾਸ਼ਨ ਨਾਲ ਲੈ ਕੇ ਆਏ ਸੀ ਅਤੇ ਪਿਛਲੇ ਤਿੰਨ ਦਿਨਾਂ ਵਿੱਚ ਹੁਕਮਰਾਨਾਂ ਨੇ ਦੇਖ ਲਿਆ ਸੀ ਕਿ ਕਿਸਾਨ ਪੱਕਾ ਮੋਰਚਾ ਗੱਡਣ ਦੇ ਰੌਂਅ ਵਿੱਚ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤਿੱਖੇ ਰੋਹ ਨੂੰ ਦੇਖਦੇ ਹੋਏ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੂਬੇ ਦੇ ਖੇਤੀਬਾੜੀ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੇ ਕਿਸਾਨਾਂ ਨਾਲ ਮੁਲਾਕਾਤ ਕਰਨ ਦਾ ਮਨ ਬਣਾਇਆ। ਦੋਵੇਂ ਮੀਟਿੰਗਾਂ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈਆਂ ਅਤੇ ਦੋਵੇਂ ਆਗੂਆਂ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ ਗਿਆ। ਜਿਸ ਕਾਰਨ ਕਿਸਾਨਾਂ ਦਾ ਗੁੱਸਾ ਸ਼ਾਂਤ ਹੋ ਸਕਿਆ। ਉਨ੍ਹਾਂ ਕਿਹਾ ਕਿ ਜੇਕਰ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।