
ਲਖੀਮਪੁਰ ਖੀਰੀ ਘਟਨਾ: ਮੁਹਾਲੀ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕ ਕੇ ਰੋਸ ਮੁਜ਼ਾਹਰਾ
ਇਲਾਕੇ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ, ਨਾਅਰੇਬਾਜ਼ੀ
ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਜੀਪ ਥੱਲੇ ਦਰੜੇ ਜਾਣ ਖ਼ਿਲਾਫ਼ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੇਲ ਗੱਡੀਆਂ ਰੋਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਲਾਕੇ ਦੇ ਕਿਸਾਨਾਂ ਨੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਰੇਲਵੇ ਲਾਈਨ ’ਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਅੱਜ ਸਵੇਰੇ ਹੀ ਨੇੜਲੇ ਪਿੰਡਾਂ ਦੇ ਕਿਸਾਨ ਮੁਹਾਲੀ ਰੇਲਵੇ ਸਟੇਸ਼ਨ ਉੱਤੇ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਗਿਣਤੀ ਵਿੱਚ ਕਿਸਾਨ ਜਮ੍ਹਾ ਹੋ ਗਏ। ਜਿਨ੍ਹਾਂ ਵਿੱਚ ਅੌਰਤਾਂ ਅਤੇ ਨੌਜਵਾਨ ਵੀ ਸ਼ਾਮਲ ਸਨ ਅਤੇ ਅੱਜ ਸਾਰਾ ਦਿਨ ਰੇਲ ਆਵਾਜਾਈ ਠੱਪ ਰੱਖੀ ਗਈ।
ਇਸ ਮੌਕੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਪੁਆਧੀ ਕਿਸਾਨ ਮੋਰਚਾ ਦੇ ਆਗੂ ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਮਨਿੰਦਰ ਚਿੱਲਾ, ਜਸਵੰਤ ਸਿੰਘ, ਇੰਦਰਪਾਲ ਸਿੰਘ, ਕਮਲਜੀਤ ਸਿੰਘ, ਅੰਗਰੇਜ਼ ਸਿੰਘ, ਮੇਹਰ ਸਿੰਘ, ਨਵਦੀਪ ਬੈਦਵਾਨ, ਸੁੱਖ ਗਿੱਲ, ਹਰਭੈਜ ਰਿੰਕਾਂ ਵੀ ਮੌਜੂਦ ਸਨ।
ਸਮਾਜ ਸੇਵੀ ਆਗੂ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਜਿਸ ਨੂੰ ਕਿਸਾਨ ਕਦੇ ਵੀ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹੋਰ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨੀ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਇਸ ਮੌਕੇ ਕਿਰਪਾਲ ਸਿੰਘ ਸਿਆਊ, ਨੰਬਰਦਾਰ ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਹੁਦੇ ’ਤੇ ਬਰਕਰਾਰ ਰਹਿੰਦਿਆਂ ਲਖੀਮਪੁਰ ਖੀਰੀ ਹਾਦਸੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਹੈ। ਉਹ ਆਪਣੇ ਅਹੁਦੇ ਦਾ ਦੁਰਪ੍ਰਯੋਗ ਕਰਕੇ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਲਿਹਾਜ਼ਾ ਅਜੈ ਮਿਸ਼ਰਾ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਲਾਂਭੇ ਕੀਤਾ ਜਾਵੇ ਅਤੇ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਜੈ ਮਿਸ਼ਰਾ ਨੂੰ ਧਾਰਾ 120ਬੀ ਦੇ ਤਹਿਤ ਲਖੀਮਪੁਰ ਖੀਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਇਕ ਤਾਂ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਆਪਣੇ ਹੱਕ ਦੀ ਲੜਾਈ ਰਿਹਾ ਹੈ, ਦੂਜਾ ਬੇਮੌਸਮੀ ਬਾਰਸ਼ ਅਤੇ ਬੱਦਲਵਾਈ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ।