ਕਿਸਾਨ ਸੰਘਰਸ਼: ਮੁਲਾਜ਼ਮਾਂ, ਮਜ਼ਦੂਰਾਂ ਤੇ ਸਫ਼ਾਈ ਕਾਮਿਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਨਦਾਤਾ ਦੇ ਨਾਲ ਨਾਲ ਆਮ ਲੋਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਹੁਣ ਮੁਲਾਜ਼ਮ ਵਰਗ ਵੀ ਸੜਕਾਂ ’ਤੇ ਉਤਰ ਆਇਆ ਹੈ। ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਫ਼ਾਈ ਕਾਮਿਆਂ ਨੇ ਸਿੱਖਿਆ ਬੋਰਡ ਅਤੇ ਪੁੱਡਾ ਲਾਲ ਬੱਤੀ ਚੌਕ ’ਤੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੁਲਾਜ਼ਮਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਮੰਗ ਕੀਤੀ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ। ਬੁਲਾਰਿਆਂ ਨੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਵੀ ਗੁਹਾਰ ਲਗਾਈ।
ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਪ੍ਰਮੁੱਖ ਆਗੂ ਸੱਜਣ ਸਿੰਘ, ਰਣਬੀਰ ਸਿੰਘ ਢਿੱਲੋਂ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਜਨਰਲ ਸਕੱਤਰ ਪਵਨ ਗੋਡਯਾਲ, ਕਲਾਸ-ਫੌਰ ਯੂਨੀਅਨ ਦੇ ਕਿਸ਼ਨ ਪ੍ਰਸ਼ਾਦ ਅਤੇ ਹੋਰਨਾਂ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਐਕਟ ਰੱਦ ਕਰਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹ-ਕਮਿਸ਼ਨ ਤੋਂ ਰਿਪੋਰਟ ਲੈ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ 2016 ਦੇ ਐਕਟ ਮੁਤਾਬਕ ਫੌਰੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ’ਤੇ ਲਾਗੂ ਕੀਤੇ ਜਾ ਰਹੇ ਮੋਦੀ ਸਰਕਾਰ ਦੇ ਤਨਖ਼ਾਹ ਸਕੇਲ ਅਤੇ ਮਜ਼ਦੂਰ ਵਿਰੋਧੀ ਕਾਨੂੰਨ ਪੰਜਾਬ ਵਿੱਚ ਲਾਗੂ ਨਾ ਕੀਤੇ ਜਾਣ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਮਿਡ-ਡੇਅ-ਮੀਲ ਵਰਕਰਾਂ ਨੂੰ ਮੁਲਾਜ਼ਮ ਮੰਨ ਕੇ ਪੂਰੇ ਸਕੇਲ ਲਾਗੂ ਕੀਤੇ ਜਾਣ।
ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨੀ ਸੰਘਰਸ਼ ਦੀ ਮੁਲਾਜ਼ਮ ਲਗਾਤਾਰ ਹਮਾਇਤ ਕਰਨਗੇ ਅਤੇ ਨਵੇਂ ਸਾਲ ਵਿੱਚ ਲਗਾਤਾਰ ਜ਼ੋਰਦਾਰ ਸੰਘਰਸ਼ ਚਲਾਇਆ ਜਾਵੇਗਾ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਦੀ ਪ੍ਰਾਪਤੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਅਤੇ ਯੂਟੀ ਐਂਪਲਾਈਜ਼ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਹਾਈ ਪਾਵਰ ਕਮੇਟੀ ਦੀ ਮੀਟਿੰਗ 8 ਜਨਵਰੀ ਨੂੰ ਹੋ ਰਹੀ ਹੈ। ਜਿਸ ਵਿੱਚ ਵੱਡੇ ਸੰਘਰਸ਼ ਦੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ 4 ਸਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਵਿੱਚ ਰੱਖਿਆ ਹੈ। ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਡੀਏ ਦੀਆਂ ਕਿਸ਼ਤਾਂ ਸਮੇਤ ਬਕਾਏ 6ਵੇਂ ਪੇ-ਕਮਿਸ਼ਨ ਰੋਕ ਕੇ ਰੱਖਿਆ ਹੋਇਆ ਹੈ ਜੋ ਕਿ ਸਿੱਧੇ ਤੌਰ ਤੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੱਕਾ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…