ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਟਰੱਕ ਡਰਾਈਵਰਾਂ ਦੀ ਹੜਤਾਲ ਦੀ ਪੂਰਨ ਹਮਾਇਤ ਦਾ ਐਲਾਨ

ਦੇਸ਼ ਵਿੱਚ ਜ਼ਰੂਰੀ ਵਸਤਾਂ ਲਈ ਹਾਲਾਤ ਖ਼ਰਾਬ ਨਾ ਕਰੇ ਕੇਂਦਰ ਸਰਕਾਰ: ਪਰਮਦੀਪ ਬੈਦਵਾਨ

ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦਾ ਸਮਰਥਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲੰਮੀ ਵਿਚਾਰ ਚਰਚਾ ਤੋਂ ਬਾਅਦ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੀ ਪੂਰਨ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਢੰਗ ਨਾਲ ਮਨਮਾਨੇ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ ਅਤੇ ਮਨਮਰਜ਼ੀ ਦੇ ਕਾਨੂੰਨ ਪਾਸ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ ਕਿਉਂਕਿ ਕੇਂਦਰ ਦੀ ਅੜੀ ਕਾਰਨ ਇਸ ਦੇ ਬਹੁਤ ਮਾੜੇ ਨਤੀਜੇ ਨਿਕਲ ਸਕਦੇ ਹਨ। ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਨਾ ਪੈ ਸਕਦਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਕੇਂਦਰ ਸਰਕਾਰ ਟਰੱਕ ਡਰਾਈਵਰਾਂ ਖ਼ਿਲਾਫ਼ ਕਾਨੂੰਨ ਲੈ ਕੇ ਆਈ ਹੈ ਅਤੇ ਇਸ ਨੂੰ ਗੁਪਤ ਤਰੀਕੇ ਨਾਲ ਲਾਗੂ ਕੀਤਾ ਗਿਆ ਹੈ, ਉਸਦੇ ਖ਼ਿਲਾਫ਼ ਟਰੱਕ ਡਰਾਈਵਰਾਂ ਦਾ ਰੋਸ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਬਣਾਇਆ ਜਾਣਾ ਚਾਹੀਦਾ ਹੈ ਪ੍ਰੰਤੂ ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ, ਉਸੇ ਤਰ੍ਹਾਂ ਇਹ ਕਾਨੂੰਨ ਵੀ ਵਾਪਸ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਕਾਨੂੰਨ ਤੁਰੰਤ ਵਾਪਸ ਨਹੀਂ ਲਿਆ ਅਤੇ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ। ਕਿਸਾਨ ਯੂਨੀਅਨ ਰਾਜੇਵਾਲ ਉਸ ਦਾ ਪੂਰਾ ਸਮਰਥਨ ਕਰੇਗਾ।
ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਪੂਨੀਆ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ੇਰ ਸਿੰਘ, ਇਕਬਾਲ ਸਿੰਘ ਅਤੇ ਜਸਵਿੰਦਰ ਸਿੰਘ ਬਿੱਟੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …