
ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਮੁਹਾਲੀ ਵਿੱਚ ਰੈਲੀ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਪੰਜ ਅਗਸਤ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਪੁੱਡਾ ਗਰਾਉਂਡ ਵਿੱਚ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਵਿੱਚ ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਰਾਲਾ, ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਅਵਤਾਰ ਸਿੰਘ, ਜਸਵਿੰਦਰ ਸਿੰਘ, ਧਰਮ ਸਿੰਘ, ਜਥੇਦਾਰ ਬਲਜਿੰਦਰ ਸਿੰਘ ਬਲਾਕ ਪ੍ਰਧਾਨ ਮੁਹਾਲੀ, ਹਰਦੀਪ ਸਿੰਘ, ਜਥੇਦਾਰ ਬਲਬੀਰ ਸਿੰਘ ਪ੍ਰਧਾਨ ਸਰਕਲ ਸੋਹਾਣਾ ਅਤੇ ਗੁਰਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਜਦੋਂਕਿ ਸੂਬੇ ਦੀਆਂ ਨਹਿਰਾਂ ਦਾ ਪਾਦੀ ਪ੍ਰਦੂਸ਼ਿਤ ਹੋ ਰਿਹਾ ਹੈ, ਜੋ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਿਸਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ 31 ਜੁਲਾਈ ਤੱਕ ਬੂਟੇ ਲਾਉਣ ਦਾ ਟੀਚਾ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਗੁਰੂਘਰਾਂ, ਸਕੂਲਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਬੂਟੇ ਲਗਾਏ ਜਾਣਗੇ।
ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਪਾਣੀਆਂ ਦੇ ਮੁੱਦੇ ’ਤੇ ਮੁਹਾਲੀ ਵਿੱਚ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਕਾਸ਼ਤ ਕਰਨਾ ਬਹੁਤ ਅੌਖਾ ਹੈ ਕਿਉਂਕਿ ਸਿੰਜਾਈ ਲਈ ਕਿਸਾਨਾਂ ਨੂੰ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਵੀ ਨਹੀਂ ਮਿਲ ਰਹੀ ਹੈ।