ਕੋਲਕਾਤਾ ਕਾਂਡ: ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਤੇ ਸਟਾਫ਼ ਦੀ ਸੁਰੱਖਿਆ ਲਈ ਪੁਲੀਸ ਨੇ ਚੌਕਸੀ ਵਧਾਈ

ਐੱਸਐੱਸਪੀ ਨੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ (ਮਹਿਲਾ ਟਰੇਨੀ ਡਾਕਟਰ) ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਕਤਲ ਦੀ ਵਾਰਦਾਤ ਤੋਂ ਮੁਹਾਲੀ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪਹਿਲਾਂ ਨਾਲੋਂ ਵਧੇਰੇ ਚੌਕਸੀ ਵਧਾ ਦਿੱਤੀ ਹੈ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕਰਕੇ ਸੁਰੱਖਿਆ ਵਿਵਸਥਾ ਦੀ ਜਾਂਚ ਕੀਤੀ ਅਤੇ ਹਸਪਤਾਲਾਂ ਦੀ ਸੁਰੱਖਿਆ ਟੀਮ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਮੌਕੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸਐੱਸਪੀ ਨੇ ਅੱਜ ਸੁਪਰ ਸਪੈਸਲਿਟੀ ਆਈ ਤੇ ਜਨਰਲ ਹਸਪਤਾਲ ਸੋਹਾਣਾ, ਫੋਰਟਿਸ ਹਸਪਤਾਲ, ਮਾਇਓ ਹਸਪਤਾਲ, ਸ਼ੈਲਬੀ, ਕਾਸਮੋ ਅਤੇ ਪੁਲੀਸ ਸਬ ਡਵੀਜ਼ਨ-2 ਅਧੀਨ ਆਉਂਦੇ ਹੋਰਨਾਂ ਹਸਪਤਾਲਾਂ ਦਾ ਦੌਰਾ ਕਰਕੇ ਮਹਿਲਾ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਬਾਬਤ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪੁਲੀਸ ਮੁਖੀ ਨੇ ਹਸਪਤਾਲਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਖ਼ੁਦ ਜਾਂਚ ਕੀਤੀ ਅਤੇ ਸੁਰੱਖਿਆ ਵਿਵਸਥਾ ਦੀਆਂ ਖ਼ਾਮੀਆਂ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਗਿਆ। ਫੋਰਟਿਸ ਹਸਪਤਾਲ ਵਿੱਚ ਪਹੁੰਚੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਵੱਲੋਂ ਹਸਪਤਾਲਾਂ ਵਿੱਚ ਕੰਮ ਕਰਦੇ ਸਟਾਫ਼ ਅਤੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਵੱਖ-ਵੱਖ ਹਸਪਤਾਲਾਂ ਦੀ ਸੁਰੱਖਿਆ ਵਿਵਸਥਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਸਟਾਫ਼ ਨੂੰ ਸੁਰੱਖਿਆ ਵਿਵਸਥਾ ਵਿਚਲੀਆਂ ਖ਼ਾਮੀਆਂ ਤੁਰੰਤ ਦੂਰ ਕਰਨ ਲਈ ਕਿਹਾ ਗਿਆ ਹੈ। ਉਂਜ ਐੱਸਐੱਸਪੀ ਨੇ ਕਿਹਾ ਕਿ ਇਸ ਕਾਰਵਾਈ ਦਾ ਕੋਲਕਾਤਾ ਵਿੱਚ ਵਾਪਰੀ ਬਲਾਤਕਾਰ ਅਤੇ ਕਤਲ ਦੀ ਵਾਰਦਾਤ ਨਾਲ ਕੋਈ ਸਬੰਧ ਨਹੀਂ ਹੈ ਪ੍ਰੰਤੂ ਪੁਲੀਸ ਵੱਲੋਂ ਇੱਥੇ ਅਜਿਹੀ ਕਿਸੇ ਵਾਰਦਾਤ ਨੂੰ ਵਾਪਰਨ ਤੋਂ ਰੋਕਣ ਲਈ ਅਗਾਊਂ ਕਾਰਵਾਈ ਕੀਤੀ ਜਾ ਰਹੀ ਹੈ।
ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਆਂ ਹਦਾਇਤਾਂ ’ਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹਸਪਤਾਲਾਂ ਦੀ ਸੁਰੱਖਿਆ ਵਿਵਸਥਾ ਦੀ ਜਾਂਚ ਦੇ ਨਾਲ-ਨਾਲ ਹਸਪਤਾਲਾਂ ਦੇ ਆਪ-ਪਾਸ ਪੁਲੀਸ ਗਸ਼ਤ ਵੀ ਵਧਾਈ ਜਾ ਰਹੀ ਹੈ ਅਤੇ ਰਾਤ ਸਮੇਂ ਪੈਟਰੋਲਿੰਗ ਤੇਜ਼ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…