
ਕੋਟਕਪੁਰਾ ਗੋਲੀਕਾਂਡ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੁਹਾਲੀ ਵਿੱਚ ਹੋਵੇਗੀ ਪੁੱਛਗਿੱਛ
ਸਿੱਟ ਵੱਲੋਂ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ
ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ:
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗੱਠਜੋੜ ਕਰਕੇ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਨ ਨਾਲ ਪੈਦਾ ਹੋਏ ਨਵੇਂ ਸਿਆਸੀ ਸਮੀਕਰਨ ਦੇ ਅਗਲੇ ਦਿਨ ਪੰਜਾਬ ਸਰਕਾਰ ਨੇ ਬਾਦਲਾਂ ਖਿਲਾਫ਼ ਕਾਨੂੰਨੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।
ਪਿੰਡ ਬਰਗਾੜੀ ਸਮੇਤ ਹੋਰ ਵੱਖ-ਵੱਖ ਥਾਵਾਂ ਉੱਤੇ ਵਾਪਰੀਆਂ ਬੇਅਦਬੀ ਦੀਆਂ ਘਟਨਾ ਤੋਂ ਬਾਅਦ 2015 ਵਿੱਚ ਕੋਟਕਪੁਰਾ ਵਿੱਚ ਪੁਲੀਸ ਵੱਲੋਂ ਕੀਤੀ ਗਈ ਫਾਇਰਿੰਗ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ ਏਡੀਜੀਪੀ ਐਲ.ਕੇ.ਯਾਦਵ ਦੀ ਅਗਵਾਈ ਹੇਠ ਗਠਿਤ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਤਲਬ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਵੱਡੇ ਬਾਦਲ ਨੂੰ ਸਿੱਟ ਨੇ 16 ਜੂਨ ਲਈ ਸੰਮਨ ਭੇਜੇ ਗਏ ਹਨ। ਇਸ ਦਿਨ ਉਹਨਾਂ ਨੂੰ ਸਵੇਰੇ 10.30 ਵਜੇ ਮੁਹਾਲੀ ਸਥਿਤ ਪੰਜਾਬ ਰਾਜ ਪਾਵਰਕੌਮ ਦੇ ਰੈਸਟ ਹਾਊਸ ਵਿੱਚ ਸਿੱਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਸੀਨੀਅਰ ਆਈਪੀਅੈਸ ਅਧਿਕਾਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਪਿਛਲੇ ਸਾਲ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।