
ਕੁਲਜੀਤ ਬੇਦੀ ਨੇ ਸ੍ਰੀ ਹਨੂੰਮਾਨ ਮੰਦਰ ਫੇਜ਼-3ਬੀ2 ਵਿੱਚ ਕੋਵਿਡ ਵੈਕਸੀਨ ਕੈਂਪ ਲਗਾਇਆ
45 ਸਾਲ ਤੋਂ ਵੱਧ ਉਮਰ ਦੇ ਪੁਰਸ਼ ਤੇ ਅੌਰਤਾਂ ਨੂੰ ਕੋਵਿਡ ਵੈਕਸੀਨ ਲਗਵਾਉਣਾ ਜ਼ਰੂਰੀ: ਜੀਤੀ ਸਿੱਧੂ
ਕੌਂਸਲਰ ਕੁਲਜੀਤ ਬੇਦੀ ਨੇ ਵਾਰਡ ਵਾਸੀਆਂ ਨਾਲ ਮਿਲ ਕੇ ਖ਼ੁਦ ਵੀ ਲਗਵਾਈ ਕੋਵਿਡ ਵੈਕਸੀਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਨਿਗਮ ਮੋਹਾਲੀ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਅੱਜ ਫੇਜ਼-3ਬੀ2 ਸਥਿਤ ਸ੍ਰੀ ਹਨੂੰਮਾਨ ਮੰਦਰ ਵਿਖੇ ਕੋਵਿਡ ਵੈਕਸੀਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਹਿਕਾਰੀ ਬੈਂਕ ਦੇ ਚੇਅਰਮੈਨ ਅਤੇ ਕੌਂਸਲਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਕੀਤਾ ਗਿਆ ਜਦਕਿ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਾਰਡ ਨੰਬਰ-8 ਦੇ ਨਿਵਾਸੀਆਂ ਨਾਲ ਮਿਲ ਕੇ ਖੁਦ ਵੀ ਕੋਵਿਡ ਵੈਕਸੀਨ ਲਗਵਾਈੇ। ਅੱਜ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਏ ਗਏ ਇਸ ਕੈਂਪ ਵਿੱਚ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕੁੱਲ 80 ਵਿਅਕਤੀਆਂ ਨੇ ਵੈਕਸੀਨ ਲਗਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਲਈ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨੇਸ਼ਨ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਚੁੱਕਣਾ ਚਾਹੀਦਾ ਹੈ ਤਾਂ ਜੋ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਹਰ 45 ਸਾਲ ਤੋਂ ਉੱਪਰ ਵਾਲੇ ਅੌਰਤਾਂ ਤੇ ਮਰਦਾਂ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਪ੍ਰੰਤੂ ਇਹ ਗੱਲ ਵੀ ਬਿਲਕੁਲ ਨਹੀਂ ਭੁੱਲਣੀ ਚਾਹੀਦੀ ਕਿ ਟੀਕਾ ਲਗਵਾਉਣ ਤੋਂ ਬਾਅਦ ਵੀ ਕਰੋਨਾ ਸਬੰਧੀ ਸਰਕਾਰੀ ਹਦਾਇਤਾਂ ਵਿੱਚ ਮਾਸਕ ਲਗਾਉਣਾ, ਦੋ ਗਜ਼ ਦੀ ਸਰੀਰਕ ਦੂਰੀ ਆਦਿ ਦਾ ਵੀ ਖਿਆਲ ਰੱਖਣਾ ਵੀ ਜ਼ਰੂਰੀ ਹੈ। ਬਿਨਾ ਕੰਮ ਤੋਂ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਜਾਇਆ ਜਾਵੇ। ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ ਨੇ ਇਸ ਕੋਵਿਡ ਵੈਕਸੀਨ ਕੈਂਪ ਦੀ ਸ਼ਲਾਘਾ ਕੀਤੀ।
ਅੰਤ ਵਿੱਚ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਕੈਂਪ ਵਿੱਚ ਪਹੁੰਚ ਕੇ ਵੈਕਸੀਨ ਲਗਵਾਉਣ ਵਾਲੇ ਲੋਕਾਂ ਅਤੇ ਸ੍ਰੀ ਹਨੂੰਮਾਨ ਮੰਦਰ ਕਮੇਟੀ ਦੇ ਪ੍ਰਧਾਨ ਪ੍ਰੇਮ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਮੇਟੀ ਵੱਲੋਂ ਕੈਂਪ ਲਗਾਉਣ ਲਈ ਦਿੱਤੇ ਗਏ ਸਹਿਯੋਗ ਬਦਲੇ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਮ ਸਰੂਪ ਜੋਸ਼ੀ, ਦਲਬੀਰ ਸਿੰਘ ਕਾਨੂੰਨਗੋ, ਅਮਰੀਕ ਸਿੰਘ ਭੱਟੀ, ਜਤਿੰਦਰ ਸਿੰਘ ਜੌਲੀ, ਪਰਮਜੀਤ ਸਿੰਘ ਮਾਵੀ ਆਦਿ ਵੀ ਹਾਜ਼ਰ ਸਨ।