Nabaz-e-punjab.com

ਕੁਲਵੰਤ ਸਿੰਘ ਨੇ ਆਪ ਦੇ ਤਿੰਨ ਆਗੁੂਆਂ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂ, ਮੀਤ ਪ੍ਰਧਾਨ ਸ਼ੀਰਾ ਭਨਭੌਰਾ ਅਤੇ ਆਪ ਦੀ ਪੰਜਾਬ ਇਕਾਈ ਦੇ ਫਾਊਂਡਰ ਮੈਂਬਰ ਮੋਹਰਾ ਸਿੰਘ ਅਣਜਾਣ ਦੇ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਦਾ ਦਾਅਵਾ ਦਾਇਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਦੇ ਵਕੀਲ ਰਾਜੇਸ ਗੁਪਤਾ ਨੇ ਦੱਸਿਆ ਕਿ ਬੀਤੇ ਕੱਲ੍ਹ ਆਪ ਦੇ ਯੂਥ ਵਿੰਗ ਦੇ ਆਗੂ ਗੁਰਤੇਜ ਸਿੰਘ ਪੰਨੂ, ਸ਼ੀਰਾ ਭਨਭੌਰਾ ਅਤੇ ਮੋਹਰਾ ਸਿੰਘ ਅਣਜਾਣ ਨੇ ਚੰਡੀਗੜ੍ਹ ਵਿੱਚ ਪੱਤਰਕਾਰ ਸੰਮੇਲੇਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਅਤੇ ਉੱਘੇ ਕਾਰੋਬਾਰੀ ਕੁਲਵੰਤ ਸਿੰਘ ’ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ (ਕੁਲਵੰਤ ਸਿੰਘ) ਨੇ ਆਮ ਆਦਮੀ ਪਾਰਟੀ ਨੂੰ ਪੈਸੇ ਦੇ ਕੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਟਿਕਟ ਖਰੀਦੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਵੱਲੋਂ ਕਹੀ ਗਈ ਇਹ ਗੱਲ ਕੁਲਵੰਤ ਸਿੰਘ ਦੀ ਸਾਫ਼-ਸੁਥਰੀ ਸ਼ਖ਼ਸੀਅਤ ਦੇ ਖ਼ਿਲਾਫ਼ ਹੈ ਅਤੇ ਇਨ੍ਹਾਂ ਵਿਅਕਤੀਆਂ ਵੱਲੋਂ ਲਗਾਏ ਗਏ ਝੂਠੇ ਤੇ ਬੇਬੁਨਿਆਦ ਦੋਸ਼ਾਂ ਕਾਰਨ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਨੂੰ ਕਾਫ਼ੀ ਮਾਨਸਿਕ ਪ੍ਰੇਸ਼ਾਨੀ ਹੋਈ ਹੈ।
ਵਕੀਲ ਰਾਜੇਸ਼ ਗੁਪਤਾ ਨੇ ਕਿਹਾ ਕਿ ਇਲਾਕੇ ਦਾ ਬੱਚਾ-ਬੱਚਾ ਜਾਣਦਾ ਹੈ ਕਿ ਕੁਲਵੰਤ ਸਿੰਘ ਲੰਮੇ ਸਮੇਂ ਤੋਂ ਸਮਾਜ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਗਰੀਬ ਲੋੜਵੰਦਾਂ ਪਰਿਵਾਰਾਂ ਦੀ ਬਿਨਾਂ ਕਿਸੇ ਲੋਭ ਲਾਲਚ ਤੋਂ ਨਿਸ਼ਕਾਮ ਸੇਵਾ ਕੀਤੀ ਅਤੇ ਹੁਣ ਉਹ ਪੰਜਾਬ ਦੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਹਨ। ਹਾਲਾਂਕਿ ਕੁਲਵੰਤ ਸਿੰਘ ਦੀ ਸਾਫ਼-ਸੁਥਰੀ ਛਵੀ ਬਾਰੇ ਸਫ਼ਾਈ ਦੇਣ ਦੀ ਲੋੜ ਨਹੀਂ ਹੈ ਪਰ ਉਕਤ ਨੌਜਵਾਨਾਂ ਨੇ ਉਨ੍ਹਾਂ ਵਿਰੁੱਧ ਆਪ ਦੀ ਟਿਕਟ ਪੈਸੇ ਨਾਲ ਖਰੀਦਣ ਦਾ ਦੋਸ਼ ਲਗਾ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਨੌਜਵਾਨਾਂ ਨੇ ਆਪਣੀ ਗਲਤੀ ਦੀ ਲਿਖਤੀ ਅਤੇ ਜਨਤਕ ਮੁਆਫ਼ੀ ਨਹੀਂ ਮੰਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮੁਕੱਦਮਾ ਦਾਇਰ ਕਰਨ ਲਈ ਕਾਨੂੰਨੀ ਪੈਰਵਾਈ ਕਰਨਗੇ।
ਉਧਰ, ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੇ ਪਿੱਛੇ ਜਿਹੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੜੀਆਂ ਸਨ ਅਤੇ ਉਦੋਂ ਤੋਂ ਹੀ ਉਹ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ, ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਦੇ ਸੰਪਰਕ ਵਿੱਚ ਸਨ। ਪਾਰਟੀ ਨੇ ਉਨ੍ਹਾਂ ਲੰਮੀ ਸੋਚ ਵਿਚਾਰ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਟਿਕਟ ਦੇ ਕੇ ਮੁਹਾਲੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਆਪ ਦੀ ਚੋਣ ਮੁਹਿੰਮ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਦੀ ਤਰੱਕੀ ਚਾਹੁਣ ਵਾਲੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…