
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੇ ਘਰ ਦੇ ਬਨੇਰੇ ’ਤੇ ਲਹਿਰਾਇਆ ‘ਕਾਲਾ ਝੰਡਾ’
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਦੀ ਬਲੈਕ ਡੇਅ ਮਨਾਉਣ ਦੀ ਅਪੀਲ ਦਾ ਸਮਰਥਨ ਕਰਦਿਆਂ ਆਪਣੇ ਦਫ਼ਤਰ ਅਤੇ ਘਰ ਦੇ ਬਨੇਰੇ ’ਤੇ ਕਾਲਾ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਮਜ਼ਦੂਰ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਲੜੀਵਾਰ ਧਰਨੇ ’ਤੇ ਬੈਠੇ ਹਨ ਅਤੇ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ਦੇਸ਼ ਦੇ ਹੁਕਮਰਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਅਤੇ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਕਾਰਨ ਪੂਰੇ ਦੇਸ਼ ਵਿੱਚ ਰੋਸ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਤਿੰਨੇ ਕਾਲੇ ਖੇਤੀ ਕਾਨੂੰਨ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਣ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਜੋ ਵੀ ਪ੍ਰੋਗਰਾਮ ਉਲੀਕਿਆਂ ਜਾਵੇਗਾ। ਆਜ਼ਾਦ ਗਰੁੱਪ ਬਿਨਾਂ ਸ਼ਰਤ ਉਸ ਦਾ ਸਮਰਥਨ ਕਰੇਗਾ ਅਤੇ ਸੰਘਰਸ਼ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।