ਸਾਬਕਾ ਮੇਅਰ ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ

ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਬੇਹੱਦ ਪਸੰਦ ਕਰ ਰਹੇ ਨੇ ਲੋਕ: ਜਸਵੰਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਆਪਣੇ ਪਤੀ ਦੀ ਚੋਣ ਮੁਹਿੰਮ ਨੂੰ ਸੰਭਾਲਦੇ ਹੋਏ ਸ਼ੁੱਕਰਵਾਰ ਨੂੰ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਸ਼ਹਿਰ ਦੀਆਂ ਅੌਰਤਾਂ ਨੂੰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦੇ ਮਾਡਲ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਉਹ ਬੀਬੀਆਂ ਦੇ ਵੱਡੇ ਕਾਫ਼ਲੇ ਨਾਲ ਇੱਥੋਂ ਦੇ ਸੈਕਟਰ-68 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਸਵੰਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਵੰਤ ਕੌਰ ਨੇ ਕਿਹਾ ਕਿ ਉਸ ਦੇ ਪਤੀ ਕੁਲਵੰਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੇ ਮੇਅਰ ਵਜੋਂ ਪਿਛਲੇ 5 ਸਾਲਾਂ ਵਿੱਚ ਕੀਤੇ ਸ਼ਹਿਰ ਦੇ ਵਿਕਾਸ ਬਾਰੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਹੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਕਈ ਨਵੇਂ ਪ੍ਰਾਜੈਕਟ ਲਿਆਂਦੇ ਗਏ ਜਦੋਂਕਿ ਨਗਰ ਨਿਗਮ ’ਤੇ ਮੌਜੂਦਾ ਕਾਬਜ਼ ਧਿਰ ਸਿਰਫ਼ ਫੌਕੀ ਬਿਆਨਬਾਜ਼ੀ ਤੱਕ ਹੀ ਸੀਮਤ ਹੈ। ਸ਼ਹਿਰ ਵਿੱਚ ਜਿਹੜੇ ਵੀ ਵਿਕਾਸ ਕੰਮ ਚੱਲ ਰਹੇ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਕੁਲਵੰਤ ਸਿੰਘ ਦੇ ਮੇਅਰ ਵਜੋਂ ਹਾਊਸ ਵਿੱਚ ਪਾਸ ਕੀਤੇ ਹੋਏ ਕੰਮ ਹਨ।

ਇਸ ਦੌਰਾਨ ਸਮਾਜ ਸੇਵਕਾ ਬੀਬੀ ਸਵਰਨ ਕੌਰ ਦੇ ਘਰ ਸ਼ਹਿਰ ਦੀਆਂ ਅੌਰਤਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਸਵੰਤ ਕੌਰ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਆਪ ਦੀ ਸਰਕਾਰ ਬਣਨ ’ਤੇ ਮੁਹੱਲਾ ਕਲੀਨਿਕ ਅਤੇ ਹੋਰ ਪ੍ਰਾਜੈਕਟ ਆਉਣ ਦੀ ਆਸ ਹੈ। ਇਸ ਮੌਕੇ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਬੀਬੀ ਸਵਰਨ ਕੌਰ, ਬੀਬੀ ਭੁਪਿੰਦਰ, ਕੌਰ, ਕੁਲਵੀਰ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਅੌਰਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

Punjab to host Punjab Arena Polo Challenge Cup during Holla Mohalla celebrations in Sri Anandpur Sahib, Says S. Kultar Singh Sandhwan

Punjab to host Punjab Arena Polo Challenge Cup during Holla Mohalla celebrations in Sri An…