
ਲੋੜਵੰਦ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹੁਣ ਵਕਾਲਤ ਸ਼ੁਰੂ ਕਰਨਗੇ ਕੁੰਵਰ ਵਿਜੇ ਪ੍ਰਤਾਪ
ਕੁੰਵਰ ਵਿਜੇ ਪ੍ਰਤਾਪ ਦੇ ਤਾਜ਼ਾ ਫੈਸਲੇ ਦੀ ਚੁਫੇਰਿਓਂ ਸ਼ਲਾਘਾ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਅਪਰੈਲ:
ਪੰਜਾਬ ਪੁਲੀਸ ਦੇ ਆਈਜੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ਵਕਾਲਤ ਕਰਨ ਦਾ ਮਨ ਬਣਾ ਲਿਆ ਹੈ। ਇਸ ਅਧਿਕਾਰੀ ਨੇ ਵਕਾਲਤ ਕਰਨ ਲਈ ਹੁਣ ਚੰਡੀਗੜ੍ਹ ਬਾਰ ਕੌਂਸਲ ਤੋਂ ਲਾਇਸੈਂਸ ਵੀ ਪ੍ਰਾਪਤ ਕਰ ਲਿਆ ਹੈ। ਇਸ ਹੋਣਹਾਰ ਅਤੇ ਇਮਾਨਦਾਰੀ ਅਧਿਕਾਰੀ ਨੂੰ ਬਾਰ ਕੌਂਸਲ ਨੇ ਅਨੁਸ਼ਾਸਨਿਕ ਕਮੇਟੀ ਦੇ ਮੈਂਬਰ ਵਜੋਂ ਵੀ ਕੋਆਪਿਟ ਕਰ ਲਿਆ ਹੈ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਕੁੱਝ ਦਿਨ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਤੋਂ ਲਾਂਭੇ ਕਰਨ ਦੇ ਫੈਸਲੇ ਤੋਂ ਸਖ਼ਤ ਖ਼ਫਾ ਹੋ ਕੇ ਉਕਤ ਅਧਿਕਾਰੀ ਨੇ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦਾ ਅਸਤੀਫ਼ਾ ਪੰਜਾਬ ਸਰਕਾਰ ਨੇ ਮਨਜ਼ੂਰ ਕਰਵਾ ਲਿਆ ਹੈ। ਹੁਣ ਇਸ ਅਧਿਕਾਰੀ ਨੇ ਵਕਾਲਤ ਕਰਨ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਨੇ ਬਾਕਾਇਦਾ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਤੋਂ ਲਾਇਸੈਂਸ ਪ੍ਰਾਪਤ ਕਰ ਲਿਆ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਹੁਣ ਉਹ ਬਿਨਾਂ ਕਿਸੇ ਲੋਭ ਲਾਲਚ ਤੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਗਰੀਬ ਲੋੜਵੰਦਾਂ ਦੀ ਮਦਦ ਕਰਨਗੇ ਅਤੇ ਉਨ੍ਹਾਂ ਦੇ ਕੇਸਾਂ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਪੈਰਵਾਈ ਕਰਨਗੇ। ਉਨ੍ਹਾਂ ਦੇ ਇਸ ਫੈਸਲੇ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।