
ਕੁਰਾਲੀ ਪੁਲੀਸ ਨੇ ਪੈਰਾ ਮਿਲਟਰੀ ਫੋਰਸ ਨਾਲ ਮਿਲ ਕੇ ਕੱਢਿਆ ਪੈਦਲ ਫਲੈਗ ਮਾਰਚ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ:
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁਰਾਲੀ ਪੁਲੀਸ ਵੱਲੋਂ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨਾਲ ਸ਼ਹਿਰ ਵਿੱਚ ਕੁਰਾਲੀ ਥਾਣੇ ਦੇ ਐਸਐਚਓ ਸਤਨਾਮ ਸਿੰਘ ਵਿਰਕ ਅਤੇ ਟਰੈਫ਼ਿਕ ਪੁਲਿਸ ਦੇ ਇੰਚਾਰਜ ਰਜਿੰਦਰ ਸਿੰਘ ਦੀ ਅਗਵਾਈ ਹੇਠ ਪੈਦਲ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਮੇਨ ਬੱਸ ਸਟੈਂਡ ਤੋਂ ਸ਼ੁਰ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜਰਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਮਤਦਾਨ ਕਰਨ ਲਈ ਪ੍ਰੇਰਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਚੋਣਾਂ ਵਿੱਚ ਗਲਤ ਅਨਸਰਾਂ ਨਕੇਲ ਕਸਨ ਲਈ ਪੈਦਲ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਚੋਣਾਂ ਦਾ ਮਹੌਲ ਸ਼ਾਂਤੀਪੂਰਵਕ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਲਾਕੇ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜਿਥੇ ਪੈਰਾ ਮਿਲਟਰੀ ਫੋਰਸ ਫਲੈਗ ਮਾਰਚ ਕੱਢਦੀ ਰਹੇਗੀ ਉਥੇ ਨਾਲ ਹੀ ਇਲਾਕੇ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।