ਮਜ਼ਦੂਰ ਦਿਵਸ: ਜੀਓ ਤੇ ਰਿਲਾਇੰਸ ਟਾਵਰਾਂ ਦੇ 150 ਕਰਮਚਾਰੀ ਫਾਰਗ, ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਵਿਸ਼ਵ ਦੁਨੀਆ ਭਰ ਵਿੱਚ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਤ ਮਜ਼ਦੂਰਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਗੱਲ ਕੀਤੀ ਗਈ, ਪਰ ਉੱਥੇ ਦੂਜੇ ਪਾਸੇ ਜੀਓ ਅਤੇ ਰਿਲਾਇੰਸ ਦੇ ਟਾਵਰਾਂ ’ਤੇ ਪਿਛਲੇ ਡੇਢ ਦਹਾਕੇ ਤੋਂ ਕੰਮ ਕਰਦੇ ਆ ਰਹੇ ਮਜ਼ਦੂਰਾਂ ਨੂੰ ਅੱਜ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ। ਰਿਲਾਇੰਸ ਅਤੇ ਜੀਓ ਕੰਪਨੀ ਦੇ ਟਾਵਰ ਮਜ਼ਦੂਰ ਯੂਨੀਅਨ ਵੱਲੋਂ ਮੁਹਾਲੀ ਸਥਿਤ ਕੰਪਨੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਰੀਬ 15 ਸਾਲਾਂ ਤੋਂ ਰਿਲਾਇੰਸ ਕਮਿਊਨੀਕੇਸ਼ਨ ਵਿੱਚ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਰਿਲਾਇੰਸ ਕੰਪਨੀ ਵੱਲੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਠੇਕੇਦਾਰੀ ਸਿਸਟਮ ਵਿੱਚ ਤਬਦੀਲ ਕਰ ਦਿੱਤਾ ਅਤੇ ਬਾਅਦ ਵਿੱਚ ਜੀਓ ਨੇ ਰਿਲਾਇੰਸ ਕਮਿਊਨੀਕੇਸ਼ਨ ਨੂੰ ਖ਼ਰੀਦ ਲਿਆ। ਹੁਣ ਜੀਓ ਨੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਮਜ਼ਦੂਰਾਂ ਦੀ ਗੈਰ ਕਾਨੂੰਨੀ ਤਰੀਕੇ ਨਾਲ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਰਮਚਾਰੀਆਂ ਨੇ ਲੇਬਰ ਕਮਿਸ਼ਨਰ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ, ਪ੍ਰੰਤੂ ਪ੍ਰਬੰਧਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਰੋਸ ਵਜੋਂ ਅੱਜ ਮਜ਼ਦੂਰ ਦਿਵਸ ’ਤੇ ਪੰਜਾਬ ਭਰ ਦੇ ਸੈਂਕੜੇ ਮਜ਼ਦੂਰਾਂ ਵੱਲੋਂ ਕੰਪਨੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਫ਼ਾਰਗ ਕੀਤੇ ਮਜ਼ਦੂਰਾਂ ਨੂੰ ਵਾਪਸ ਡਿਊਟੀ ’ਤੇ ਲੈਣ ਦੀ ਮੰਗ ਕੀਤੀ।
ਪੰਜਾਬ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੱੁਘ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਜੜੌਤ, ਕਾਮਰੇਡ ਬਲਵਿੰਦਰ ਸਿੰਘ ਨੇ ਵੀ ਪੀੜਤ ਕਾਮਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਏਟਕ ਮਜ਼ਦੂਰਾਂ ਦੀ ਪਿੱਠ ’ਤੇ ਖੜੀ ਹੈ ਅਤੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੇਬਰ ਕਮਿਸ਼ਨਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਫ਼ਾਰਗ ਕੀਤੇ ਮਜ਼ਦੂਰਾਂ ਨੂੰ ਵਾਪਸ ਨੌਕਰੀ ’ਤੇ ਨਾ ਰੱਖਿਆ ਗਿਆ ਅਤੇ ਪ੍ਰਬੰਧਕਾਂ ਖ਼ਿਲਾਫ਼ ਮੁਕੱਦਮਾ ਦਰਜ ਨਾ ਕੀਤਾ ਗਿਆ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਚਮਕੌਰ ਸਿੰਘ, ਹਰਚੰਦ ਸਿੰਘ, ਜਗੀਰ ਸਿੰਘ ਅਤੇ ਸਾਂਕੀ ਲਾਲ ਸਮੇਤ ਹੋਰ ਕਿਰਤੀਆਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…