Nabaz-e-punjab.com

ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਜੀਤੀ ਸਿੱਧੂ

ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਜੀਤੀ ਸਿੱਧੂ ਨੇ ਪਿੰਡ ਨੰਡਿਆਲੀ ਦੇ ਵਿਕਾਸ ਲਈ 8 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਐਸ.ਏ.ਐਸ. ਨਗਰ (ਮੁਹਾਲੀ) ਦੇ ਨਵ-ਨਿਯੁਕਤ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਨੰਡਿਆਲੀ ਦੇ ਸਰਬਪੱਖੀ ਵਿਕਾਸ ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨ ਸਮੇਤ ਹੋਰ ਵਿਕਾਸ ਮੁਖੀ ਪ੍ਰਾਜੈਕਟਾਂ ਲਈ 8 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਸ੍ਰੀ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੀ ਵੰਡ ਦੇ ਮਾਮਲੇ ਵਿੱਚ ਕਿਸੇ ਕਿਸਮ ਦਾ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੀ ਰਾਇ ਨਾਲ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਵਿਕਾਸ ਨੀਤੀਆਂ ਸਬੰਧੀ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਪਿੰਡ ਨੰਡਿਆਲੀ ਦੇ ਸਰਪੰਚ ਗੁਰਵਿੰਦਰ ਸਿੰਘ, ਪੰਚ ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਮੋਹਨ ਸਿੰਘ ਸਰਪੰਚ ਪਿੰਡ ਰਾਏਪੁਰ, ਗੁਰਦੀਪ ਸਿੰਘ ਸਰਪੰਚ ਪਿੰਡ ਦੈੜੀ, ਵੀਰ ਪ੍ਰਤਾਪ ਸਿੰਘ ਬਾਵਾ, ਰਣਜੀਤ ਸਿੰਘ ਗਿੱਲ ਸਰਪੰਚ ਪਿੰਡ ਜਗਤਪੁਰਾ ਅਤੇ ਰਮਨਦੀਪ ਸਿੰਘ ਸਰਪੰਚ ਪਿੰਡ ਸ਼ਫੀਪੁਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…