
ਪਾਲਕਾ ਮਾਰਕੀਟ ਦਾ ਬਦਲਗੇ ਮੂੰਹ-ਮੁਹਾਂਦਰਾ, ਸਿੱਧੂ ਨੇ ਰੱਖਿਆ ਵਿਕਾਸ ਕੰਮਾਂ ਦਾ ਨੀਂਹ ਪੱਥਰ
ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦਾ ਵਿਕਾਸ ਵੀ ਸਾਡੀ ਸਿਖਰਲੀ ਤਰਜ਼ੀਹ: ਬਲਬੀਰ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਸ਼ਹਿਰ ਦੇ ਫੇਜ਼ 11 ਦੀ ਮਾਰਕੀਟ ਦਾ ਮੂੰਹ-ਮੁਹਾਂਦਰਾ ਬਦਲਣ ਲਈ 57.86 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਨੀਂਹ ਪੱਥਰ ਰੱਖਿਆ। ਪਾਲਕਾ ਮਾਰਕੀਟ ਵਿਚ ਨੀਂਹ ਪੱਥਰ ਰੱਖਣ ਮਗਰੋਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਰਕੀਟ ਦੇ ਨਵੀਨੀਕਰਨ ਲਈ ਵੱਖ-ਵੱਖ ਵਿਕਾਸ ਕਾਰਜਾਂ ’ਤੇ ਲਗਭਗ 58 ਲੱਖ ਰੁਪਏ ਦੀ ਵੱਡੀ ਰਕਮ ਖ਼ਰਚ ਕੀਤੀ ਜਾਵੇਗੀ ਜਿਸ ਨਾਲ ਇਸ ਮਾਰਕੀਟ ਦਾ ਪੂਰੀ ਤਰ੍ਹਾਂ ਕਾਇਆਕਲਪ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਵੀਨੀਕਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ ਅਤੇ ਵਰਤੀ ਜਾਣ ਵਾਲੀ ਸਮੱਗਰੀ ਉੱਚ ਮਿਆਰ ਦੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਦੇ ਸੁੰਦਰੀਕਰਨ ਦਾ ਕੰਮ ਕਾਫ਼ੀ ਸਮੇਂ ਤੋਂ ਲਟਕਿਆ ਹੋਇਆ ਸੀ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਤਾਂ ਉਨ੍ਹਾਂ ਤੁਰੰਤ ਨਿਜੀ ਦਿਲਚਸਪੀ ਲੈਂਦਿਆਂ ਲੋੜੀਂਦੀ ਰਕਮ ਮਨਜ਼ੂਰ ਕਰਵਾਈ।
ਸ੍ਰੀ ਸਿੱਧੂ ਨੇ ਕਿਹਾ ਕਿ ਫੇਜ਼ 11 ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁਕੀਆਂ ਹਨ ਜਿਨ੍ਹਾਂ ਜ਼ਰੀਏ ਵੱਖ-ਵੱਖ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਾਰਕੀਟਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਤਾਕਿ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ। ਸਿਹਤ ਮੰਤਰੀ ਨੇ ਕਿਹਾ ਕਿ ਹਲਕਾ ਮੁਹਾਲੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਚੱਲ ਰਹੇ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ।
ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਫੇਜ਼ 11 ਬੀਤੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕੀਤਾ। ਜਿਨ੍ਹਾਂ ਵਿੱਚ ਸੀਵਰੇਜ ਪਾਈਪਾਂ ਪਾਉਣ ਲਈ 2 ਕਰੋੜ ਰੁਪਏ, ਵਾਟਰ ਸਪਲਾਈ ਪਾਈਪਾਂ ਲਈ 1 ਕਰੋੜ 35 ਲੱਖ ਰੁਪਏ, ਬਰਸਾਤੀ ਪਾਣੀ ਦੀਆਂ ਪਾਈਪਾਂ ਲਈ 80 ਲੱਖ ਰੁਪਏ, ਮਾਰਕੀਟ ਵਿਚ ਬਾਥਰੂਮਾਂ ਲਈ 9 ਲੱਖ ਰੁਪਏ, ਟਰੈਫ਼ਿਕ ਲਾਈਟਾਂ ਲਈ 11 ਲੱਖ ਰੁਪਏ, ਬੱਸ ਕਿਉ ਸ਼ੈਲਟਰ ਲਈ 8 ਲੱਖ ਰੁਪਏ, ਰੋਡ ਫ਼ੁਟਪਾਥ ਪਾਰਕਿੰਗ ਲਈ 4 ਕਰੋੜ ਰੁਪਏ ਖ਼ਰਚੇ ਗਏ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਿਊਂਸਪਲ ਕਾਰਪੋਰੇਸ਼ਨ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਜਸਵੀਰ ਸਿੰਘ ਮਣਕੂ, ਮਿਊਂਸਪਲ ਕਾਰਪੋਰੇਸ਼ਨ ਦੇ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਐਸਈ ਮੁਕੇਸ਼ ਗਰਗ, ਐਕਸੀਅਨ ਹਰਪ੍ਰੀਤ ਸਿੰਘ, ਐਸਡੀਓ ਸੁਖਵਿੰਦਰ ਸਿੰਘ, ਸੁਨੀਲ ਸ਼ਰਮਾ ਤੇ ਕਮਲਜੀਤ ਸਿੰਘ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਪਾਲਕਾ ਬਾਜ਼ਾਰ ਮਾਰਕੀਟ ਕਮੇਟੀ ਦੇ ਪ੍ਰਧਾਨ ਸੋਹਣ ਲਾਲ, ਮਾਰਕੀਟ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ, ਗੁਰਦਵਾਰਾ ਫੇਜ਼ 11 ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖ਼ਾਲਸਾ, ਚੇਅਰਮੈਨ ਹਰਪਾਲ ਸਿੰਘ ਸੋਢੀ, ਮਾਰਕੀਟ ਪ੍ਰਧਾਨ ਪਵਨ ਜਗਦੰਬਾ, ਮੰਦਰ ਕਮੇਟੀ ਦੇ ਪ੍ਰਧਾਨ ਪ੍ਰਮੋਦ ਮਿਸ਼ਰਾ, ਚਮਨ ਲਾਲ , ਰਾਜ ਕੁਮਾਰ ਸ਼ਾਹੀ ਆਦਿ ਮੌਜੂਦ ਸਨ।