![](https://www.nabaz-e-punjab.com/wp-content/uploads/2021/10/Kisan-Canlde-March.jpg)
ਲਖੀਮਪੁਰ ਖੀਰੀ ਹਾਦਸਾ: ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਮੋਮਬੱਤੀ ਮਾਰਚ ਕੱਢਿਆ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਅਕਤੂਬਰ:
ਅੱਜ ਮਿਤੀ 07/10/2021 ਨੂੰ ਖਰੜ ਸ਼ਹਿਰ ਵਿੱਚ ਲਖੀਮਪੁਰ ਖੀਰੀ (ਉਤਰ ਪ੍ਰਦੇਸ਼) ਵਿੱਚ ਹੋਏ ਕਤਲੇਆਮ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਰਮਨ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਕੁਲਵੰਤ ਸਿੰਘ ਤ੍ਰਿਪੜੀ, ਸਨਪ੍ਰੀਤ ਸਿੰਘ ਦੇਹਕਲਾਂ, ਮਲਕੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਸਮੁੱਚੇ ਖਰੜ ਇਲਾਕਾ ਨਿਵਾਸੀਆਂ ਵੱਲੋਂ ਦੇਰ ਸ਼ਾਮ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਖਰੜ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਜਿਸ ਵਿੱਚ ਬੀਬੀਆਂ ਨੇ ਵੀ ਸ਼ਿਰਕਤ ਕੀਤੀ।
ਕਿਸਾਨ ਆਗੂਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸੀਸ ਮਿਸ਼ਰਾ ਅਤੇ ਉਸ ਦੇ ਸਾਥੀਆਂ ਦੇ ਕਾਰਾਂ ਦੇ ਕਾਫ਼ਲੇ ਨੇ ਜਿਸ ਢੰਗ ਨਾਲ ਲਖੀਮਪੁਰ ਖੀਰੀ (ਯੂਪੀ) ਦੇ ਅੰਦੋਲਨਕਾਰੀ ਕਿਸਾਨਾਂ ਨੂੰ ਤੇਜ਼ ਰਫ਼ਤਾਰ ਗੱਡੀਆਂ ਦੇ ਟਾਇਰਾਂ ਹੇਠਾਂ ਕੁਚਲਿਆ ਹੈ। ਇਸ ਦਰਿੰਦਗੀ ਨੇ 29 ਅਕਤੂਬਰ 1922 ਨੂੰ ਗੁਰੂ ਕੇ ਬਾਗ ਦੇ ਮੋਰਚੇ ਵਿੱਚ ‘ਪੰਜਾ ਸਾਹਿਬ’ ਦੇ ਰੇਲਵੇ ਸਟੇਸ਼ਨ ’ਤੇ ਸ਼ਹੀਦ ਹੋਏ ਸਿਦਕਵਾਨ ਸਿੱਖ ਸ਼ਹੀਦਾਂ ਅਤੇ ਅੰਗਰੇਜ਼ ਹਕੂਮਤ ਦੇ ਜਬਰ ਜੁਲਮ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਆਪਣਾ ਸੰਤੁਲਨ ਖੋਹ ਬੈਠੀ ਹੈ ਅਤੇ ਆਏ ਦਿਨ ਦੇਸ਼ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਮਨੁੱਖਤਾ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਲਖੀਮਪੁਰ ਖੀਰੀ ਦੁਖਾਂਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਫੜ ਕੇ ਤੁਰੰਤ ਜੇਲ੍ਹਾਂ ਵਿੱਚ ਡੱਕਿਆ ਜਾਵੇ।