ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ: ਸਿੱਧੂ ਰਾਹੀਂ ਗਜੇਂਦਰ ਸ਼ੇਖਾਵਤ ਨੂੰ ਮਿਲੇ ਪੀੜਤ ਕਿਸਾਨ

ਕੇਂਦਰੀ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ

ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਮੁਆਵਜ਼ਾ ਦੇਵੇ ਸਰਕਾਰ

ਬਲਜੀਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਮੁੱਦਾ ਚੁੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਪਿਛਲੇ ਕਰੀਬ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨਾ ਜਾਰੀ ਹੈ। ਜਿੱਥੇ ਬੀਤੇ ਕੱਲ੍ਹ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਕੇ ਸੰਘਰਸ਼ ਨੂੰ ਭਖਾ ਦਿੱਤਾ ਸੀ, ਉੱਥੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡਾਂ ਦੇ ਕਿਸਾਨਾਂ ਦੇ ਵਫ਼ਦ ਦੀ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਵਾਈ।
ਕਿਸਾਨਾਂ ਨੇ ਸ਼ੇਖਾਵਤ ਨੂੰ ਇੱਕ ਮੰਗ ਪੱਤਰ ਦੇ ਕੇ ਮੁਹਾਲੀ ’ਚੋਂ ਕੱਢੇ ਜਾਣ ਵਾਲੇ ਕੌਮੀ ਮਾਰਗਾਂ ਲਈ ਨੇੜਲੇ ਪਿੰਡਾਂ ਦੀਆਂ ਐਕਵਾਇਰ ਕੀਤੀਆਂ ਜਾਣ ਵਾਲੀਆਂ ਉਪਜਾਊ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਯੋਗ ਮੁਆਵਜ਼ਾ ਦੇਣ ਅਤੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸਰਕਾਰ ਵੱਲੋਂ ਮੰਨੀਆਂ ਬਾਕੀ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ। ਬਲਬੀਰ ਸਿੱਧੂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ ਪਰ ਆਪ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਨੇੜੇ ਹੋਣ ਕਾਰਨ ਮੁਹਾਲੀ ਅਤੇ ਆਸਪਾਸ ਪਿੰਡਾਂ ਦੀਆਂ ਜ਼ਮੀਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਪ੍ਰੰਤੂ ਰਾਜ ਸਰਕਾਰ ਬਹੁਤ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨਾ ਚਾਹੁੰਦੀ ਹੈ। ਜਿਸ ਕਾਰਨ ਕੌਮੀ ਮਾਰਗਾਂ ਦਾ ਪ੍ਰਾਜੈਕਟ ਵੀ ਠੰਢੇ ਬਸਤੇ ਵਿੱਚ ਪੈ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ ਨੇ ਕਿਹਾ ਕਿ ਭਾਵੇਂ ਅੱਜ ਉਨ੍ਹਾਂ ਨੂੰ ਕੇਂਦਰੀ ਮੰਤਰੀ ਨੇ ਭਰੋਸਾ ਜ਼ਰੂਰ ਦਿੱਤਾ ਹੈ ਪਰ ਸਚਾਈ ਇਹ ਹੈ ਕਿ ਭਾਜਪਾ ਆਗੂ ਨੇ ਵੀ ਸਾਰੀ ਗੱਲ ਪੰਜਾਬ ਦੀ ਆਪ ਸਰਕਾਰ ’ਤੇ ਸੁੱਟ ਦਿੱਤੀ ਹੈ। ਵਫ਼ਦ ਅਨੁਸਾਰ ਮੰਤਰੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੋਈ ਕਮੀ ਨਹੀਂ ਹੈ। ਜ਼ਮੀਨਾਂ ਬਦਲੇ ਮੁਆਵਜ਼ਾ ਦਾ ਰੇਟ ਜ਼ਿਲ੍ਹਾ ਕੁਲੈਕਟਰ ਨੇ ਤੈਅ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤਾਂ ਪੈਸੇ ਦੇਣਾ ਚਾਹੁੰਦਾ ਹੈ ਪਰ ਮੁੱਖ ਮੰਤਰੀ ਸਮੇਤ ਸਥਾਨਕ ‘ਆਪ’ ਆਗੂ ਕਿਸਾਨਾਂ ਦੀਆਂ ਮੰਗਾਂ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ, ਧਰਨਾ ਜਾਰੀ ਰਹੇਗਾ। ਸ਼ੇਖਾਵਤ ਨੇ ਸਿੱਧੂ ਨੂੰ ਅਗਲੇ ਹਫ਼ਤੇ ਆਪਣੇ ਨਾਲ ਦਿੱਲੀ ਲੈ ਕੇ ਆਉਣ ਲਈ ਵੀ ਕਿਹਾ।
ਇਸ ਮੌਕੇ ਪੰਥਕ ਵਿਚਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਨੇ ਵੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪ ਕੇ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਕੈਦੀ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਲੇਕਿਨ ਹਾਲੇ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਹੈ। ਸ਼ੇਖਾਵਤ ਨੇ ਇਸ ਮੰਗ ’ਤੇ ਵੀ ਗੌਰ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…