
ਜ਼ਮੀਨ ਘੁਟਾਲਾ: ਮੁਹਾਲੀ ਅਦਾਲਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 15 ਮੁਲਜ਼ਮ ਬਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਮੁਹਾਲੀ ਅਦਾਲਤ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਖ਼ਿਲਾਫ਼ ਚਲ ਰਿਹਾ ਕੇਸ ਖ਼ਤਮ ਕਰਨ ’ਤੇ ਆਪਣੀ ਪੱਕੀ ਮੋਹਰ ਲਗਾ ਦਿੱਤੀ ਹੈ। ਪੰਜਾਬ ਵਿਜੀਲੈਂਸ ਵੱਲੋਂ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਮੇਤ 15 ਵੱਖ ਵੱਖ ਰਾਜਸੀ ਆਗੂਆਂ ਅਤੇ ਸਾਬਕਾ ਅਧਿਕਾਰੀਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਅਤੇ ਅਦਾਲਤ ਨੇ ਮਾਮਲੇ ਵਿੱਚ ਵਿਜੀਲੈਂਸ ਦੀ ਦੂਜੀ ਕੈਂਸਲੇਸ਼ਨ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਅਤੇ ਅਦਾਲਤ ਨੇ ਮਹਿਜ਼ 10 ਮਿੰਟਾਂ ਵਿੱਚ ਹੀ ਆਪਣਾ ਫੈਸਲਾ ਸੁਣਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਦੇ ਅੱਜ ਮੁਹਾਲੀ ਵਿਜੀਲੈਂਸ ਅਦਾਲਤ ਵਿੱਚ ਆਉਣ ਕਾਰਨ ਸਵੇਰ ਤੋਂ ਹੀ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜਿਲ੍ਹਾ ਅਦਾਲਤਾਂ ਨੂੰ ਜਾਂਦੇ ਸਾਰੇ ਰਸਤਿਆਂ ਉੱਪਰ ਹੀ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ। ਹਰ ਚੌਂਕ ਵਿੱਚ ਹੀ ਪੁਲੀਸ ਗੱਡੀਆਂ ਖੜੀਆਂ ਸਨ ਅਤੇ ਉੱਥੇ ਮੌਜੂਦ ਸੁਰੱਖਿਆ ਮੁਲਾਜ਼ਮ ਆਲੇ ਦੁਆਲੇ ਸਖ਼ਤ ਚੌਕਸੀ ਰੱਖ ਰਹੇ ਸਨ।
ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸਾਲ 2008 ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ 18 ਦੋਸ਼ੀਆਂ ਦੇ ਖ਼ਿਲਾਫ਼ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਏਕੜ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਕੇਸ ਦਰਜ ਕੀਤਾ ਸੀ। ਇਹ ਕੇਸ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਸਾਲ 2008 ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਕੈਪਟਨ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ ਤਾਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਨੂੰ ਉਨ੍ਹਾਂ ਨੇ ਉਜਾਗਰ ਕੀਤਾ ਸੀ। ਉਨ੍ਹਾਂ ਨੇ 21 ਪੰਨਿਆਂ ਦੀ ਪਟੀਸ਼ਨ ਦਾਇਰ ਕਰਕੇ ਅਤੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਨਿਆਂਪਾਲਿਕਾ ਨੂੰ ਕੇਸ ਦੇ ਵੱਖ-ਵੱਖ ਪਹਿਲੂਆਂ ਤੇ ਅਸਲੀਅਤ ਤੋਂ ਜਾਣੂ ਕਰਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਵੀ ਕੀਤੀ ਗਈ ਸੀ ਪ੍ਰੰਤੂ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਮੁੱਢੋਂ ਹੀ ਰੱਦ ਕਰ ਦਿੱਤੀ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹੀ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ 16 ਵਿਅਕਤੀਆਂ ਨੂੰ ਕਲੀਨ ਚਿੱਟ ਦੇ ਕੇ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਫਾਈਲ ਕੀਤੀ ਸੀ। ਅਦਾਲਤ ਵਿੱਚ ਇਸ ਕੇਸ ਦੀ ਚੱਲ ਰਹੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਾਕਬਾ ਸਪੀਕਰ ਕੇਵਲ ਕਿਸ਼ਨ ਅਤੇ ਪੁੰਡਾ ਮੰਤਰੀ ਰਘੂਨਾਥ ਸਹਾਏਪੁਰੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਬਰੀ ਹੋਣ ਜਾਣ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।