ਡਿਪੋਰਟ ਹੋਏ ਲੋਕਾਂ ਦਾ ਜਹਾਜ਼ ਅੰਮ੍ਰਿਤਸਰ ਵਿੱਚ ਲੈਂਡ ਕਰਵਾਉਣਾ ਪੰਜਾਬ ਨੂੰ ਬਦਨਾਮ ਕਰਨ ਦੀ ਚਾਲ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਆਏ ਅਮਰੀਕੀ ਜਹਾਜ਼ ਦੇ ਅੰਮ੍ਰਿਤਸਰ ਵਿੱਚ ਲੈਂਡ ਕਰਵਾਉਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਕਿਹਾ ਕਿ ਇਸ ਜਹਾਜ਼ ਵਿੱਚ ਕਰੀਬ 30 ਕੁ ਪੰਜਾਬ ਸਨ ਜਦਕਿ 33-33 ਹਰਿਆਣਾ ਅਤੇ ਗੁਜਰਾਤ ਅਤੇ ਹੋਰਨਾਂ ਸੂਬਿਆਂ ਦੇ ਲੋਕ ਹਨ। ਜੇਕਰ ਦਿੱਲੀ ਵਿੱਚ ਚੋਣਾਂ ਹੋਣ ਕਰਕੇ ਇਨ੍ਹਾਂ ਨੂੰ ਉੱਥੇ ਨਹੀਂ ਉਤਾਰਿਆ ਗਿਆ, ਤਾਂ ਇਹ ਜਹਾਜ਼ ਗੁਜਰਾਤ ਜਾਂ ਮੁੰਬਈ ਵਿੱਚ ਵੀ ਲੈਂਡ ਕਰਵਾਇਆ ਜਾ ਸਕਦਾ ਸੀ। ਇਹ ਕਦਮ ਸਿੱਧੇ ਤੌਰ ’ਤੇ ਪੰਜਾਬ ਨੂੰ ਬਦਨਾਮ ਕਰਨ ਦੀ ਇੱਕ ਹੋਰ ਸਾਜ਼ਿਸ਼ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਇਹ ਮਾਮਲਾ ਭਾਰਤ ਦੀ ਵਿਦੇਸ਼ ਨੀਤੀ ਅਤੇ ਪ੍ਰਧਾਨ ਮੰਤਰੀ ਦੀ ਕੂਟਨੀਤਕ ਅਸਫਲਤਾ ਨੂੰ ਵੀ ਉਜਾਗਰ ਕਰਦਾ ਹੈ। ਪ੍ਰਧਾਨ ਮੰਤਰੀ ਨੇ ਖ਼ੁਦ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਭ ਤੋਂ ਵੱਡਾ ਦੋਸਤ ਦੱਸਿਆ ਸੀ ਪਰ ਜਦੋਂ ਇਨ੍ਹਾਂ ਭਾਰਤੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਦੀ ਵਾਰੀ ਆਈ ਤਾਂ ਉਨ੍ਹਾਂ ਚੁੱਪੀ ਧਾਰ ਲਈ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦੀ ਚਾਹ ਰੱਖਦੇ ਲੋਕ ਰੁਜ਼ਗਾਰ ਦੀ ਭਾਲ ਵਿੱਚ ਲੱਖਾਂ ਰੁਪਏ ਖ਼ਰਚ ਕਰਕੇ ਅਮਰੀਕਾ ਜਾਂਦੇ ਹਨ ਪਰ ਜਦੋਂ ਉਨ੍ਹਾਂ ਦੀਆਂ ਉਮੀਦਾਂ ਟੁੱਟਦੀਆਂ ਹਨ ਅਤੇ ਉਹ ਡਿਪੋਰਟ ਹੋ ਜਾਂਦੇ ਹਨ ਤਾਂ ਕੇਂਦਰ ਸਰਕਾਰ ਉਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਤੋਂ ਵੀ ਭੱਜਦੀ ਹੈ।
ਡਿਪਟੀ ਮੇਅਰ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਏਜੰਟਾਂ ਨੇ ਭਾਰਤੀ ਨਾਗਰਿਕਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਸੀ, ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਏਜੰਟਾਂ ਨੇ ਨੌਜਵਾਨਾਂ ਤੋਂ ਲੱਖਾਂ-ਕਰੋੜਾਂ ਦੀ ਹੇਰਾਫੇਰੀ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡਿਆ ਹੈ। ਉਨ੍ਹਾਂ ਕਿਹਾ ਕਿ ਡਿਪੋਰਟ ਹੋ ਕੇ ਵਤਨ ਪਰਤੇ ਨੌਜਵਾਨਾਂ ਲਈ ਰੁਜ਼ਗਾਰ ਦੀ ਵਿਵਸਥਾ ਕੀਤੀ ਜਾਵੇ ਪ੍ਰੰਤੂ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦੇਸ਼ ਭੇਜਣ ਦੀਆਂ ਵਿਧੀਆਂ ਨੂੰ ਸਰਲ ਬਣਾਏ ਤਾਂ ਜੋ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਨਾ ਫਸ ਸਕਣ।

Load More Related Articles
Load More By Nabaz-e-Punjab
Load More In General News

Check Also

ਅਮਰੀਕਾ ਤੋਂ ਵਾਪਸ ਭੇਜੇ ਨਾਗਰਿਕਾਂ ਦੀ ਬਾਂਹ ਫੜੇ ਸਰਕਾਰ: ਬੀਬੀ ਰਾਮੂਵਾਲੀਆ

ਅਮਰੀਕਾ ਤੋਂ ਵਾਪਸ ਭੇਜੇ ਨਾਗਰਿਕਾਂ ਦੀ ਬਾਂਹ ਫੜੇ ਸਰਕਾਰ: ਬੀਬੀ ਰਾਮੂਵਾਲੀਆ ਜੇਕਰ ਪੰਜਾਬ ਵਿੱਚ ਰੁਜ਼ਗਾਰ ਹੋਵ…