Nabaz-e-punjab.com

ਲੰਗਾਹ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਫੈਸਲਾ ਸ਼ਲਾਘਾਯੋਗ: ਬੀਰਦਵਿੰਦਰ ਸਿੰਘ

ਸਮੁੱਚੇ ਘਟਨਾਕ੍ਰਮ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਦੇ ਚਿਹਰਿਆਂ ਨੂੰ ਵੀ ਨੰਗਾ ਕੀਤਾ ਜਾਵੇ

ਐਸ.ਏ.ਐਸ. ਨਗਰ (ਮੁਹਾਲੀ), 5 ਅਗਸਤ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦੇ ਕੇ ਆਪਣੇ ਪੱਧਰ ’ਤੇ ਅੰਮ੍ਰਿਤਪਾਨ ਕਰਵਾਉਣ ਦੇ ਮਾਮਲੇ ਵਿੱਚ ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲੰਗਾਹ ਨਾਲ ਰਾਬਤਾ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹੋਰਨਾਂ ਨੂੰ ਤਨਖਾਹੀਆਂ ਕਰਾਰ ਦੇਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਜਥੇਦਾਰ ਦੇ ਇਸ ਨਿਰਣੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਣ ਵਧਿਆ ਹੈ ਅਤੇ ਤਖ਼ਤ ਨਾਲ ਮੱਥਾ ਲਾਉਣ ਵਾਲੀਆਂ ਉੱਚ ਰਾਜਸੀ ਤਾਕਤਾਂ ਨੂੰ ਮੂੰਹ ਦੀ ਖਾਣੀ ਪਈ ਹੈ।
ਅੱਜ ਇੱਥੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਗੰਭੀਰ ਦੋਸ਼ਾਂ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੰਗਾਹ ਨੂੰ ਪੰਥ ’ਚੋਂ ਛੇਕਿਆ ਗਿਆ ਸੀ ਪ੍ਰੰਤੂ ਹੁਣ ਐਸਜੀਪੀਸੀ ਮੈਂਬਰਾਂ ਅਤੇ ਗੁਰਦੁਆਰਾ ਕਮੇਟੀ ਨੇ ਸਾਬਕਾ ਮੰਤਰੀ ਨੂੰ ਆਪਣੇ ਪੱਧਰ ’ਤੇ ਮੁਆਫ਼ੀ ਦੇ ਕੇ ਅੰਮ੍ਰਿਤਪਾਨ ਕਰਵਾਉਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਤੌਹੀਨ ਕੀਤੀ ਗਈ ਹੈ, ਜੋ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੁੱਚੇ ਘਟਨਾਕ੍ਰਮ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਦੇ ਚਿਹਰਿਆਂ ਨੂੰ ਵੀ ਨੰਗਾ ਕੀਤਾ ਜਾਵੇ ਤਾਂ ਜੋ ਸਮੁੱਚੀ ਸੰਗਤ ਨੂੰ ਇਹ ਜਾਣਕਾਰੀ ਮਿਲ ਸਕੇ ਕਿ ਇਸ ਪਿੱਛੇ ਕੌਣ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਥ ’ਚੋਂ ਛੇਕੇ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਨ ਕਰਵਾ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਮਰਿਆਦਾ ਦੀ ਤੌਹੀਨ ਕੀਤੀ ਗਈ ਹੈ। ਇਨ੍ਹਾਂ ਆਗੂਆਂ ਨੂੰ ਪੰਥ ’ਚੋਂ ਛੇਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਜੋ ਢਾਹ ਲੱਗੀ ਸੀ ਉਹ ਜਥੇਦਾਰ ਦੇ ਤਾਜ਼ਾ ਫੈਸਲੇ ਨਾਲ ਮੁੜ ਬਹਾਲ ਹੋਵੇਗੀ ਅਤੇ ਭਵਿੱਖ ਅਜਿਹੇ ਸਖ਼ਤ ਫੈਸਲੇ ਲੈਣੇ ਸਮੇਂ ਦੀ ਮੁੱਖ ਲੋੜ ਹੈ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਉਕਤ ਘਟਨਾਕ੍ਰਮ ਅਕਾਲੀ ਦਲ (ਬ) ਦੀ ਆਪਸੀ ਫੁੱਟ ’ਚੋਂ ਉਪਜਿਆਂ ਹੈ। ਇਸ ਸਮੁੱਚੇ ਮਾਮਲੇ ਪਿੱਛੇ ਦੋ ਪ੍ਰਮੁੱਖ ਆਗੂ ਆਪਣੇ ਪੈਰਾਂ ਥੱਲਿਓਂ ਖੁੱਸਦੀ ਜਾ ਰਹੀ ਜ਼ਮੀਨ ਅਤੇ ਪਾਰਟੀ ਦੀ ਹੋਂਦ ਨੂੰ ਬਚਾਉਣ ਲਈ ਆਪਣੇ ਚਹੇਤਿਆਂ ਦਾ ਘੇਰਾ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ। ਇਸ ਦੇ ਚੱਲਦਿਆਂ ਹੀ ਲੰਗਾਹ ਨੂੰ ਅੰਮ੍ਰਿਤਪਾਨ ਕਰਵਾ ਕੇ ਮੁੜ ਤੋਂ ਸਿਆਸਤ ਵਿੱਚ ਉਤਾਰਨ ਦੀ ਵਿਉਂਤ ਘੜੀ ਗਈ ਹੈ। ਕਿਉਂਕਿ ਮੌਜੂਦਾ ਸਮੇਂ ਵਿੱਚ ਸੀਨੀਅਰ ਅਕਾਲੀ ਆਗੂ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਇਕ ਪਰਿਵਾਰ ਦੀ ਸਰਪ੍ਰਸਤੀ ਵਾਲਾ ਦਲ ਸਿਰਫ਼ ਖਾਲੀ ਦਲ ਬਣ ਕੇ ਰਹਿ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…