ਦੇਸ਼ ਦੀ ਵੱਡੀ ਪਾਰਟੀ ਹੋਣ ਦੇ ਬਾਵਜੂਦ ਭਾਜਪਾ ਨੇ ਅਕਾਲੀਆਂ ਨਾਲ ਗੱਠਜੋੜ ਧਰਮ ਨੂੰ ਬਾਖ਼ੂਬੀ ਨਿਭਾਇਆ: ਗਜੇਂਦਰ ਸ਼ੇਖਾਵਤ

ਮਿਸ਼ਨ-2024 ਲਈ ਭਾਜਪਾ ਨੇ ਹੁਣੇ ਤੋਂ ਤਿਆਰੀ ਵਿੱਢੀ, ਕਾਰੋਬਾਰੀਆਂ ਤੇ ਆਮ ਲੋਕਾਂ ਨਾਲ ਮੇਲ ਜੋਲ ਵਧਾਇਆ

ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ, ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ ਲੋਕ ਸਭਾ ਚੋਣਾਂ: ਸ਼ੇਖਾਵਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਿਸ਼ਨ-2024 ਫਤਿਹ ਕਰਨ ਲਈ ਹੁਣੇ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਹਲਕਿਆਂ ਦੇ ਇੰਚਾਰਜ ਥਾਪੇ ਗਏ ਕੈਬਨਿਟ ਮੰਤਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਵਿਕਾਸ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਪੰਜਾਬ ਦੌਰੇ ’ਤੇ ਆਏ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਸੂਬੇ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ ਭਾਜਪਾ ਆਪਣੇ ਬਲਬੂਤੇ ਅਤੇ ਵਿਕਾਸ ਦੇ ਨਾਂ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਭਾਜਪਾ ਦਾ ਅਕਾਲੀ ਦਲ ਨਾਲ ਗੱਠਜੋੜ ਹੋਣ ਕਰਕੇ ਭਾਜਪਾ ਛੋਟੇ ਪਾਟਨਰ ਵਜੋਂ ਚੋਣਾਂ ਵਿੱਚ ਹਿੱਸਾ ਲੈਂਦੀ ਸੀ ਦੇਸ਼ ਦੀ ਵੱਡੀ ਪਾਰਟੀ ਹੋਣ ਦੇ ਬਾਵਜੂਦ ਭਾਜਪਾ ਨੇ ਗੱਠਜੋੜ ਦੇ ਧਰਮ ਨੂੰ ਬਾਖ਼ੂਬੀ ਨਿਭਾਇਆ ਪ੍ਰੰਤੂ ਪਿੱਛੇ ਜਿਹੇ ਅਕਾਲੀ ਦਲ ਨੇ ਭਾਜਪਾ ਨਾਲੋ ਨਾਤਾ ਤੋੜ ਲਿਆ। ਜਿਸ ਕਾਰਨ ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਨੇ ਪੰਜਾਬ ਲੋਕ ਕਾਂਗਰਸ ਅਤੇ ਹੋਰਨਾਂ ਸਹਿਯੋਗੀਆਂ ਨਾਲ ਮਿਲ ਕੇ ਲੜੀਆਂ ਸਨ, ਭਾਵੇਂ ਭਾਜਪਾ ਅਤੇ ਸਹਿਯੋਗੀ ਹਾਰ ਗਏ ਪ੍ਰੰਤੂ ਭਾਜਪਾ ਦਾ ਵੋਟ ਬੈਂਕ ਵਧਿਆ ਹੈ।
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਨਾਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਆਪ’ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦੇ ਕੇ 92 ਵਿਧਾਇਕ ਚੁਣ ਕੇ ਭੇਜੇ ਪ੍ਰੰਤੂ ਸਰਕਾਰ ਦੇ ਹਨੀਮੂਨ ਪੀਰੀਅਡ ਦੌਰਾਨ ਹੀ ਕਈ ਪਿੰਡਾਂ ਵਿੱਚ ‘ਆਪ’ ਵਿਰੁੱਧ ‘ਨੌਂ ਐਂਟਰੀ’ ਦੇ ਬੋਰਡ ਲੱਗਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨੂੰ ਦਿਨ ਵਿੱਚ ਤਾਰੇ ਤੋੜ ਲਿਆਉਣ ਸਮੇਤ ਹੋਰ ਸਬਜ਼ਬਾਗ ਦਿਖਾਏ ਜਾਂਦੇ ਹਨ ਪਰ ਹੁਕਮਰਾਨ ਹੁਣ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ। ਜਿਸ ਕਾਰਨ ਰਾਜ ਦੇ ਲੋਕ ਹੁਣ ਭਾਜਪਾ ਨੂੰ ਆਸ ਦੀ ਨਜ਼ਰ ਨਾਲ ਦੇਖ ਰਹੇ ਹਨ।
ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਪਾਰਟੀ ਕਰਾਰ ਦਿੰਦਿਆਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਦੇਸ਼ ’ਚੋਂ ਕਾਂਗਰਸ ਦਾ ਲਗਪਗ ਸਫ਼ਾਇਆ ਹੋ ਚੁੱਕਾ ਹੈ ਅਤੇ 24 ਤੋਂ ਬਾਅਦ ਕਾਂਗਰਸ ਕਿਤੇ ਵੀ ਨਜ਼ਰ ਨਹੀਂ ਆਏਗੀ। ਉਨ੍ਹਾਂ ਕਿਹਾ ਕਿ ਅੱਧੇ ਆਗੂ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਏ ਜਾਣ ਦੀ ਗੱਲ ਕਰ ਰਹੇ ਹਨ ਜਦੋਂਕਿ ਬਾਕੀ ਆਗੂ ਕਾਂਗਰਸ ਦੀ ਹੋਂਦ ਬਚਾਉਣ ਲਈ ਉਸ ਨੂੰ ਪ੍ਰਧਾਨਗੀ ਹਟਾਉਣ ਦੀ ਦੁਹਾਈ ਦੇ ਰਹੇ ਹਨ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਭਾਜਪਾ ਦੇ ਸੀਨੀਅਰ ਆਗੂ ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਸੁਸ਼ੀਲ ਰਾਣਾ, ਸੰਜੀਵ ਵਸ਼ਿਸ਼ਟ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਅਰੁਣ ਸ਼ਰਮਾ, ਅਸ਼ੋਕ ਝਾਅ ਅਤੇ ਰਮੇਸ਼ ਵਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …