
ਪਿਛਲੇ ਪੰਜ ਸਾਲਾਂ ਵਿੱਚ ਅਸੀਂ ਸਿਰਫ਼ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ: ਕੁਲਵੰਤ ਸਿੰਘ
ਆਜ਼ਾਦ ਗਰੁੱਪ ਦੀ ਪੂਰੀ ਟੀਮ ਮੁਹਾਲੀ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-71 ਵਿੱਚ ਘਰ-ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਸਰਬਜੀਤ ਸਿੰਘ ਸਮਾਣਾ ਲਈ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਉਨ੍ਹਾਂ ਨੇ ਸਿਰਫ਼ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਪ੍ਰਚਾਰ ਦੌਰਾਨ ਆਜ਼ਾਦ ਗਰੁੱਪ ਨੂੰ ਸ਼ਹਿਰ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਉਨ੍ਹਾਂ ਨੇ ਆਜ਼ਾਦ ਗਰੁੱਪ ਦੇ ਹੋਰਨਾਂ ਉਮੀਦਵਾਰਾਂ ਦੇ ਹੱਕ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਕਿਸਾਨਾਂ ਦਾ ਦੁੱਖ ਸਮਝਦੇ ਹੋਏ ਆਜ਼ਾਦ ਗਰੁੱਪ ਦੇ ਉਮੀਦਵਾਰ ਬਹੁਤ ਹੀ ਸਾਦੇ ਢੰਗ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਸਾਬਕਾ ਮੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ ਕੰਮਾਂ ਨੂੰ ਦੇਖ ਕੇ ਅਤੇ ਆਪਣੇ ਦਿਲ ਆਵਾਜ਼ ਸੁਣ ਕੇ ਵੱਧ ਤੋਂ ਵੱਧ ਵੋਟਾਂ ਨਾਲ ਆਜ਼ਾਦ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਜਿਤਾਉਣ ਤਾਂ ਜੋ ਵਿਕਾਸ ਪੱਖੋਂ ਮੁਹਾਲੀ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ।