ਮੁਹਾਲੀ ਵਿੱਚ ਰੇਡੀਓ-ਡਾਇਗਨੋਸਟਿਕ ਤੇ ਲੈਬਾਰਟਰੀ ਡਾਇਗਨੋਸਟਿਕ ਸੇਵਾਵਾਂ ਦੀ ਸ਼ੁਰੂਆਤ

ਪ੍ਰਾਈਵੇਟ ਹਸਪਤਾਲਾਂ ਮੁਕਾਬਲੇ 70 ਫੀਸਦੀ ਘੱਟ ਦਰਾਂ ’ਤੇ ਹੋਣਗੇ ਟੈੱਸਟ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਸਪਤਾਲਾਂ ਵਿੱਚ ਪ੍ਰਾਈਵੇਟ-ਪਬਲਿਕ ਪਾਰਟਨਰਸ਼ਿਪ (ਪੀਪੀਪੀ) ਮੋਡ ’ਤੇ ਸ਼ੁਰੂ ਕੀਤੀਆਂ ਜਾ ਰਹੀਆਂ ਰੇਡੀਓ-ਡਾਇਗਨੋਸਟਿਕ ਅਤੇ ਲੈਬਾਰਟਰੀ ਡਾਇਗਨੋਸਟਿਕ ਸੇਵਾਵਾਂ ਦੀ ਅੱਜ ਮੁਹਾਲੀ ਵਿੱਚ ਰਸਮੀ ਸ਼ੁਰੂਆਤ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਚੰਗੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਹ ਅਤਿ-ਆਧੁਨਿਕ ਰੇਡੀਓ ਡਾਇਗਨੋਸਟਿਕ ਅਤੇ ਲੈਬਾਰਟਰੀ ਡਾਇਗਨੋਸਟਿਕ ਸੈਂਟਰ ਵੱਖ-ਵੱਖ ਹਸਪਤਾਲਾਂ ਵਿੱਚ ਖੋਲੇ੍ਹ ਜਾ ਰਹੇ ਹਨ, ਜਿਸ ਦਾ ਅੱਜ ਵਰਚੂਅਲ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ, ਜਦੋਂਕਿ ਮੁਹਾਲੀ ਵਿੱਚ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਅੱਜ ਸਰਕਾਰੀ ਹਸਪਤਾਲ ਫੇਜ਼-6 ਤੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ।
ਸਰਕਾਰੀ ਹਸਪਤਾਲ ਮੁਹਾਲੀ ਵਿੱਚ ਆਯੋਜਿਤ ਇਸ ਸਮਾਗਮ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ, ਜਿਸ ਦਾ ਮੰਤਵ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਡਾਇਗੋਨਸਟਿਕ ਸੇਵਾਵਾਂ ਸਸਤੇ ਅਤੇ 24 ਘੰਟੇ ਉਪਲਬਧ ਕਰਵਾਉਣਾ ਹੈ। ਜਿਹੜੇ ਟੈੱਸਟ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਹੁੰਦੇ ਸਨ, ਉਹੀ ਟੈੱਸਟ ਇਨ੍ਹਾਂ ਸੈਂਟਰਾਂ ਵਿੱਚ 65 ਤੋਂ 75 ਫੀਸਦੀ ਸਸਤੇ ਹੋਣਗੇ। ਇਸ ਪ੍ਰਜੈਕਟ ਰਾਹੀਂ ਪੰਜਾਬ ਨੂੰ 6 ਭਾਗਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਭਾਗ ਵਿੱਚ ਇਕ-ਇਕ ਐਮਆਰਆਈ ਅਤੇ ਹਰੇਕ ਜ਼ਿਲ੍ਹਾ ਹਸਪਤਾਲ ਵਿੱਚ ਇਕ-ਇਕ ਸੀਟੀ ਸਕੈਨ ਸੈਂਟਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿਸ ਤਹਿਤ ਸੂਬੇ ਵਿੱਚ 25 ਸੀਟੀ ਸਕੈਨ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ। ਇਸ ਪ੍ਰਜੈਕਟ ਨੂੰ ਲਗਾਉਣ ਲਈ ਲਗਪਗ 80 ਕਰੋੜ ਰੁਪਏ ਦਾ ਖਰਚ ਆਵੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਸਮੂਹ ਸਰਕਾਰੀ ਲੈਬਾਰਟਰੀਆਂ ਦਾ ਮਜ਼ਬੂਤੀਕਰਨ ਕੀਤਾ ਗਿਆ ਹੈ। ਜਿਸ ਤਹਿਤ 4 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ। ਇਨ੍ਹਾਂ ਲੈਬਾਰਟਰੀਆਂ ਦੇ ਸੰਚਾਲਨ ਵਿੱਚ ਹੋਰ ਸੁਧਾਰ ਕਰਨ ਲਈ 100 ਲੈਬ ਤਕਨੀਸ਼ੀਅਨਾਂ ਦੀ ਭਰਤੀ ਕੀਤੀ ਗਈ ਹੈ। ਕਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਜਾਣੂ ਕਰਵਾਉਂਦਿਆਂ ਮੰਤਰੀ ਨੇ ਦੱਸਿਆ ਕਿ ਹੁਣ ਤੱਕ 1.25 ਕਰੋੜ ਕਰੋਨਾ ਟੈੱਸਟ ਕਰਵਾਏ ਗਏ ਅਤੇ ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ, 76 ਪੀਐਸਏ ਪਲਾਂਟ ਲਗਾਏ ਗਏ ਅਤੇ 8000 ਤੋਂ ਵੱਧ ਆਕਸੀਜਨ ਕੰਨਸਨਟਰੇਟਰ ਵੱਖ-ਵੱਖ ਹਸਪਤਾਲਾਂ ਨੂੰ ਦਿੱਤੇ ਗਏ। ਲੋੜਵੰਦਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਅਤੇ 44 ਹਜ਼ਾਰ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਕੋਵਿਡ ਦੇ ਬਾਵਜੂਦ 11 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਿਹਤ ਵਿਭਾਗ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ, ਜਿਨ੍ਹਾਂ ਵਿੱਚ ਡਾਕਟਰ, ਪੈਰਾ ਮੈਡੀਕਲ ਅਤੇ ਮਨਿਸਟਰੀਅਲ ਸਟਾਫ਼ ਸ਼ਾਮਲ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਮੋਹਨ ਸਿੰਘ ਬਠਲਾਣਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜੀਬੀ ਸਿੰਘ, ਡਾ. ਮਨਜੀਤ ਸਿੰਘ, ਡਾ. ਅੰਦੇਸ਼ ਕੰਗ, ਡਾ. ਆਰਐਸ ਬੱਲ, ਏਡੀਸੀ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਭਵਨੀਤ ਭਾਰਤੀ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਰੁਪਿੰਦਰ ਕੌਰ ਰੀਨਾ, ਬਲਜੀਤ ਕੌਰ, ਜਸਵੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ, ਦਵਿੰਦਰ ਕੌਰ ਵਾਲੀਆ, ਐਨਐਸ ਸਿੱਧੂ, ਵਿਨੀਤ ਮਲਿਕ, ਸੁੱਚਾ ਸਿੰਘ ਕਲੌੜ, ਜਗਦੀਸ਼ ਸਿੰਘ ਜੱਗਾ, ਕਮਲਪ੍ਰੀਤ ਸਿੰਘ ਬਨੀ, ਕੁਲਵੰਤ ਸਿੰਘ ਕਲੇਰ (ਸਾਰੇ ਕੌਂਸਲਰ) ਅਤੇ ਗੁਰਚਰਨ ਸਿੰਘ ਭੰਵਰਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …