Nabaz-e-punjab.com

ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਲਾਂਡਰਾਂ ਵਿੱਚ ਰਾਜ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਵਿੱਚ 73.68 ਲੱਖ ਛੋਟੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਈ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਪੇਟ ਦੇ ਕੀੜੀਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੀ ਰਾਜ ਪੱਧਰੀ ਸ਼ੁਰੂਆਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਲਾਂਡਰਾਂ ਤੋਂ ਕੀਤੀ ਗਈ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੀ ਹੱਥੀ ਛੋਟੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਗੋਲੀ ਖੁਆਈ। ਉਨ੍ਹਾਂ ਦੱਸਿਆ ਕਿ ਪੂਰੇ ਦੇਸ਼ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪੇਟ ਦੇ ਕੀੜੀਆਂ ਤੋਂ ਕੌਮੀ ੀ ਮੁਕਤੀ ਦਿਵਸ ਫਰਵਰੀ ਤੇ ਅਗਸਤ ਵਿੱਚ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ, ਇਨਫੈਕਸ਼ਨ ਤੋਂ ਬਚਾਅ ਅਤੇ ਤੰਦਰੁਸਤ ਸਿਹਤ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੇਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਪੰਜਾਬ ਦੇ 73.68 ਲੱਖ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਗੋਲੀ (ਚਬਾ ਕੇ ਖਾਣ ਵਾਲੀ) ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਮੁਫ਼ਤ ਉਪਲਬਧ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਗੈਰ ਰਜਿਸਟਰਡ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਹ ਦਵਾਈਆਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਜੋ ਬੱਚੇ ਕਿਸੇ ਕਾਰਣ ਦਵਾਈ ਨਹੀਂ ਖਾ ਸਕੇ ਉਨ੍ਹਾਂ ਨੂੰ ਮੋਪ-ਅਪ ਦਿਵਸ ਮੌਕੇ ’ਤੇ 19 ਫਰਵਰੀ ਨੂੰ ਖੁਆਈ ਜਾਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੇਟ ਵਿੱਚ ਕੀੜਿਆਂ ਦੀ ਸਮੱਸਿਆ ਦੇ ਕਾਰਣ ਬੱਚਿਆਂ ਵਿੱਚ ਅਨੀਮੀਆ, ਕੁਪੋਸ਼ਣ, ਦਿਮਾਗੀ ਤੇ ਸਰੀਰਕ ਵਿਕਾਸ ਵਿੱਚ ਕਮੀ ਆ ਜਾਂਦੀ ਹੈ। ਖ਼ੂਨ ਦੀ ਕਮੀ ਦੇ ਕਾਰਨਾਂ ’ਚੋਂ ਮੁੱਖ ਕਾਰਣ ਸੰਤੁਲਿਤ ਖ਼ੁਰਾਕ ਦੀ ਘਾਟ, ਕੁਪੋਸ਼ਣ ਅਤੇ ਪੇਟ ਦੇ ਕੀੜੇ ਹੁੰਦੇ ਹਨ। ਖ਼ੂਨ ਦੀ ਕਮੀ ਕਾਰਣ ਬੱਚੇ ਥੱਕੇ-ਥੱਕੇ ਮਹਿਸੂਸ ਕਰਦੇ ਹਨ। ਬੱਚਿਆਂ ਵਿੱਚ ਚਿੜਚਿੜਾਪਣ ਆ ਜਾਂਦਾ ਹੈ ਅਤੇ ਜਲਦੀ ਖਿੱਝ ਜਾਂਦੇ ਹਨ। ਬੱਚਿਆਂ ਦਾ ਪੜ੍ਹਾਈ ਵਿੱਚ ਮਨ ਨਹੀਂ ਲਗਦਾ ਅਤੇ ਯਾਦਦਾਸ਼ਤ ਕਮਜ਼ੋਰ ਹੋਣ ਲੱਗਦੀ ਹੈ। ਬੱਚਿਆਂ ਦਾ ਸਰੀਰਕ ਵਿਕਾਸ ਰੁਕ ਜਾਂਦਾ ਹੈ ਅਤੇ ਕੰਮ ਕਰਨ ਦੀ ਸ਼ਕਤੀ ਘੱਟ ਜਾਂਦੀ ਹੈ। ਖ਼ੂਨ ਦੀ ਕਮੀ ਨਾਲ ਬੱਚਿਆਂ ਦੇ ਪੂਰੇ ਜੀਵਨ ਤੇ ਬੁਰਾ ਪ੍ਰਭਾਵ ਪੈਂਦਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਰੀਟਾ ਭਾਰਦਵਾਜ, ਸਿਵਲ ਸਰਜਨ ਡਾ. ਮਨਜੀਤ ਸਿੰਘ, ਓਐਸਡੀ ਡਾ. ਬਲਵਿੰਦਰ ਸਿੰਘ, ਸਵੱਛ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਡਾ. ਵਿਜੇ ਸ਼ਰਮਾ, ਕੰਵਰਜੋਤ ਸਿੰਘ ਰਾਜਾ, ਪ੍ਰੋਗਰਾਮ ਅਫ਼ਸਰ ਡਾ. ਸੁਖਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਡਾ. ਯੋਗੇਸ਼ ਕੁਮਾਰ ਰਾਏ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…