Nabaz-e-punjab.com

ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ’ਚ ਗੈਰ-ਕਾਨੂੰਨੀ ਪ੍ਰਵਾਸ ਰੋਕਣ ਲਈ ਕਾਨੂੰਨ ਬਣਾਇਆ ਜਾਵੇਗਾ: ਚੰਨੀ

ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਤੇ ਰੁਜ਼ਗਾਰ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਖੋਲ੍ਹਿਆ ਜਾਵੇਗਾ ਵਿਸ਼ੇਸ਼ ਸੈੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਦੇ ਨੌਜਵਾਨਾਂ ਦਾ ਗ਼ੈਰ-ਕਾਨੂੰਨੀ ਢੰਗ ਵਿਦੇਸ਼ਾਂ ਵਿੱਚ ਪ੍ਰਵਾਸ ਰੋਕਣ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਦੇ ਸ਼ੋਸ਼ਣ ਤੋਂ ਬਚਾਉਣ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ ਠੱਗੀਆਂ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੇ ਅਮਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਈਟੀਐਫ਼ਟੀ ਕਾਲਜ ਵਿੱਚ ਕਰਵਾਈ ਜਾ ਰਹੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿੱÎਖਿਆ ਤੇ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣੂ ਕਰਾਉਣ ਲਈ ਇਹ ਕਾਨਫਰੰਸ ਪੰਜਾਬ ਸਰਕਾਰ ਅਤੇ ਆਈਸੀਐਸਆਈ ਦੇ ਸਾਂਝੇ ਯਤਨਾਂ ਨਾਲ ਆਯੋਜਿਤ ਕੀਤੀ ਗਈ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਟਰੈਵਲ ਏਜੰਟ ਨੂੰ ਪੰਜਾਬ ਦੇ ਨੌਜਵਾਨਾਂ ਦੀ ਜਿੰਦਗੀ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਧੋਖੇਬਾਜ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਅਤੇ ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰੇਗੀ। ਸ੍ਰੀ ਚੰਨੀ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿੱਚ ਸਿੱਖਿਆ ਤੇ ਰੁਜ਼ਗਾਰ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਸੈੱਲ ਵੀ ਬਣਾਇਆ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਉਪਰਾਲਾ ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ ਤਾਂ ਜੋ ਨਵੀਂ ਪੀੜੀ ਦੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਵੱਧ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਸ੍ਰੀ ਚੰਨੀ ਨੇ ਕਿਹਾ ਕਿ ਇਸ ਪ੍ਰਕਿਰਿਆ ਨਾਲ ਨਾ ਕੇਵਲ ਪੰਜਾਬੀ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਦੇ ਸ਼ੋਸ਼ਣ ਤੋਂ ਬਚਾਇਆ ਜਾ ਸਕੇਗਾ ਸਗੋਂ ਵਿਦੇਸ਼ਾਂ ਵਿੱਚ ਸਿੱਖਿਆ ਤੇ ਰੁਜ਼ਗਾਰ ਚੋਣ ਕਰਨ ਲਈ ਸਹੀ ਰਾਹ ਵੀ ਮਿਲੇਗਾ। ਇਸ ਮੌਕੇ ਉੱਘੇ ਫਿਲਮਸਾਜ਼ ਤੇ ਪ੍ਰਸਿੱਧ ਸਿਨਮੈਟੋਗ੍ਰਾਫਰ ਮਨਮੋਹਨ ਸਿੰਘ ਤੇ ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਤੇ ਫ੍ਰੀਸਟਾਈਲ ਰੈਸਲਰ ਹਰਪ੍ਰੀਤ ਸਿੰਘ ਰੋਬੋ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਨੇਡੀਅਨ ਕਾਂਸਲੇਟ ਤੋਂ ਸ੍ਰੀਮਤੀ ਲਿੰਡਾ, ਨਾਰਥ ਇੰਡੀਆ ਬ੍ਰਿਟਿਸ਼ ਕੌਂਸਲ ਦੇ ਡਾਇਰੈਕਟਰ ਸ੍ਰੀ ਟੌਮ, ਵਧੀਕ ਮੁੱਖ ਸਕੱਤਰ, ਗ੍ਰਹਿ ਮਾਮਲੇ ਐਨਐਸ ਕਲਸੀ, ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਡੀ.ਕੇ ਤਿਵਾੜੀ, ਕਮਿਸ਼ਨਰ-ਕਮ-ਡਾਇਰੈਕਟਰ ਰੁਜ਼ਗਾਰ ਉੱਤਪਤੀ ਵਿਭਾਗ ਰਾਹੁਲ ਤਿਵਾੜੀ, ਭਾਰਤ ਸਰਕਾਰ ਦੇ ਵਿਦੇਸ਼ ਮੰਤਾਰਾਲਾ ਤੋਂ ਸੀਨੀਅਰ ਅਧਿਕਾਰੀ ਨਿਸ਼ੀਕਾਂਤ ਸਿੰਘ, ਜਨਰਲ ਮੈਨੇਜਰ, ਓਵਰਸੀਜ਼ ਮੈਨਪਾਵਰ ਕੰਪਨੀ ਆਂਦਰਾ ਪ੍ਰਦੇਸ਼ ਲਿਮਟਡ ਡਾ. ਕੇ.ਵੀ ਸਵਾਮੀ, ਡਾਇਰੈਕਟਰ ਜਨਰਲ ਆਈਸੀਐਸਆਈ ਡਾ. ਗੁਲਸ਼ਨ ਕੁਮਾਰ ਅਤੇ ਆਈ.ਟੀ.ਐਫ.ਟੀ ਦੇ ਚੀਫ ਪੈਟਰਨ ਲੈਫਟੀਨੈਂਟ ਜਨਰਲ ਕੇਜੇ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…