ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਬਰਖ਼ਾਸਤ ਡੀਐਸਪੀ ਗੁਰਸ਼ੇਰ ਸੰਧੂ ਦੀ ਜ਼ਮਾਨਤ ਅਰਜ਼ੀ ਰੱਦ
ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਡੀਐਸਪੀ ਸੰਧੂ ’ਤੇ ਪੁਲੀਸ ਹਿਰਾਸਤ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਕਰਵਾਉਣ ਦੇ ਮਾਮਲੇ ਸਹਿਯੋਗ ਕਰਨ ਦਾ ਦੋਸ਼ ਹੈ। ਉਸ ਦੇ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਸੈੱਲ ਦੇ ਥਾਣਾ ਫੇਜ਼-4 (ਮੁਹਾਲੀ) ਵਿੱਚ ਵੱਖ-ਵੱਖ ਧਰਾਵਾਂ ਤਹਿਤ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬੀਤੀ ਦੋ ਜਨਵਰੀ ਨੂੰ ਡੀਐਸਪੀ ਸੰਧੂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਗਿਆ ਸੀ।
ਸਾਬਕਾ ਪੁਲੀਸ ਅਧਿਕਾਰੀ ’ਤੇ ਉਕਤ ਮਾਮਲੇ ਵਿੱਚ ਚਾਰਜਸ਼ੀਟ ਨਾ ਲੈਣ ਦਾ ਦੋਸ਼ ਹੈ। ਸੂਬਾ ਸਰਕਾਰ ਅਤੇ ਗ੍ਰਹਿ ਵਿਭਾਗ ਦਾ ਇਹ ਵੀ ਮੰਨਣਾ ਹੈ ਕਿ ਗੁਰਸ਼ੇਰ ਸੰਧੂ ਨੇ ਨਾ ਸਿਰਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਬਲਕਿ ਪੰਜਾਬ ਪੁਲੀਸ ਨੂੰ ਵੀ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ। ਇਸ ਮਾਮਲੇ ਵਿੱਚ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਪਿਛਲੇ ਦਿਨੀਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਅੱਜ ਸੁਣਵਾਈ ਦੌਰਾਨ ਪੁਲੀਸ ਅਧਿਕਾਰੀ ਦੀ ਜ਼ਮਾਨਤ ਅਰਜ਼ੀ ਮੱੁਢੋਂ ਰੱਦ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਗੁਰਸ਼ੇਰ ਸੰਧੂ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਵਿੱਚ ਕਿਹਾ ਹੈ ਕਿ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ਵਿੱਚ ਉਸ ਦੇ ਮੁਵਕਿਲ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਕਿਉਂਕਿ ਇਸ ਸਬੰਧੀ ਬਲਜਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੀ ਜਾਂਚ ਮੁਹਾਲੀ ਦੇ ਤਤਕਾਲੀ ਐੱਸਐੱਸਪੀ ਸੰਦੀਪ ਗਰਗ ਨੇ ਕੀਤੀ ਸੀ, ਜਿਨ੍ਹਾਂ ਨੇ ਮੁੱਢਲੀ ਜਾਂਚ ਵਿੱਚ ਸ਼ਿਕਾਇਤ ਨੂੰ ਝੂਠਾ ਦੱਸਿਆ ਸੀ। ਬਾਅਦ ਵਿੱਚ ਰੂਪਨਗਰ ਦੇ ਐਸਪੀ ਰੈਂਕ ਦੇ ਅਧਿਕਾਰੀ ਵੱਲੋਂ ਕੀਤੀ ਗਈ ਪੜਤਾਲ ਨੂੰ ਅਧਾਰ ਬਣਾ ਕੇ ਸੰਧੂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ, ਜੋ ਪਹਿਲੇ ਜਾਂਚ ਅਧਿਕਾਰੀ ਐੱਸਐੱਸਪੀ ਗਰਗ ਤੋਂ ਜੂਨੀਅਰ ਹਨ। ਪਟੀਸ਼ਨ ਵਿੱਚ ਦੂਜੀ ਦਲੀਲ ਇਹ ਦਿੱਤੀ ਗਈ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ ਵਿੱਚ ਬਲੀ ਦਾ ਬੱਕਰਾ ਬਣਾਇਆ ਗਿਆ ਹੈ।
ਅੱਜ ਅਦਾਲਤ ਨੇ ਸੁਣਵਾਈ ਦੌਰਾਨ ਸੀਨੀਅਰ ਪੁਲੀਸ ਅਧਿਕਾਰੀ ਪੇਸ਼ ਹੋਏ ਅਤੇ ਇਸ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਅਜਿਹੇ ਵਿੱਚ ਡੀਐਸਪੀ ਸੰਧੂ ਨੂੰ ਅਗਾਊਂ ਜ਼ਮਾਨਤ ਦੇਣਾ ਠੀਕ ਨਹੀਂ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
ਕਾਬਿਲੇਗੌਰ ਹੈ ਕਿ ਇੱਕ ਟੀਵੀ ਚੈਨਲ ’ਤੇ ਮਾਰਚ 2023 ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਪ੍ਰਸਾਰਿਤ ਕੀਤੀ ਗਈ ਸੀ, ਜਿਹੜੀ ਵੀਡੀਓ ਕਾਨਫ਼ਰੰਸ ਰਾਹੀਂ ਸੰਭਵ ਹੋ ਸਕੀ ਸੀ। ਉਸ ਸਮੇਂ ਲਾਰੈਂਸ ਬਿਸ਼ਨੋਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਹਿਰਾਸਤ ਵਿੱਚ ਸੀ ਅਤੇ ਉਦੋਂ ਗੁਰਸ਼ੇਰ ਸਿੰਘ ਸੰਧੂ ਮੁਹਾਲੀ ਵਿੱਚ ਡੀਐਸਪੀ (ਤਫ਼ਤੀਸ਼ੀ) ਦੇ ਅਹੁਦੇ ’ਤੇ ਤਾਇਨਾਤ ਸਨ। ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਖਰੜ ਕੈਂਪ ਵਿੱਚ ਰੱਖਿਆ ਗਿਆ ਸੀ।
ਗ੍ਰਹਿ ਵਿਭਾਗ ਨੇ ਪੁਲੀਸ ਦੀ ਹਿਰਾਸਤ ’ਚੋਂ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਲਈ ਕਥਿਤ ਤੌਰ ’ਤੇ ਇਹ ਸੁਵਿਧਾ ਪ੍ਰਦਾਨ ਕਰਨ ਲਈ ਦੋ ਡੀਐਸਪੀਜ਼ ਸਮੇਤ ਸੱਤ ਪੁਲੀਸ ਅਧਿਕਾਰੀਆਂ ਜਿਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਸਮਰ ਵਿਨੀਤ ਸਮੇਤ ਸਬ-ਇੰਸਪੈਕਟਰ ਰੀਨਾ, ਜਗਤਪਾਲ ਜਾਂਗੂ, ਸ਼ਗਨਜੀਤ ਸਿੰਘ ਅਤੇ ਏਐਸਆਈ ਮੁਖ਼ਤਿਆਰ ਸਿੰਘ ਅਤੇ ਹੌਲਦਾਰ ਓਮ ਪ੍ਰਕਾਸ਼ ਨੂੰ ਕੂੁੱਝ ਦਿਨ ਪਹਿਲਾਂ ਹੀ ਮੁਅੱਤਲ ਕੀਤਾ ਗਿਆ ਸੀ। ਇੱਕ ਟੀਵੀ ਚੈਨਲ ’ਤੇ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਪ੍ਰਸਾਰਿਤ ਕੀਤੇ ਗਏ ਸਨ। ਇਹ ਇੰਟਰਵਿਊ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਪ੍ਰਸਾਰਿਤ ਹੋਈ। ਉਸ ਸਮੇਂ ਮ੍ਰਿਤਕ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੋਸ਼ ਲਾਇਆ ਸੀ ਕਿ ਪੁਲੀਸ ਗੈਂਗਸਟਰ ਨਾਲ ਮਿਲੀ ਹੋਈ ਹੈ, ਬਾਅਦ ਵਿੱਚ ਐਸਆਈਟੀ ਨੇ ਉਕਤ ਦੇ ਦੋਸ਼ਾਂ ਨੂੰ ਸਹੀ ਪਾਇਆ ਸੀ।