
ਸ਼ਹਿਰ ਦੀ ਸਫ਼ਾਈ ਮਾਮਲੇ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੇਅਰ ਜੀਤੀ ਸਿੱਧੂ
ਮੁਹਾਲੀ ਵਿੱਚ ਸਫ਼ਾਈ ਵਿਵਸਥਾ ਨੂੰ ਚੁਸਤ-ਦਰੁਸਤ ਕਰਨ ਲਈ ਮੇਅਰ ਨੇ ਕੀਤੀ ਅਹਿਮ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਮੁਹਾਲੀ ਵਿੱਚ ਨਿੱਘਰਦੀ ਜਾ ਰਹੀ ਸਫ਼ਾਈ ਵਿਵਸਥਾ ਨੂੰ ਚੁਸਤ-ਦਰੁਸਤ ਕਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਅਧਿਕਾਰੀਆਂ ਅਤੇ ਕੌਂਸਲਰ ਸਾਥੀਆਂ ਅਤੇ ਸਟਾਫ਼ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸਕੱਤਰ ਰੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਤਸੱਲੀਬਖ਼ਸ਼ ਨਹੀਂ ਹਨ। ਇਸ ਸਬੰਧੀ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ’ਤੇ ਸਫ਼ਾਈ ਠੀਕ ਢੰਗ ਨਾਲ ਨਹੀਂ ਹੋ ਰਹੀ ਅਤੇ ਕਈ ਥਾਵਾਂ ’ਤੇ ਸਫ਼ਾਈ ਕਰਨ ਤੋਂ ਬਾਅਦ ਕਈ ਕਈ ਦਿਨ ਕੂੜਾ ਕਰਕਟ ਚੁੱਕਿਆਂ ਨਹੀਂ ਜਾਂਦਾ। ਇਸ ਦੀ ਵਜ੍ਹਾ ਟਰਾਲੀਆਂ ਦੀ ਘਾਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਟਰਾਲੀਆਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਸਫ਼ਾਈ ਵਿਵਸਥਾ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਮੀਟਿੰਗ ਵਿੱਚ ਸਮਾਜ ਸੇਵੀ ਆਗੂਆਂ ਅਤੇ ਕੌਂਸਲਰਾਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸੁਝਾਅ ਵੀ ਮੰਗੇ। ਉਨ੍ਹਾਂ ਸਪੱਸ਼ਟ ਆਖਿਆ ਕਿ ਸਫ਼ਾਈ ਪ੍ਰਬੰਧਾਂ ਸਬੰਧੀ ਢਿੱਲਮੱਠ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਨਿਗਮ ਅਧਿਕਾਰੀਆਂ ਨੇ ਮੇਅਰ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਸਮਾਜ ਸੇਵੀ ਗੁਰਚਰਨ ਸਿੰਘ ਭੰਵਰਾ, ਸਿਹਤ ਅਫ਼ਸਰ ਡਾ. ਸੰਜੀਵ ਕੰਬੋਜ ਸਮੇਤ ਸੈਨੀਟੇਸ਼ਨ ਵਿਭਾਗ ਦੇ ਚੀਫ਼ ਸੈਨਟਰੀ ਇੰਸਪੈਕਟਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।