ਰਾਹੁਲ ਗਾਂਧੀ ਦੀ ਅਗਵਾਈ ਹੇਠ ਨਵਜੋਤ ਸਿੱਧੂ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਜਨਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਇਕ ਵੱਡਾ ਉਤਸ਼ਾਹ ਦਿੰਦਿਆਂ ਭਾਜਪਾ ਛੱਡ ਚੁੱਕੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਚੁੱਪੀ ਤੋੜਦਿਆਂ ਅੱਜ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇ, ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਕ੍ਰਿਕੇਟਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ। ਕੈਪਟਨ ਅਮਰਿੰਦਰ ਨੇ ਸਿੱਧੂ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਧੀਆ ਖ਼ਬਰ ਹੈ ਅਤੇ ਸਿੱਧੂ ਦੇ ਸ਼ਾਮਲ ਹੋਣ ਨਾਲ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਪਾਰਟੀ ਦੀ ਪਸੰਦ ਹੋਣ ਤੋਂ ਇਲਾਵਾ ਸਿੱਧੂ ਨੂੰ ਇਕ ਮਜ਼ਬੂਤ ਰਾਸ਼ਟਰਵਾਦੀ ਸਮੇਤ ਉਨ੍ਹਾਂ ਦੀ ਸੋਚ ਤੇ ਸਮਝ ਲਈ ਵੀ ਜਾਣਿਆ ਜਾਂਦਾ ਹੈ ਅਤੇ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ।
ਨਵੀਂ ਦਿੱਲੀ ਵਿੱਚ ਜਾਰੀ ਹੋਏ ਬਿਆਨ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਨੇ ਹਮਖਿਆਲੀ ਲੋਕਾਂ ਨੂੰ ਕਾਂਗਰਸ ਦੀ ਛੱਤ ਹੇਠਾਂ ਲਿਆਉਣ ਨੂੰ ਲੈ ਕੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ। ਪਟਿਆਲਾ ਨਾਲ ਸਬੰਧਤ ਨਵਜੋਤ ਸਿੱਧੂ ਪਹਿਲੀ ਵਾਰ 2004 ਵਿੱਚ ਅੰਮ੍ਰਿਤਸਰ ਤੋਂ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਦੀ ਚੋਣ ਜਿੱਤੇ ਸੀ। ਇਸ ਤੋਂ ਬਾਅਦ ਵਿੱਚ ਉਨ੍ਹਾਂ ਨੇ ਸਫਲਤਾ ਪੂਰਵਕ ਜ਼ਿਮਨੀ ਚੋਣਾਂ ਵੀ ਲੜੀਆਂ ਸਨ। ਉਨ੍ਹਾਂ ਨੇ 2009 ਆਮ ਚੋਣਾਂ ਦੌਰਾਨ ਵੀ ਇਹ ਸੀਟ ਬਣਾਈ ਰੱਖੀ ਸੀ। ਅਪਰੈਲ 2016 ਵਿੱਚ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਸੀ, ਲੇਕਿਨ ਜੁਲਾਈ 2016 ਵਿੱਚ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਜਲਦੀ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ ਨਾਲ ਅਵਾਜ਼-ਏ-ਪੰਜਾਬ ਵਜੋਂ ਇਕ ਨਵਾਂ ਸਿਆਸੀ ਫਰੰਟ ਬਣਾਇਆ ਸੀ। ਪ੍ਰਗਟ ਤੇ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਬੀਤੀ 28 ਨਵੰਬਰ 2016 ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਪਰ ਸਾਬਕਾ ਕ੍ਰਿਕੇਟਰ ਆਪਣੀ ਕੁਝ ਪ੍ਰੋਫੈਸ਼ਨਲ ਵਚਨਬੱਧਤਾਵਾਂ ਕਾਰਨ ਤੁਰੰਤ ਇਸ ’ਤੇ ਅਮਲ ਨਹੀਂ ਕਰ ਪਾਏ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…