
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਵਿਚਾਰੀਆਂ ਜਾਣਗੀਆਂ: ਕੁਲਵੰਤ ਸਿੰਘ
ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਵਫ਼ਦ ਨੇ ਜਥੇਬੰਦੀ ਦੇ ਪ੍ਰਧਾਨ ਰਣਧੀਰ ਸਿੰਘ ਕੈਲੋਂ ਦੀ ਅਗਵਾਈ ਹੇਠ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਜਿੱਥੇ ਚੋਣ ਜਿੱਤਣ ਦੀ ਵਧਾਈ ਦਿੱਤੀ, ਉੱਥੇ ਪੰਜਾਬ ਦੇ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਰਣਧੀਰ ਸਿੰਘ ਕੈਲੋਂ ਨੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਸਮੇਂ ਸਿਰ ਸਾਲਾਨਾ ਤਰੱਕੀਆਂ ਕਰਨਾ, ਬਿਨਾਂ ਦੇਰੀ ਤੋਂ ਖਾਲੀ ਅਸਾਮੀਆਂ ਭਰਨਾ, ਸਰਕਾਰ ਵੱਲ ਬਕਾਇਆ ਮੁਲਾਜ਼ਮਾਂ ਦੇ ਡੀਏ ਦੀ ਕਿਸ਼ਤ ਜਾਰੀ ਕਰਨ ਸਮੇਤ ਕਈ ਹੋਰ ਜਾਇਜ਼ ਮੰਗਾਂ ਹੱਲ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਦੱਸਿਆ ਕਿ ਕਈ ਸੂਬਿਆਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ ਜਦਕਿ ਪੰਜਾਬ ਵਿੱਚ ਲੱਖਾਂ ਮੁਲਾਜ਼ਮ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਕਰਦੇ ਆ ਰਹੇ ਹਨ ਤਾਂ ਜੋ ਉਹ ਸੇਵਾਮੁਕਤੀ ਉਪਰੰਤ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰ ਸਕਣ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਮੁਲਾਜ਼ਮਾਂ ਮੰਗਾਂ ਸਬੰਧੀ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਨੂੰ ਮਿਲਣਗੇ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਯੋਗ ਪੈਰਵੀ ਕਰਨਗੇ। ਇਸ ਮੌਕੇ ਸੰਗਠਨ ਸਕੱਤਰ ਓਂਕਾਰ ਸਿੰਘ, ਰਵਿੰਦਰ ਕੁਮਾਰ, ਵਿਨੋਦ ਕੁਮਾਰ ਅਤੇ ਪ੍ਰੈਸ ਸਕੱਤਰ ਗੁਰਸੇਵਕ ਸਿੰਘ ਹਾਜ਼ਰ ਸਨ।