Nabaz-e-punjab.com

ਕਾਂਗਰਸ ਪਾਰਟੀ ਦੇ ਰਾਜ ਵਿੱਚ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ: ਬਲਬੀਰ ਸਿੱਧੂ

ਸਿੱਧੂ ਨੇ ਲਾਂਡਰਾਂ ਸਕੂਲ ਦੇ ਬੱਚਿਆਂ ਨੂੰ ਇਨਾਮ ਵੰਡੇ, ਸਕੂਲ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
‘ਪੰਜਾਬ ਵਿੱਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਹੀ ਸਿੱਖਿਆ ਦਾ ਗਰਾਫ਼ ਵਧਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸੋਚ ਹੈ ਕਿ ਰਾਜ ਵਿੱਚ ਸਿੱਖਿਆ ਤੇ ਸਿਹਤ ਖੇਤਰ ਉੱਤੇ ਸਭ ਤੋਂ ਵੱਧ ਤਵੱਜੋਂ ਦਿੱਤੀ ਜਾਵੇ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਰਕਾਰੀ ਹਾਈ ਸਕੂਲ ਲਾਂਡਰਾਂ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ, ਜੋ ਇਸ ਵਾਰ ਆਏ ਦਸਵੀਂ ਤੇ ਬਾਰ੍ਹਵੀਂ ਦੇ ਨਤੀਜੇ ਵਿੱਚੋਂ ਸਪੱਸ਼ਟ ਝਲਕਦਾ ਹੈ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਬਾਜ਼ੀ ਮਾਰੀ ਹੈ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਭ੍ਰਿਸ਼ਟਾਚਾਰ, ਦਾਜ ਤੇ ਭਰੂਣ ਹੱਤਿਆ ਸਮੇਤ ਹੋਰ ਵੀ ਕਈ ਸਮਾਜਿਕ ਬੁਰਾਈਆਂ ਖ਼ਿਲਾਫ਼ ਪੇਸ਼ਕਾਰੀਆਂ ਦਿੱਤੀਆਂ, ਜੋ ਸਲਾਹੁਣਯੋਗ ਸਨ। ਸ੍ਰੀ ਸਿੱਧੂ ਨੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ।
ਇਸ ਮੌਕੇ ਲਾਂਡਰਾਂ ਦੇ ਸਰਪੰਚ ਹਰਚਰਨ ਸਿੰਘ ਗਿੱਲ ਨੇ ਕਿਹਾ ਕਿ ਇਹ ਸਕੂਲ 1953-54 ਤੋਂ ਚੱਲ ਰਿਹਾ ਹੈ, ਜੋ ਇਲਾਕੇ ਦਾ ਸਭ ਤੋਂ ਪੁਰਾਣਾ ਸਕੂਲ ਹੈ ਪਰ ਸਕੂਲ ਨੂੰ ਅਜੇ ਤੱਕ ਬਾਰ੍ਹਵੀਂ ਤੱਕ ਨਹੀਂ ਕੀਤਾ ਗਿਆ ਅਤੇ ਇਮਾਰਤ ਦੀ ਵੀ ਖਸਤਾ ਹਾਲਤ ਹੈ। ਇਸ ਮੌਕੇ ਸ੍ਰੀ ਸਿੱਧੂ ਨੇ ਜਿੱਥੇ ਆਪਣੇ ਅਖਤਿਆਰੀ ਫੰਡ ਵਿੱਚੋਂ ਪੰਜ ਲੱਖ ਰੁਪਏ ਸਕੂਲ ਨੂੰ ਦੇਣ ਦਾ ਐਲਾਨ ਕੀਤਾ, ਉਥੇ ਨਾਲ ਹੀ ਕਿਹਾ ਕਿ ਇਮਾਰਤ ਨੂੰ ਨਵੀਂ ਦਿੱਖ ਦੇਣ ਲਈ ਇਸ ਦਾ ਐਸਟੀਮੇਟ ਬਣਾ ਕੇ ਭੇਜਿਆ ਜਾਵੇ। ਇਮਾਰਤ ਉਤੇ ਜਿੰਨੇ ਮਰਜ਼ੀ ਫੰਡ ਲੱਗਣ, ਉਹ ਸਕੂਲ ਨੂੰ ਦਿੱਤੇ ਜਾਣਗੇ ਅਤੇ ਇਸ ਸਕੂਲ ਨੂੰ ਇਲਾਕੇ ਭਰ ਵਿੱਚੋਂ ਵਧੀਆ ਸਕੂਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਨੂੰ ਕਿਹਾ ਕਿ ਸਕੂਲ ਨੂੰ ਅਪਗ੍ਰੇਡ ਕਰਨ ਦਾ ਕੇਸ ਵੀ ਬਣਾ ਕੇ ਭੇਜਿਆ ਜਾਵੇ।
ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੀ.ਐਸ. ਰਿਆਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ੍ਰੀਮਤੀ ਮਨਦੀਪ ਕੌਰ ਗਿੱਲ ਸਰਪੰਚ ਨਿਊ ਲਾਂਡਰਾਂ, ਦਿਲਬਾਗ ਸਿੰਘ ਨੰਬਰਦਾਰ, ਜਗਦੀਸ਼ ਸਿੰਘ ਲਾਂਡਰਾਂ, ਰਘੂਵੰਤ ਸਿੰਘ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ, ਤਰਲੋਚਨ ਸਿੰਘ, ਜਸਮੇਰ ਸਿੰਘ ਜਗੀਰਦਾਰ, ਨਰਿੰਦਰ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਘੋਲਾ, ਗੁਲਜ਼ਾਰ ਸਿੰਘ ਸਾਬਕਾ ਸਰਪੰਚ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊ ਲਾਂਡਰਾਂ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਂਪੁਰ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸਮਸ਼ੇਰ ਸਿੰਘ ਕੈਲੋਂ ਮੈਂਬਰ ਬਲਾਕ ਸਮਿਤੀ, ਗੁਰਮੀਤ ਸਿੰਘ ਸਾਬਕਾ ਪ੍ਰਧਾਨ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਬੇਦਾਰ ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਖੁਰਦ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …