nabaz-e-punjab.com

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਨਵਜੋਤ ਸਿੱਧੂ

ਸੂਬੇ ਤੇ ਦੇਸ਼ ਨੂੰ ਸਿਰਮੌਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਅੰਮ੍ਰਿਤਸਰ ਵਿੱਚ ਰਾਜ ਪੱਧਰੀ ਸਮਾਗਮ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 17 ਅਗਸਤ:
ਜਿਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿਚ ਕੀਤਾ। ਸ਼ਹੀਦ ਢੀਂਗਰਾ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਭਾਰਤ ਮਾਂ ਦੇ ਮਹਾਨ ਸਪੂਤ ਸ੍ਰੀ ਮਦਨ ਲਾਲ ਢੀਂਗਰਾ ਨੇ ਅੰਗਰੇਜ਼ਾਂ ਦੀ ਧਰਤੀ ’ਤੇ ਜਾ ਕੇ ਗੋਰਿਆਂ ਨੂੰ ਲਲਕਾਰਿਆ ਅਤੇ ਉਨਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜ਼ੁਲਮਾਂ ਦਾ ਬਦਲਾ ਲੈਂਦੇ ਹੋਏ ਅੰਗਰੇਜ਼ ਅਧਿਕਾਰੀ ਕਰਜ਼ਨ ਵਾਇਲੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਧਨਾਢ ਪਰਿਵਾਰ ਨਾਲ ਸਬੰਧਤ ਮਦਨ ਲਾਲ ਢੀਂਗਰਾ ਨੇ ਭਰ ਜਵਾਨੀ ਦੀ ਉਮਰ ਵਿਚ ਭਾਰਤ ਲਈ ਐਸ਼ੋ-ਆਰਾਮ ਦੀ ਜ਼ਿੰਦਗੀ ਨੂੰ ਠੋਕਰ ਮਾਰ ਦਿੱਤੀ ਅਤੇ ਭਾਰਤ ਮਾਤਾ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਖਾਤਰ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਏ ਹਨ ਅਤੇ ਉਹ ਹਮੇਸ਼ਾਂ ਭਾਰਤੀਆਂ ਦੇ ਦਿਲਾਂ ’ਚ ਜ਼ਿੰਦਾ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਭਗਤ ਸਿੰਘ, ਊਧਮ ਸਿੰਘ ਵਰਗੇ ਯੋਧਿਆਂ ਨੂੰ ਆਪਣੇ ਰੋਲ ਮਾਡਲ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਦੀ ਉੱਨਤੀ ’ਚ ਆਪਣਾ ਯੋਗਦਾਨ ਪਾਉਣ। ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਯਾਦ ’ਚ ਅਜਿਹੇ ਸਮਾਗਮ ਕਰਾ ਕੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਾਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਦੇਸ਼ ਭਗਤ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਲੋੜ ਹੈ ਗੰਦਲੀ ਰਾਜਨੀਤੀ ਅਤੇ ਲਾਲਚੀ ਲੀਡਰਾਂ ਖਿਲਾਫ ਜੰਗ ਕਰਨ ਦੀ। ਉਨ੍ਹਾਂ ਕਿਹਾ ਕਿ ਨਰੋਈ ਰਾਜਨੀਤੀ ਹੀ ਦੇਸ਼ ਨੂੰ ਬੁਲੰਦੀਆਂ ’ਤੇ ਲਿਜਾ ਸਕਦੀ ਹੈ। ਸ. ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੀ ਸੇਵਾ ਲਈ ਜਨਮੇ ਹਨ, ਸੇਵਾ ਕਰ ਰਹੇ ਹਨ ਅਤੇ ਆਖਰੀ ਦਮ ਤੱਕ ਸੂਬੇ ਦੀ ਸੇਵਾ ਕਰਦੇ ਰਹਿਣਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿਧਾਇਕ ਸ੍ਰੀ ਸੁਨੀਲ ਦੱਤੀ, ਹਲਕਾ ਅਟਾਰੀ ਦੇ ਵਿਧਾਇਕ ਸ. ਤਰਸੇਮ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਨਗਰ ਨਿਗਮ ਸ. ਗੁਰਲਵਲੀਨ ਸਿੰਘ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦੀ ਸਮਾਗਮ ਦੌਰਾਨ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਤੋਂ ਸਬਕ ਲੈਂਦੇ ਹੋਏ ਸੱਚੇ ਦੇਸ਼ ਭਗਤ ਬਣਨ।
ਇਸ ਮੌਕੇ ਲੈਕਚਰਾਰ ਅਮਨ ਸ਼ਰਮਾਂ ਨੇ ਸ਼ਹੀਦ ਢੀਂਗਰਾ ਦੇ ਜੀਵਨ ’ਤੇ ਵਿਸਥਾਰ ’ਚ ਰੌਸ਼ਨੀ ਪਾਈ। ਸਮਾਗਮ ਦੌਰਾਨ ਅਨੀਤਾ ਦੇਵਗਨ ਦੇ ‘ਦ ਥੀਏਟਰ ਪਰਸਨ’ ਗਰੁੱਪ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਦਰਸਾਉਂਦੇ ਨਾਟਕ ‘ਬਲੀਦਾਨ’ ਦਾ ਬਾਖੂਬੀ ਮੰਚਨ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸ਼ਬਦ, ਕੋਰੀਓਗ੍ਰਾਫੀਆਂ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸ. ਨਵਜੋਤ ਸਿੰਘ ਸਿੱਧੂ ਨੇ ਹਾਜ਼ਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾ, ਜਾਇੰਟ ਕਮਿਸ਼ਨਰ ਨਗਰ ਨਿਗਮ ਸੌਰਬ ਅਰੋੜਾ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਜ਼ਿਲ੍ਹਾ ਸਿੱਖਿਆ ਅਫਸਰ (ਸ) ਸੁਨੀਤਾ ਕਿਰਨ, ਐਕਸੀਅਨ ਪਾਵਰਕਾਮ ਹਰਜੀਤ ਸਿੰਘ, ਸੰਤ ਸਿੰਘ ਸੁੱਖਾ ਸਿੰਘ ਸਕੂਲ ਦੇ ਐਮਡੀ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …