ਲੌਕਡਾਊਨ: ਦੁਕਾਨਦਾਰਾਂ ਵੱਲੋਂ ਮੁਹਾਲੀ ਵਿੱਚ ਸ਼ਨੀਵਾਰ ਤੇ ਐਤਵਾਰ ਨੂੰ ਦੁਕਾਨਾਂ ਖੋਲ੍ਹਣ ਦਾ ਐਲਾਨ

ਮੁਹਾਲੀ ਵਿੱਚ ਰਾਤ ਨੂੰ ਵੀ 9 ਵਜੇ ਤੱਕ ਖੋਲ੍ਹੀਆਂ ਜਾਣਗੀਆਂ ਦੁਕਾਨਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਪੰਜਾਬ ਸਮੇਤ ਮੁਹਾਲੀ ਜ਼ਿਲ੍ਹੇ ਕਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਮੁਹਾਲੀ ਵਿੱਚ ਹਫ਼ਤਾਵਾਰੀ ਦੋ ਦਿਨ ਮੁਕੰਮਲ ਲੌਕਡਾਊਨ ਅਤੇ ਸ਼ਾਮ ਨੂੰ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕੀਤਾ ਗਿਆ ਹੈ ਪ੍ਰੰਤੂ ਦੂਜੇ ਪਾਸੇ ਮੁਹਾਲੀ ਦੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਖੁੱਲ੍ਹੀ ਬਗਾਵਤ ਦਾ ਝੰਡਾ ਚੁੱਕ ਲਿਆ ਹੈ। ਦੁਕਾਨਦਾਰਾਂ ਨੇ ਸਨਿੱਚਰਵਾਰ ਅਤੇ ਐਤਵਾਰ ਨੂੰ ਆਪਣੀਆਂ ਦੁਕਾਨਾਂ ਆਮ ਦਿਨਾਂ ਵਾਂਗ ਖੋਲ੍ਹਣ ਅਤੇ ਰੋਜ਼ਾਨਾ ਸ਼ਾਮ ਨੂੰ ਸਾਢੇ 6 ਵਜੇ ਦੀ ਥਾਂ ਰਾਤ ਨੂੰ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਚੇਅਰਮੈਨ ਸ਼ੀਤਲ ਸਿੰਘ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਕਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਛੋਟੇ ਵਪਾਰੀਆਂ ’ਤੇ ਇੱਕ ਤੋਂ ਬਾਅਦ ਇੱਕ ਪਾਬੰਦੀਆਂ ਲਗਾ ਕੇ ਦੁਕਾਨਦਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਜਿਸ ਕਾਰਨ ਦੁਕਾਨਦਾਰ ਆਰਥਿਕ ਪੱਖੋਂ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜਦੋਂ ਮਰਜ਼ੀ ਚਾਹੇ ਦੁਕਾਨਾਂ ਬੰਦ ਕਰਵਾਉਣ ਦੇ ਤਾਨਾਸ਼ਾਹੀ ਫੁਰਮਾਨ ਜਾਰੀ ਦਿੰਦੀ ਹੈ ਜਦੋਂਕਿ ਪਾਬੰਦੀਆਂ ਦੇ ਬਾਵਜੂਦ ਲਗਾਤਾਰ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਦੁਕਾਨਦਾਰਾਂ ਨੂੰ ਬਲੀ ਦਾ ਬਕਰਾ ਬਣਾ ਰਹੀ ਹੈ।
ਮੁਹਾਲੀ ਦੇ ਇਨ੍ਹਾਂ ਛੋਟੇ ਵਪਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਲੌਕਡਾਊਨ ਦੀਆਂ ਪਾਬੰਦੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਜਦੋਂਕਿ ਪੰਜਾਬ ਸਰਕਾਰ ਦੁਕਾਨਦਾਰਾਂ ਨਾਲ ਮਤਰੇਆ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੀਆਂ ਮਾਰਕੀਟਾਂ ਸ਼ਾਮ ਢਲਦੇ ਹੀ ਸਾਢੇ ਛੇ ਵਜੇ ਬੰਦ ਕਰਵਾ ਦਿੱਤੀਆਂ ਜਾਂਦੀਆਂ ਹਨ। ਜਿਸ ਕਾਰਨ ਸ਼ਹਿਰ ਵਾਸੀ ਖਰੀਦਦਾਰੀ ਲਈ ਚੰਡੀਗੜ੍ਹ ਦਾ ਰੁੱਖ ਕਰ ਲੈਂਦੇ ਹਨ। ਵੈਸੇ ਵੀ ਜ਼ਿਆਦਾਤਰ ਨੌਕਰੀਪੇਸ਼ਾ ਲੋਕ ਹਨ, ਜੋ ਡਿਊਟੀ ਤੋਂ ਬਾਅਦ ਸ਼ਾਮ ਨੂੰ ਹੀ ਮਾਰਕੀਟ ਵਿੱਚ ਆਉਂਦੇ ਹਨ ਅਤੇ ਜਾਂ ਫਿਰ ਛੁੱਟੀ ਵਾਲੇ ਦਿਨ ਸਨਿੱਚਰਵਾਰ ਅਤੇ ਐਤਵਾਰ ਨੂੰ ਖਰੀਦਦਾਰੀ ਕਰਨ ਜਾਂਦੇ ਹਨ ਪ੍ਰੰਤੂ ਇਹ ਦੋਵੇਂ ਦਿਨ ਬਾਜ਼ਾਰ ਬੰਦ ਰੱਖਣ ਦੇ ਹੁਕਮ ਜਾਰੀ ਹੋਣ ਕਾਰਨ ਮੁਹਾਲੀ ਦੇ ਛੋਟੇ ਵਪਾਰੀਆਂ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਦੁਕਾਨਦਾਰਾਂ ਵੱਲੋਂ ਸਨਿੱਚਰਵਾਰ ਅਤੇ ਐਤਵਾਰ ਨੂੰ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…