
ਲੋਕ ਸਭਾ ਚੋਣਾਂ: ਮੁਹਾਲੀ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਮੁਹਾਲੀ ’ਚ ਫਲੈਗ ਮਾਰਚ ਕੀਤਾ
ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁਹਾਲੀ ਪੁਲੀਸ ਅਤੇ ਕੇਂਦਰੀ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਸ਼ਹਿਰ ਫਲੈਗ ਮਾਰਚ ਕੱਢਿਆ। ਜਿਸ ਦੀ ਅਗਵਾਈ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਚੋਣਾਂ ਨੂੰ ਲੈ ਕੇ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਤੋਂ ਸ਼ੁਰੂ ਹੋਇਆ, ਜੋ ਫੇਜ਼-9, ਫੇਜ਼-10, ਫੇਜ਼-11 ਤੋਂ ਅੱਗੇ ਆਈਸਰ ਚੌਂਕ ਅਤੇ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ਤੋਂ ਹੁੰਦਾ ਹੋਇਆ ਸੋਹਾਣਾ ਸਥਿਤ ਪਾਣੀ ਦੀ ਟੈਂਕੀ ਨੇੜੇ ਪਹੁੰਚ ਕੇ ਖ਼ਤਮ ਹੋਇਆ। ਫਲੈਗ ਮਾਰਚ ਦੌਰਾਨ ਮੁਹਾਲੀ ਪੁਲੀਸ ਸਬ ਡਿਵੀਜ਼ਨ-2 ਦੇ ਅਧੀਨ ਆਉਂਦੇ ਸਮੂਹ ਥਾਣਿਆਂ ਦੇ ਐਸਐਚਓਜ਼ ਅਤੇ ਹੋਰ ਪੁਲੀਸ ਕਰਮਚਾਰੀ ਅਤੇ ਕੇਂਦਰੀ ਸੁਰੱਖਿਆ ਫੋਰਸ ਦੇ ਅਧਿਕਾਰੀ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ।
ਡੀਐਸਪੀ ਬੱਲ ਨੇ ਦੱਸਿਆ ਕਿ ਪੰਜਾਬ ਵਿੱਚ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲੀਸ ਜਵਾਨਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਵਧਾਉਣਾ ਸੀ। ਉਨ੍ਹਾਂ ਕਿਹਾ ਕਿ ਸਮੂਹ ਥਾਣਾ ਮੁਖੀਆਂ ਨੂੰ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੀ ਬੇਮਿਸਾਲ ਪਰੰਪਰਾ ਨੂੰ ਕਾਇਮ ਰੱਖਿਆ ਜਾਵੇਗਾ।