Nabaz-e-punjab.com

ਲੋਕ ਸਭਾ ਚੋਣਾਂ: ਈਵੀਐਮ/ਵੀਵੀ ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੇ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸੈਕਟਰ ਅਫ਼ਸਰਾਂ ਨੂੰ ਈਵੀਐਮ ਅਤੇ ਵੀਵੀ ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਸਿਖਲਾਈ ਦਿੱਤੀ ਗਈ ਅਤੇ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਟੈਸਟ ਵੀ ਲਿਆ ਗਿਆ। ਇਸ ਦੋ ਰੋਜ਼ਾ ਪ੍ਰੋਗਰਾਮ ਦੇ ਅਖੀਰਲੇ ਦਿਨ ਮੁਹਾਲੀ ਦੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੈਕਟਰ ਅਫ਼ਸਰਾਂ ਨੂੰ ਈਵੀਐਮਜ਼/ਵੀਵੀ ਪੈਟ ਚਲਾਉਣ ਅਤੇ ਵੋਟਾਂ ਪੈਣ ਤੋਂ ਬਾਅਦ ਇਨ੍ਹਾਂ ਦੀ ਸਾਂਭ-ਸੰਭਾਲ ਬਾਰੇ ਸਿਖਲਾਈ ਦੇਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਸਾਰੀਆਂ ਈਵੀਐਮਜ਼ ਨਾਲ ਵੀਵੀ ਪੈਟ ਦੀ ਵੀ ਵਰਤੋਂ ਕੀਤੀ ਜਾਵੇਗੀ। ਵੀਵੀ ਪੈਟ ਮਸ਼ੀਨ ਦੀ ਸਕਰੀਨ ’ਤੇ ਇੱਕ ਪਰਚੀ ਦਿਖਾਈ ਦਿੰਦੀ ਹੈ, ਜਿਸ ’ਤੇ ਵੋਟਰ ਵੱਲੋਂ ਪਾਈ ਗਈ ਵੋਟ ਦੀ ਜਾਣਕਾਰੀ ਦਰਸਾਈ ਗਈ ਹੁੰਦੀ ਹੈ। ਇਹ ਪਰਚੀ 7 ਸੈਕਿੰਡ ਲਈ ਵੋਟਰ ਦੇ ਸਾਹਮਣੇ ਰਹਿੰਦੀ ਹੈ। ਜਿਸ ਮਗਰੋਂ ਪਰਚੀ ਵੀਵੀ ਪੈਟ ਦੇ ਹੇਠਲੇ ਹਿੱਸੇ ਵਿੱਚ ਚਲੀ ਜਾਂਦੀ ਹੈ। ਇਸ ਨਾਲ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ੍ਹਾਂ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ।
ਸ੍ਰੀਮਤੀ ਸਾਹਨੀ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੁਚੱਜੇ ਢੰਗ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਇਸ ਮੰਤਵ ਦੀ ਪੂਰਤੀ ਲਈ ਹੀ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਦੀ ਸਿਖਲਾਈ ਐਸਡੀਐਮ ਜਗਦੀਪ ਸਹਿਗਲ ਦੀ ਨਿਗਰਾਨੀ ਹੇਠ ਕੀਤੀ ਗਈ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਅਤੇ ਤਹਿਸੀਲਦਾਰ ਚੋਣਾਂ ਸੰਜੈ ਕੁਮਾਰ ਅਤੇ ਸਮੂਹ ਸੈਕਟਰ ਅਫ਼ਸਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…