ਲੋਕ ਸਭਾ ਚੋਣਾਂ: ਲੋਕਤੰਤਰ ਦੀ ਮਜ਼ਬੂਤੀ ਲਈ ਸੜਕ ’ਤੇ ਦੌੜੀਆਂ ਅੌਰਤਾਂ

ਵੋਟਰ ਜਾਗਰੂਕਤਾ ਲਈ ਅੌਰਤਾਂ ਦੀ ਮੈਰਾਥਨ ਵਿੱਚ ਵੱਡੀ ਗਿਣਤੀ ’ਚ ਮਹਿਲਾ ਵੋਟਰਾਂ ਨੇ ਕੀਤੀ ਸ਼ਿਰਕਤ

ਪਹਿਲੇ 100 ਜੇਤੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਫ਼ਿਲਮਾਂ ਦੀਆਂ ਟਿਕਟਾਂ ਇਨਾਮ ਵਜੋਂ ਦਿੱਤੀਆਂ ਜਾਣਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 17 ਅਪਰੈਲ:
ਮੁਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਮਹਿਲਾ ਮੈਰਾਥਨ ਕਰਵਾਈ ਗਈ। ਜਿਸ ਨੂੰ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਹਰੀ ਝੰਡੀ ਦਿਖਾ ਦੇ ਕੇ ਰਵਾਨਾ ਕੀਤਾ। ਇੱਥੋਂ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਤੋਂ ਸ਼ੁਰੂ ਹੋਈ ਇਸ ਮੈਰਾਥਨ ਵਿੱਚ 400 ਤੋਂ ਵੱਧ ਮਹਿਲਾ ਵੋਟਰਾਂ ਨੇ ਭਾਗ ਲਿਆ।
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਘੱਟੋ-ਘੱਟ 80 ਫੀਸਦੀ ਮਤਦਾਨ ਦਾ ਟੀਚਾ ਮਿਥਿਆ ਗਿਆ ਹੈ। ਸਮੁੱਚੇ ਜ਼ਿਲ੍ਹੇ ਵਿੱਚ ਕੁੱਲ 7,93,465 ਵੋਟਰ ਹਨ। ਜਿਨ੍ਹਾਂ ’ਚੋਂ 4,16,704 ਪੁਰਸ਼ ਅਤੇ 3,77,625 ਅੌਰਤਾਂ ਅਤੇ 36 ਟਰਾਂਸ-ਜੈਂਡਰ ਹਨ। ਉਨ੍ਹਾਂ ਕਿਹਾ ਕਿ ਅੌਰਤ ਵੋਟਰਾਂ ਦੇ ਮਤਦਾਨ ਦੀ ਵੱਡੀ ਗਿਣਤੀ ਹੋ ਸਕਦੀ ਹੈ, ਜੇਕਰ ਉਨ੍ਹਾਂ ਨੂੰ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਅੌਰਤਾਂ ਅੱਜ ਮੈਰਾਥਨ ਦਾ ਹਿੱਸਾ ਨਹੀਂ ਬਣ ਸਕੀਆਂ, ਉਨ੍ਹਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ 1 ਜੂਨ ਨੂੰ ਸਵੈ-ਇੱਛਾ ਨਾਲ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਵੋਟ ਪਾਉਣ ਲਈ ਪ੍ਰੇਰਿਆ ਗਿਆ।
ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਮੈਰਾਥਨ ਨੂੰ ਮਹਿਲਾ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਅੌਰਤਾਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੱਧ ਤੋਂ ਵੱਧ ਮਤਦਾਨ ਕਰਨ ਕਿਉਂਕਿ ਈਵੀਐਮ ਦਾ ਬਟਨ ਦਬਾਉਣ ਦੀ ਚੋਣ ਬਤੌਰ ਮਤਦਾਤਾ ਉਨ੍ਹਾਂ ਕੋਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੋਲਿੰਗ ਬੂਥਾਂ ’ਤੇ ਜਾ ਕੇ ਆਪਣੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਦੇ ਤਾਂ ਸਾਨੂੰ ਬਾਅਦ ਵਿੱਚ ਸ਼ਿਕਾਇਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 3.77 ਲੱਖ ਤੋਂ ਵੱਧ ਮਹਿਲਾ ਵੋਟਰ ਹਨ, ਜੋ ਲੋਕ ਸਭਾ ਚੋਣਾਂ ਵਿੱਚ ਹੋਰਨਾਂ ਲਈ ਮਿਸਾਲ ਕਾਇਮ ਕਰਕੇ ਇਤਿਹਾਸ ਰਚ ਸਕਦੀਆਂ ਹਨ।
ਜ਼ਿਲ੍ਹਾ ਆਈਕਨ ਅਦਾਕਾਰਾ ਰਾਜ ਧਾਲੀਵਾਲ, ਸਟੇਟ ਕੋਆਰਡੀਨੇਟਰ ਪੂਨਮ ਲਾਲ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਵੀ ਹਾਜ਼ਰ ਸਨ। ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਮੈਰਾਥਨ ਨੂੰ ਸਮਰਪਿਤ ਸੁੰਦਰ ਅਤੇ ਵਿਲੱਖਣ ਪੇਂਟਿੰਗ ਸੜਕ ’ਤੇ ਬਣਾਈ।
ਐਸਡੀ ਦੀਪਾਂਕਰ ਗਰਗ ਨੇ ਕਿਹਾ ਕਿ ਅੱਜ ਦੀ ਮੈਰਾਥਨ ਦੇ 100 ਪਹਿਲੇ ਜੇਤੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਫ਼ਿਲਮਾਂ ਦੀਆਂ ਟਿਕਟਾਂ ਦਿੱਤੀਆਂ ਜਾਣਗੀਆਂ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਨੇ ਲੋਕਤੰਤਰ ਦੇ ਤਿਉਹਾਰ ਮੌਕੇ ਵੋਟਾਂ ਨਾਲ ਸਬੰਧਤ ਵਿਸ਼ੇਸ਼ ਬੋਲੀਆਂ ਰਾਹੀਂ ਲੋਕ ਨਾਚ ਗਿੱਧਾ ਪੇਸ਼ ਕੀਤਾ। ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਮੈਨੇਜਰ ਰੋਹਿਤ ਕੱਕੜ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮਕੇ ਭਾਰਦਵਾਜ ਦੀ ਅਗਵਾਈ ਹੇਠ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…