
ਸ਼੍ਰੋਮਣੀ ਅਕਾਲੀ ਦਲ ਵਿੱਚ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਮਿਲੇਗਾ: ਸੁਖਬੀਰ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੌਖੇ ਸਮੇਂ ਪਾਰਟੀ ਨਾਲ ਢਾਲ ਬਣ ਕੇ ਖੜੇ ਰਹਿਣ ਵਾਲੇ ਵਫ਼ਾਦਾਰ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਸ੍ਰੀ ਬਾਦਲ ਇੱਥੋਂ ਦੇ ਫੇਜ਼-3ਬੀ1 ਸਥਿਤ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਦੀ ਰਾਜਨੀਤੀ ਸਬੰਧੀ ਸੀਨੀਅਰ ਆਗੂਆਂ ਨਾਲ ਚਰਚਾ ਕਰਦਿਆਂ ਮੁਹਾਲੀ ਹਲਕੇ ਨੂੰ ਪੱਕਾ ਸੇਵਾਦਾਰ ਦੇਣ ਦੀ ਗੱਲ ਆਖੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਮਨਪ੍ਰੀਤ ਸਿੰਘ ਪ੍ਰਿੰਸ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਸੱਚੇ ਸਿਪਾਹੀ ਵਜੋਂ ਸੇਵਾ ਕਰ ਰਿਹਾ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਪ੍ਰਿੰਸ ਇਸੇ ਤਰ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਅਕਾਲੀ ਵਿਧਾਇਕ ਐਨਕੇ ਸ਼ਰਮਾ, ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਚਰਨਜੀਤ ਸਿੰਘ ਬਰਾੜ, ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੀਤੀ ਜਾ ਰਹੀ ਸਖ਼ਤ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਘਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ।