
ਲੁਧਿਆਣਾ ਬੰਬ ਧਮਾਕਾ: ਐਨਆਈਏ ਅਦਾਲਤ ਨੇ ਮੁਲਜ਼ਮ ਨੂੰ 7 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਾਮਜ਼ਦ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਦਿੱਡਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਜ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਨੂੰ 9 ਦਸੰਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਐਨਆਈਏ ਨੇ ਬੀਤੇ ਦਿਨੀਂ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਮਲੇਸ਼ੀਆ ਤੋਂ ਵਾਪਸ ਦਿੱਲੀ ਹਵਾਈ ਅੱਡੇ ’ਤੇ ਆ ਰਿਹਾ ਸੀ।
ਜਾਂਚ ਟੀਮ ਨੇ ਹਰਪ੍ਰੀਤ ਸਿੰਘ ਹੈਪੀ ’ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਮੁਲਜ਼ਮ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਪਿੰਡ ਮਿਆਦੀ ਕਲਾਂ ਦਾ ਰਹਿਣ ਵਾਲਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 23 ਦਸੰਬਰ ਨੂੰ ਲੁਧਿਆਣਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦੀ ਵਰਤੋਂ ਕੀਤੀ ਗਈ ਸੀ। ਇਹ ਬੰਬ ਇਕ ਬਾਥਰੂਮ ਵਿੱਚ ਰੱਖਿਆ ਗਿਆ ਸੀ ਅਤੇ ਐਨਆਈਏ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਇਹ ਬੰਬ ਪੰਜਾਬ ਪੁਲੀਸ ਦਾ ਇੱਕ ਮੁਅੱਤਲ ਕਰਮਚਾਰੀ ਗਗਨਦੀਪ ਸਿੰਘ ਲੈ ਕੇ ਆਇਆ ਸੀ ਅਤੇ ਬੰਬ ਧਮਾਕੇ ਵਿੱਚ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦੋਂਕਿ 6 ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਮੌਜੂਦਾ ਸਮੇਂ ਵਿੱਚ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਐਨਆਈਏ ਅਦਾਲਤ ਵਿੱਚ ਚੱਲ ਰਹੀ ਹੈ।