
ਲੰਪੀ ਸਕਿਨ ਤੇ ਦੁੱਧ ਦੇ ਭਾਅ ਦਾ ਮਾਮਲਾ: ਕਿਸਾਨਾਂ ਤੇ ਪਸ਼ੂ ਪਾਲਕਾਂ ਵੱਲੋਂ ਗੁਪਤ ਐਕਸ਼ਨ ਕਰਨ ਦਾ ਐਲਾਨ
ਕਿਸਾਨਾਂ ਤੇ ਪਸ਼ੂ ਪਾਲਕਾਂ ਦਾ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬਾਹਰ ਲੜੀਵਾਰ ਧਰਨਾ ਦੂਜੇ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਜਥੇਬੰਦੀਆਂ ਵੱਲੋਂ ਉੱਘੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਲੜੀਵਾਰ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਰਾਜਵਿੰਦਰ ਸਿੰਘ ਦੇਸੂਮਾਜਰਾ, ਕੁਲਵੰਤ ਸਿੰਘ ਤ੍ਰਿਪੜੀ, ਗੁਰਪ੍ਰੀਤ ਸਿੰਘ ਪਲਹੇੜੀ, ਹਰਜੀਤ ਸਿੰਘ ਸਿਆਊ, ਗੁਰਵਿੰਦਰ ਸਿੰਘ ਸਿਆਊ, ਮਲਕੀਤ ਸਿੰਘ ਖੱਟੜਾ, ਗਿਆਨ ਸਿੰਘ ਧੜਾਕ, ਦਵਿੰਦਰ ਸਿੰਘ ਬਾਜਵਾ, ਗੁਰਮੀਤ ਸਿੰਘ ਸ਼ਾਟੂ, ਨਰਿੰਦਰ ਸਿੰਘ ਮਾਵੀ, ਕੁਲਵਿੰਦਰ ਸਿੰਘ ਚੱਕਲਾ, ਮਨਦੀਪ ਸਿੰਘ ਖਿਜਰਾਬਾਦ, ਭੁਪਿੰਦਰ ਸਿੰਘ ਜੱਲ੍ਹਾ, ਗੁਰਮੇਲ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਇਸ ਮੌਕੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਮੀਟਿੰਗ ਕਰਕੇ ਭਲਕੇ ਬੁੱਧਵਾਰ ਨੂੰ ਕੋਈ ਵੱਡਾ ਗੁਪਤ ਐਕਸ਼ਨ ਕਰਨ ਦਾ ਐਲਾਨ ਕੀਤਾ। ਜਿਸ ਵਿੱਚ ਮੁੱਖ ਸੜਕ ਜਾਮ ਅਤੇ ਵੇਰਕਾ ਮਿਲਕ ਪਲਾਂਟ ਦਾ ਗੇਟ ਬੰਦ ਕਰਕੇ ਘਿਰਾਓ ਕੀਤਾ ਜਾ ਸਕਦਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਅਤੇ ਸਮੇਂ ਸਿਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਫੁਰਮਾਨ ਜਾਰੀ ਕਰੇ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਬੀਮਾਰੀ ਨਾਲ ਰੋਜ਼ਾਨਾ ਪਸ਼ੂਆਂ ਮਰ ਰਹੇ ਹਨ ਅਤੇ ਇਸ ਦਾ ਦੁੱਧ ਦੀ ਵਿੱਕਰੀ ’ਤੇ ਵੀ ਅਸਰ ਪੈ ਰਿਹਾ ਹੈ। ਜਿਸ ਕਾਰਨ ਪਸ਼ੂ ਪਾਲਕਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਸ਼ੂ ਪਾਲਕਾਂ ਨੂੰ ਪ੍ਰਤੀ ਪਸ਼ੂ 1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਦੱੁਧ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾਵੇ ਅਤੇ ਨਕਲੀ ਦੁੱਧ ਦੇ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਿਆ ਜਾਵੇ।