ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ, ਏਡੀਸੀ ਜੈਨ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਮਗਨਰੇਗਾ ਕਰਮਚਾਰੀ ਯੂਨੀਅਨ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ, ਵੰਦਨਾ ਸਿੰਗਲਾ ਅਤੇ ਕੰਵਲਜੀਤ ਸਿੰਘ ਨੇ ਅੱਜ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਰਾਹੀਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮੰਗ ਪੱਤਰ ਭੇਜਿਆ ਹੈ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਮਗਨਰੇਗਾ ਮੁਲਾਜ਼ਮਾਂ ਦੀ ਭਰਤੀ ਸਮੇਂ-ਸਮੇਂ ’ਤੇ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ। ਮਗਨਰੇਗਾ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਮੁੱਢਲਾ ਸਮਾਂ ਮਗਨਰੇਗਾ ਲੇਖੇ ਲਗਾ ਚੁੱਕੇ ਹਨ। ਇਸ ਲਈ ਹੁਣ ਰੋਜ਼ੀ-ਰੋਟੀ ਦਾ ਸਾਧਨ ਸਿਰਫ਼ ਤੇ ਸਿਰਫ਼ ਮਗਨਰੇਗਾ ਵਿੱਚ ਨੌਕਰੀ ਤੋਂ ਹੈ। ਪੰਜਾਬ ਦੇ ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਗਾਤਾਰ ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਿਹਾ ਹੈ। ਪਿਛਲੇ ਸਮੇਂ ਵਿੱਚ ਪੰਚਾਇਤ ਸਕੱਤਰਾਂ ਅਤੇ ਸਟੈਨੋਗ੍ਰਾਫਰਾਂ ਦੀ ਭਰਤੀ ਦੌਰਾਨ ਵੀ ਨਰੇਗਾ ਮੁਲਾਜ਼ਮਾਂ ਨੂੰ ਦਰਕਿਨਾਰ ਕੀਤਾ ਗਿਆ ਸੀ।ਜਦੋਂ ਕਿ ਨਰੇਗਾ ਮੁਲਾਜ਼ਮ ਨਵੇਂ ਸਟਾਫ਼ ਤੋਂ ਕਿਤੇ ਜਿਆਦਾ ਮਿਹਨਤੀ ਅਤੇ ਤਜ਼ਰਬੇਕਾਰ ਹਨ। ਇਸੇ ਕਰਕੇ 16 ਸਤੰਬਰ 2019 ਤੋਂ 1 ਅਕਤੂਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕਰਕੇ ਰੋਹ ਭਰਪੂਰ ਧਰਨੇ ਦਿੱਤੇ ਗਏ ਸਨ। ਜਿਸਦੇ ਚਲਦਿਆਂ ਆਪ ਜੀ ਦੇ ਹੁਕਮਾਂ ਅਨੁਸਾਰ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੇਸ ਤਿਆਰ ਕਰਨ ਲਈ ਇਕ ਅਫ਼ਸਰ ਕਮੇਟੀ ਦਾ ਗਠਨ ਕੀਤਾ ਗਿਆ ਸੀ,ਜਿਸਨੇ ਕੇਸ ਤਿਆਰ ਕਰਕੇ ਇੱਕ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਸੌਂਪਣੀ ਸੀ। ਭਾਵੇਂ ਕਿ ਕਮੇਟੀ ਦੀਆਂ ਇਕ-ਦੋ ਮੀਟਿੰਗਾਂ ਜਰੂਰ ਹੋਈਆਂ ਪਰ ਇਸ ਤੋਂ ਬਾਅਦ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਅਫ਼ਸਰਸ਼ਾਹੀ ਵੱਲੋਂ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ 1 ਫਰਵਰੀ ਨੂੰ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਮੁੜ ਤੋਂ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਜਿਸ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮਾਂ ਅਤੇ 26 ਫਰਵਰੀ ਨੂੰ ਵਿਕਾਸ ਭਵਨ ਮੁਹਾਲੀ ਵਿੱਚ ਸੰਕੇਤਕ ਧਰਨੇ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਧਰਨਿਆਂ ਕਾਰਨ ਵਿਭਾਗ ਦੇ ਕੰਮ ਪ੍ਰਭਾਵਿਤ ਨਾ ਹੋਣ। ਇਸ ਲਈ ਮਗਨਰੇਗਾ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਕੀਤਾ ਜਾਵੇ ਤਾਂ ਜੋ ਮਗਨਰੇਗਾ ਮੁਲਾਜ਼ਮਾਂ ਵਿੱਚ ਵੱਧ ਰਹੇ ਰੋਸ ਨੂੰ ਖਤਮ ਕੀਤਾ ਜਾ ਸਕੇ।
ਉਧਰ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਮਗਨਰੇਗਾ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਅਗਰੇਲੀ ਕਾਰਵਾਈ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਭੇਜਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…