ਸੈਂਟ ਸੋਲਜਰ ਸਕੂਲ ਵਿੱਚ ਬੰਬ ਰੱਖਣ ਦੀ ਸੂਚਨਾ ਮਿਲਣ ਕਾਰਨ ਪੁਲੀਸ ਨੂੰ ਭਾਜੜਾਂ ਪਈਆਂ

ਸਕੂਲ ਪ੍ਰਬੰਧਕਾਂ ਅਨੁਸਾਰ ਕਰਵਾਈ ਗਈ ਸੀ ‘ਮੌਕ ਡਰਿੱਲ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਇੱਥੋਂ ਦੇ ਸੈਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਵਿੱਚ ਅੱਜ ਬੰਬ ਦੀ ਸੂਚਨਾ ਮਿਲਣ ਕਾਰਨ ਸਕੂਲ ਪ੍ਰਬੰਧਕਾਂ ਅਤੇ ਮੁਹਾਲੀ ਪੁਲੀਸ ਨੂੰ ਭਾਜੜਾਂ ਪੈ ਗਈਆਂ। ਬੰਬ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੁਲੀਸ, ਬੰਬ ਨਕਾਰਾ ਕਰਨ ਵਾਲੀ ਟੀਮ ਅਤੇ ਹੋਰ ਸਰਕਾਰੀ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਸਕੂਲ ਪ੍ਰਬੰਧਕਾਂ ਨੇ ਤੁਰੰਤ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲ ਕੰਪਲੈਕਸ ਤੋਂ ਬਾਹਰ ਸੁਰੱਖਿਅਤ ਥਾਂ ’ਤੇ ਭੇਜ ਦਿੱਤਾ ਗਿਆ। ਮਟੌਰ ਥਾਣਾ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਤੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਕੂਲ ਕੰਪਲੈਕਸ ਅੰਦਰ ਚੱਪੇ ਚੱਪੇ ਦੀ ਤਲਾਸ਼ੀ ਲਈ ਗਈ ਪ੍ਰੰਤੂ ਪੁਲੀਸ ਮੌਕੇ ’ਤੇ ਕੋਈ ਬੰਬ ਜਾਂ ਧਮਾਕਾਖ਼ੇਜ਼ ਸਮੱਗਰੀ ਬਰਾਮਦ ਨਹੀਂ ਹੋਈ।
ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਇਕ ਵਿਦਿਆਰਥੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਕ ਚਿੱਠੀ ਦਿੱਤੀ ਗਈ ਸੀ। ਜਿਸ ਵਿੱਚ ਲਿਖਿਆ ਸੀ ਕਿ ਸਕੂਲ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ, ਇਸ ਤੋਂ ਤੁਰੰਤ ਬਾਅਦ ਸਕੂਲ ਮੈਨੇਜਮੈਂਟ ਵੱਲੋਂ ਮੁਹਾਲੀ ਪੁਲੀਸ ਨੂੰ ਇਤਲਾਹ ਦਿੱਤੀ ਗਈ ਅਤੇ ਨਾਲ ਹੀ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਸੂਚਨਾ ਮਿਲਦੇ ਹੀ ਤੁਰੰਤ ਪੁਲੀਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਸਕੂਲ ਵਿੱਚ ਬੰਬ ਦੀ ਭਾਲ ਸ਼ੁਰੂ ਕਰ ਦਿੱਤੀ।
ਉਧਰ, ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਬੰਬ ਰੱਖੇ ਜਾਣ ਦੀ ਚਿੱਠੀ ਦੇਣ ਬਾਰੇ ਸਪੱਸ਼ਟ ਇਨਕਾਰ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਕਿਹਾ ਕਿ ਸਕੂਲ ਵਿੱਚ ਬੰਬ ਜਾਂ ਕੋਈ ਧਮਾਕਾਖ਼ੇਜ਼ ਸਮੱਗਰੀ ਵਰਗੀ ਕੋਈ ਚੀਜ਼ ਨਹੀਂ ਸੀ ਬਲਕਿ ਅੱਜ ਇੱਥੇ ਇੱਕ ਮੌਕ ਡਰਿੱਲ ਕਰਵਾਈ ਗਈ ਹੈ, ਜਿਸ ਵਿੱਚ ਐਮਰਜੈਂਸੀ ਹਾਲਤਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਬਚਾ ਕੇ ਬਾਹਰ ਕੱਢਣ ਅਤੇ ਹਫੜਾ-ਦਫੜੀ ਮਚਣ ਤੋਂ ਰੋਕਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਸਮੇਂ-ਸਮੇਂ ਸਿਰ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪਤਾ ਚਲ ਸਕੇ ਕਿ ਜੇਕਰ ਅਚਾਨਕ ਅਜਿਹੀ ਸਥਿਤੀ ਪੈਦਾ ਹੋ ਜਾਵੇ ਤਾਂ ਉਹ ਆਪਣਾ ਅਤੇ ਆਪਣੇ ਸਾਥੀਆਂ ਦਾ ਕਿਸ ਤਰ੍ਹਾਂ ਬਚਾਅ ਕਰ ਸਕਦੇ ਹਨ। ਜੇਕਰ ਇਹ ਮੌਕ ਡਰਿੱਲ ਸੀ ਤਾਂ ਸਕੂਲ ਪ੍ਰਬੰਧਕਾਂ ਵੱਲੋਂ ਪੁਲੀਸ ਅਤੇ ਫਾਇਰ ਬ੍ਰਿਗੇਡ ਦਫ਼ਤਰ ਸਮੇਤ ਹੋਰ ਅਧਿਕਾਰੀਆਂ ਨੂੰ ਅਗਾਊਂ ਜਾਣਕਾਰੀ ਦੇਣੀ ਬਣਦੀ ਸੀ ਪਰ ਸ਼ਾਇਦ ਅਜਿਹਾ ਨਹੀਂ ਕੀਤਾ ਗਿਆ।
ਮੌਕੇ ’ਤੇ ਪਹੁੰਚੇ ਮਟੌਰ ਥਾਣਾ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਨੇ ਕਿਹਾ ਕਿ ਪੁਲੀਸ ਵੱਲੋਂ ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਤੱਕ ਕੁੱਝ ਵੀ ਬੰਬ ਜਾਂ ਧਮਾਕਾਖ਼ੇਜ਼ ਸਮੱਗਰੀ ਬਰਾਮਦ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਹਿਲੂਆਂ ’ਤੇ ਮੁੱਢਲੀ ਜਾਂਚ-ਪੜਤਾਲ ਪੂਰੀ ਕਰਨ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਵੱਲੋਂ ਮੌਕ ਡਰਿੱਲ ਕਰਵਾਏ ਜਾਣ ਬਾਰੇ ਪੁੱਛੇ ਜਾਣ ’ਤੇ ਥਾਣਾ ਮੁਖੀ ਨੇ ਕਿਹਾ ਕਿ ਸਾਡੇ ਕੋਲ ਅਜਿਹੀ ਕੋਈ ਸੂਚਨਾ ਨਹੀਂ ਸੀ ਹੁਣ ਪੁਲੀਸ ਐਂਗਲ ਤੋਂ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…