Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਦੇ ਹੱਕ ਵਿੱਚ ਮਰਨ ਵਰਤ ਸ਼ੁਰੂ ਕਰਨਗੇ ਸ਼ਹੀਦ ਫੇਰੂਮਾਨ ਦਲ ਦੇ ਪ੍ਰਧਾਨ ਮਹੰਤ ਜਸਬੀਰ ਦਾਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਸ਼ਹੀਦ ਫੇਰੂਮਾਨ ਅਕਾਲੀ ਦਲ ਇੰਡੀਆ ਦੇ ਕੌਮੀ ਪ੍ਰਧਾਨ ਮਹੰਤ ਜਸਬੀਰ ਦਾਸ ਨੇ ਐਲਾਨ ਕੀਤਾ ਹੈ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਜਲਦੀ ਹੀ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਹਨ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਮਹੰਤ ਜਸਬੀਰ ਦਾਸ ਨੇ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਹੱਕਾਂ ਲਈ ਜਨ ਅੰਦੋਲਨ ਕਰ ਰਹੇ ਹਨ, ਪ੍ਰੰਤੂ ਕੇਂਦਰ ਸਰਕਾਰ ਕਿਸਾਨ ਦੇ ਹੱਕ ਵਿੱਚ ਉੱਠੀ ਲਹਿਰ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ, ਜਲ ਤੋਪਾਂ ਅਤੇ ਲਾਠੀਚਾਰਜ ਕੀਤਾ ਗਿਆ, ਜੋ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਹੁਕਮਰਾਨ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਨੇ ਪੰਜਾਬ, ਪੰਜਾਬੀਅਤ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਚੰਡੀਗੜ੍ਹ ਪੰਜਾਬ ਹਵਾਲੇ ਕਰਨ, ਪਾਣੀਆਂ ਦੇ ਮੁੱਦੇ ਲੈ ਕੇ ਲਗਾਤਾਰ 72 ਦਿਨ ਮਰਨ ਵਰਤ ਰੱਖਿਆ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਪਣੀ ਜਾਨ ਤੱਕ ਦੇ ਦਿੱਤੀ ਸੀ। ਇਸ ਤੋਂ ਬਾਅਦ ਮਹੰਤ ਸੇਵਾਦਾਸ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ 47 ਦਿਨ ਮਰਨ ਵਰਤ ਰੱਖਿਆ ਅਤੇ ਆਪਣੀ ਜਾਨ ਦੀ ਬਲੀ ਦਿੱਤੀ ਪ੍ਰੰਤੂ ਸਰਕਾਰ ਨੇ ਇੱਕ ਵੀ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਹੁਣ ਉਹ ਕਿਸਾਨਾਂ ਦੇ ਹੱਕਾਂ ਲਈ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਹਨ। ਮਹੰਤ ਜਸਬੀਰ ਦਾਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕਦੇ ਸਿਆਸੀ ਹਿੱਤਾਂ ਅਤੇ ਨਿੱਜੀ ਲਾਭ ਦੀ ਮੰਗ ਨਹੀਂ ਕੀਤੀ ਸਗੋਂ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜੀ ਜਾਂਦੀ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦਿੱਲੀ ਜਾ ਕੇ ਕਿਸਾਨਾਂ ਦੇ ਧਰਨੇ ਵਿੱਚ ਪਹਿਲਾਂ ਭੁੱਖ-ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਗੀਆਂ ਤਾਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ