
ਮਜੀਠੀਆ ਨੂੰ ਸਿਆਸੀ ਬਦਲਾਖੋਰੀ ਕਾਰਨ ਝੂਠੇ ਕੇਸ ਵਿੱਚ ਫਸਾਇਆ: ਅਕਾਲੀ ਆਗੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਐਸਓਆਈ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਬੈਦਵਾਨ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਗਿੱਲ ਨੇ ਮਜੀਠੀਆ ਮਾਮਲੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਪਣੀ ਟਿੱਪਣੀ ਵਿੱਚ ਕਿਹਾ ਕਿ ਸਰਕਾਰ ਨੇ ਆਪਣੀ ਕਬਰ ਖ਼ੁਦ ਹੀ ਪੁੱਟ ਲਈ ਹੈ। ਜਿਸ ਦਾ ਅਸਰ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਜਮਾਤ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੂੰ ਦੇਖਣ ਨੂੰ ਮਿਲੇਗਾ।
ਆਗੂਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਅਤੇ ਬੇਅਦਬੀ ਦੇ ਅਸਲ ਦੋਸ਼ੀ ਫੜਨ ਦੇ ਮਾਮਲੇ ਵਿੱਚ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਨੇ ਮਜੀਠੀਆ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਅਤੇ ਸੁੱਖੀ ਰੰਧਾਵਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਬਣੇ ਹਨ, ਉਦੋਂ ਤੋਂ ਸੂਬਾ ਸਰਕਾਰ ਨੇ ਬਦਲਾਲਊ ਭਾਵਨਾ ਨਾਲ ਅਕਾਲੀ ਦਲ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਅਕਾਲੀ ਆਗੂਆਂ ਅਤੇ ਸਮਰਥਕਾਂ ਦੇ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਨੌਜਵਾਨ ਡਰਨ ਵਾਲੇ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨ ਮਜੀਠੀਆ ਅਤੇ ਬਾਦਲ ਪਰਿਵਾਰ ਨਾਲ ਚਟਾਨ ਵਾਂਗ ਢਾਲ ਬਣ ਕੇ ਖੜੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਨੌਜਵਾਨ ਡਰ ਕੇ ਘਰ ਬੈਠਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਬੱਸ ਪਰਮਿੰਟ ਮਾਮਲੇ ਵਿੱਚ ਉੱਚ ਅਦਾਲਤ ਨੇ ਸੱਚ ਲੋਕਾਂ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਕਾਂਗਰਸ ਨੂੰ ਸਰਕਾਰੀ ਵਧੀਕੀਆਂ ਦਾ ਜਵਾਬ ਦੇਣਗੇ ਅਤੇ ਇਨ੍ਹਾਂ ਚੋਣਾਂ ਵਿੱਚ ਗਰੀਬ ਵਰਗ ਅਤੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਵੇਗੀ।