ਕਰੋਨਾ ਮਹਾਮਾਰੀ ਦੌਰਾਨ ਮਲੇਰੀਆ ਨੂੰ ਅਣਡਿੱਠ ਨਾ ਕੀਤਾ ਜਾਵੇ: ਐਸਐਮਓ ਡਾ. ਜਸਕਿਰਨਦੀਪ ਕੌਰ

ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਿਖੇ ਮਨਾਇਆ ਗਿਆ ‘ਵਿਸ਼ਵ ਮਲੇਰੀਆ ਦਿਵਸ’

ਡੈਵਿਟ ਵਰਮਾ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਅਪਰੈਲ:
ਵਿਸ਼ਵ ਮਲੇਰੀਆ ਦਿਵਸ ਸਬੰਧੀ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਤੇ ਇਸ ਨਾਲ ਸਬੰਧਤ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਇਲਾਜ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਅੱਜ ਜਦੋਂ ਕਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਚੱਲ ਰਹੀ ਹੈ ਤਾਂ ਮਲੇਰੀਆ ਜਿਹੀ ਮਾਰੂ ਬੀਮਾਰੀ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਲੇਰੀਆ ਵੀ ਕੋਰੋਨਾ ਵਾਇਰਸ ਵਾਂਗ ਹੀ ਘਾਤਕ ਬੀਮਾਰੀ ਹੈ ਅਤੇ ਇਸ ਤੋਂ ਬਚਣ ਦਾ ਤਰੀਕਾ ਜ਼ਰੂਰੀ ਸਾਵਧਾਨੀਆਂ ਵਰਤਣਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਇਸ ਮਾਰੂ ਬੀਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਕਿ ਉਹ ਇਸ ਬੀਮਾਰੀ ਦੀ ਲਪੇਟ ਵਿਚ ਨਾ ਆ ਸਕਣ।
ਐਸਐਮਓ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸੁਹਿਰਦ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੰਜਾਬ ਵਿੱਚ ਮਲੇਰੀਆ ਦੀ ਬੀਮਾਰੀ ‘ਤੇ ਕਾਫ਼ੀ ਹੱਦ ਤਕ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਮਲੇਰੀਆ ਬਾਰੇ ਜਾਗਰੂਕਤਾ ਅਤੇ ਸਾਵਧਾਨੀਆਂ ਇਸ ਗੰਭੀਰ ਬੁਖ਼ਾਰ ਤੋਂ ਬਚਾਅ ਕਰ ਸਕਦੀਆ ਹਨ। ਇਸ ਬੁਖ਼ਾਰ ਦੀ ਜਾਂਚ ਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਹੁੰਦਾ ਹੈ।
ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਬੁਖ਼ਾਰ ਹੋਣ ‘ਤੇ ਤੁਰੰਤ ਨੇੜਲੀ ਡਿਸਪੈਂਸਰੀ ਜਾਂ ਹਸਪਤਾਲ ਵਿਚ ਜਾ ਕੇ ਸਬੰਧਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ‘ਤੇ ਲੱਗੀਆਂ ਪਾਣੀਆਂ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਇਸ ਮੌਕੇ ਡਾ. ਹਰਮਨ ਮਾਹਲ, ਡਾ. ਅਰੁਣ ਬਾਂਸਲ, ਡਾ. ਸ਼ੁਭਮ ਸਰੋਆ, ਡਾ. ਸਿਮਨਜੀਤ ਕੌਰ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਐਲਐਚਵੀ ਰਾਜ ਰਾਣੀ ਅਤੇ ਕੁਲਦੀਪ ਕੌਰ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…