Nabaz-e-punjab.com

ਮਨੌਲੀ ਪੰਚਾਇਤ ਘੁਟਾਲਾ: ਰੇਤੇ ਬਜਰੀ ਦੇ ਕਾਰੋਬਾਰੀ ਮੁਲਜ਼ਮ ਰਜਿੰਦਰ ਸਿੰਘ ਦੈੜੀ ਨੂੰ ਜੇਲ੍ਹ ਭੇਜਿਆ

ਸਾਬਕਾ ਸਰਪੰਚ ਅਵਤਾਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ, ਬਲਜਿੰਦਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 11 ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿੰਡ ਮਨੌਲੀ ਵਿੱਚ ਕਥਿਤ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰਜਿੰਦਰ ਸਿੰਘ ਵਾਸੀ ਦੈੜੀ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਬੁੱਧਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਅਨੁਸਾਰ ਪੁਲੀਸ ਰਿਮਾਂਡ ਕੀਤੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਰਜਿੰਦਰ ਸਿੰਘ ਬਿਨਾਂ ਰਜਿਸਟਰਡ ਫਰਮ ਤੋਂ ਰੇਤੇ, ਬਜਰੀ ਅਤੇ ਸੀਮਿੰਟ ਦਾ ਕਾਰੋਬਾਰ ਕਰਦਾ ਸੀ। ਉਸ ਨੇ ਅਕਾਲੀ ਸਰਕਾਰ ਦੌਰਾਨ ਪਿੰਡ ਮਨੌਲੀ ਵਿੱਚ ਵਿਕਾਸ ਕਾਰਜਾਂ ਲਈ ਵਰਤਿਆਂ ਜਾਣ ਵਾਲਾ ਮਟੀਰੀਅਲ ਸਪਲਾਈ ਕੀਤਾ ਸੀ ਅਤੇ ਜਾਅਲੀ ਬਿੱਲ ਬਣਾ ਕੇ ਪੈਸਿਆਂ ਦੀ ਵਸੂਲੀ ਕੀਤੀ ਗਈ ਹੈ। ਵਿਜੀਲੈਂਸ ਅਨੁਸਾਰ ਰਜਿੰਦਰ ਸਿੰਘ ਦੀ ਫਰਮ ਨਾ ਤਾਂ ਸਰਕਾਰ ਕੋਲ ਰਜਿਸਟਰਡ ਹੈ ਅਤੇ ਨਾ ਹੀ ਉਸ ਕੋਲ ਵੈਟ ਨੰਬਰ ਹੈ।
ਉਧਰ, ਸਰਕਾਰੀ ਫੰਡਾਂ ਵਿੱਚ ਹੇਰਾਫੇਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ ਦੀਆਂ ਮੁਸ਼ਕਲਾਂ ਹੋਰ ਜ਼ਿਆਦਾ ਵਧ ਗਈਆਂ ਹਨ। ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਅਵਤਾਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਮੁਲਜ਼ਮ ਬਲਜਿੰਦਰ ਸਿੰਘ ਵਾਸੀ ਪਿੰਡ ਸੰਤੇਮਾਜਰਾ ਦੀ ਜ਼ਮਾਨਤ ਦੀ ਅਰਜ਼ੀ ’ਤੇ 11 ਜਨਵਰੀ ਨੂੰ ਸੁਣਵਾਈ ਹੋਵੇਗੀ। ਉਂਜ ਇਸ ਮਾਮਲੇ ਵਿੱਚ ਸਾਬਕਾ ਸਰਪੰਚ, ਦੋ ਬੀਡੀਪੀਓ, ਇੱਕ ਪੰਚਾਇਤ ਅਧਿਕਾਰੀ ਪਤਨੀ ਸਮੇਤ ਕਰੀਬ 11 ਮੁਲਜ਼ਮ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਪਿੰਡ ਮਨੌਲੀ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਸਮੇਤ ਦੋ ਸਾਬਕਾ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ ਤੇ ਮਲਵਿੰਦਰ ਸਿੰਘ, ਦੋ ਪੰਚਾਇਤ ਸਕੱਤਰ ਹਾਕਮ ਸਿੰਘ ਤੇ ਰਵਿੰਦਰ ਸਿੰਘ ਖ਼ਿਲਾਫ਼ ਧਾਰਾ 420 ਅਤੇ ਭ੍ਰਿਸ਼ਟਾਚਾਰ ਐਕਟ ਦੀਆਂ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹਰਦੀਪ ਸਿੰਘ ਤੇ ਜਸਵਿੰਦਰ ਸਿੰਘ ਦੋਵੇਂ ਵਾਸੀ ਪਟਿਆਲਾ, ਬਲਜਿੰਦਰ ਸਿੰਘ ਵਾਸੀ ਸੰਤੇਮਾਜਰਾ, ਰਜਿੰਦਰ ਸਿੰਘ ਦੈੜੀ, ਹਰਜੀਤ ਸਿੰਘ ਬਨੂੜ, ਗੁਣਤਾਸ ਸੰਧਾ ਉਰਫ਼ ਗਿੰਨੀ ਵਾਸੀ ਚੰਡੀਗੜ੍ਹ ਅਤੇ ਨਵੀਨ ਕੌਰ ਢਿੱਲੋਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਰਜਿੰਦਰ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…