Nabaz-e-punjab.com

ਮੁਹਾਲੀ ਵਿੱਚ ਇਲੈਕਟ੍ਰਾਨਿਕ ਤੇ ਫਿਲਮ ਸਿਟੀ ਬਣੇਗੀ ਮਨੀਸ਼ ਤਿਵਾੜੀ ਨੇ ਦਿੱਤਾ ਵਿਚਾਰ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁਹਾਲੀ ਵਿੱਚ ਇਲੈਕਟ੍ਰਾਨਿਕ ਤੇ ਫਿਲਮ ਸਿਟੀ ਦੇ ਵਿਕਾਸ ਦਾ ਵਿਚਾਰ ਪੇਸ਼ ਕੀਤਾ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰ ਕੇ ਇਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਨਵੇਂ ਪ੍ਰਾਜੈਕਟ ਨਾਲ ਹੋਰ ਜ਼ਿਆਦਾ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗਮਾਡਾ ਦੇ ਚੱਲ ਰਹੇ ਤੇ ਆਗਾਮੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਮੁਹਾਲੀ ਸ਼ਹਿਰ ਕੋਮਾਂਤਰੀ ਹਵਾਈ ਅੱਡੇ ਦੇ ਨੇੜੇ ਸਥਿਤ ਹੈ ਅਤੇ ਇਸ ਸ਼ਹਿਰ ਦਾ ਵਿਕਾਸ ਬਹੁਤ ਹੀ ਬਾਰੀਕਬੀਨੀ ਨਾਲ ਬਣਾਈ ਯੋਜਨਾ ਮੁਤਾਬਕ ਹੋ ਰਿਹਾ ਹੈ ਤੇ ਇਹ ਸ਼ਹਿਰ ਅਗਲੇ ਵੱਡੇ ਆਈਟੀ ਗੜ੍ਹ ਵਜੋਂ ਵਿਕਸਤ ਹੋ ਰਿਹਾ ਹੈ। ਵੱਡੇ ਸਨਅਤੀ ਘਰਾਣਿਆਂ ਨੂੰ ਆਪਣੇ ਵੱਲ ਖਿੱਚ ਰਹੇ ਇਸ ਸ਼ਹਿਰ ਦੀ ਸ਼ਾਨ ਵਿੱਚ ਹੁਣ ਉਦੋਂ ਹੋਰ ਵਾਧਾ ਹੋਵੇਗਾ, ਜਦੋਂ ਤਾਇਵਾਨ ਦੀ ਤਰਜ਼ ਉਤੇ ਇਲੈਕਟ੍ਰਾਨਿਕ ਤੇ ਫਿਲਮ ਸਿਟੀ ਵਿਕਸਤ ਹੋਵੇਗੀ।
ਸੰਸਦ ਮੈਂਬਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂ ਬੱਧ ਕਰਨਾ ਯਕੀਨੀ ਬਣਾਉਣ ਤਾਂ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਫਾਇਦਾ ਪੁੱਜ ਸਕੇ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਹਾਜ਼ਰੀ ਵਿੱਚ ਸ੍ਰੀ ਤਿਵਾੜੀ ਨੇ ਸਾਰੇ ਵਿਭਾਗਾਂ ਖ਼ਾਸ ਤੌਰ ਉਤੇ ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ, ਬਾਗ਼ਬਾਨੀ ਤੇ ਹੋਰ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬਸਿਡੀਆਂ ਦੇ ਲੰਬਿਤ ਕੇਸਾਂ ਨੂੰ ਛੇਤੀ ਨਿਬੇੜਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੈਸ਼ਨਲ ਸੈਂਟਰ ਆਫ ਐਕਸੀਲੈਂਸ ਫਾਰ ਗੇਮਿੰਗ ਤੇ ਐਨੀਮੇਸ਼ਨ ਦੀ ਜ਼ਮੀਨ ਦਾ ਕਬਜ਼ਾ ਲੈਣ। ਉਨ੍ਹਾਂ ਅਧਿਕਾਰੀਆਂ ਨੂੰ ਜੈਵਿਕ ਬਾਲਣ ਪ੍ਰਾਜੈਕਟਾਂ ਦੀ ਸੰਭਾਵਨਾ ਤਲਾਸ਼ਣ ਲਈ ਵੀ ਕਿਹਾ ਤਾਂ ਕਿ ਇਸ ਬਾਲਣ ਦੀਆਂ ਘੱਟ ਕੀਮਤਾਂ ਦਾ ਲੋਕਾਂ ਨੂੰ ਲਾਭ ਮਿਲੇ।
ਲੋਕ ਸਭਾ ਮੈਂਬਰ ਨੇ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਦੇ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਭਲਾਈ ਦੇ ਕੰਮਾਂ ਨੂੰ ਤਰਤੀਬਵਾਰ ਕਰ ਕੇ ਨਿਬੇੜਨ ਲਈ ਆਖਿਆ। ਸਰਕਾਰੀ ਸਕੀਮਾਂ ਅਧੀਨ ਫੰਡਾਂ ਦੀ ਢੁਕਵੀਂ ਵਰਤੋਂ ਦੀ ਵਕਾਲਤ ਕਰਦਿਆਂ ਸ੍ਰੀ ਤਿਵਾੜੀ ਨੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਤਰ ਕਰਨ ਅਤੇ ਕੂੜੇ ਤੋਂ ਖਾਦ ਤੇ ਬਿਜਲੀ ਪੈਦਾ ਕਰਨ ਦੇ ਪ੍ਰਾਜੈਕਟਾਂ ਨੂੰ ਉਤਸ਼ਾਹਤ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਖੁੰਬਾਂ ਦੀ ਕਾਸ਼ਤ ਉਤੇ ਰਿਆਇਤਾਂ ਦੇਣ ਲਈ ਆਖਿਆ ਤਾਂ ਕਿ ਪਰਾਲੀ ਦੀ ਸਮੱਸਿਆ ਦਾ ਖ਼ਾਤਮਾ ਕੀਤਾ ਜਾ ਸਕੇ।
ਇਸ ਮੌਕੇ ਚੇਅਰਮੈਨ ਪੰਜਾਬ ਲਾਰਜ ਇੰਡਸਟਰੀ ਵਿਕਾਸ ਬੋਰਡ ਪਵਨ ਦੀਵਾਨ, ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਡਿਵੀਜ਼ਨਲ ਜੰਗਲਾਤ ਅਫ਼ਸਰ ਗੁਰ ਅਮਨਪ੍ਰੀਤ ਸਿੰਘ ਬੈਂਸ, ਜ਼ਿਲ੍ਹਾ ਭਲਾਈ ਅਫ਼ਸਰ ਸੁੱਖਸਾਗਰ ਸਿੰਘ, ਜਨਰਲ ਸਕੱਤਰ ਬਾਸਕਟਬਾਲ ਐਸੋਸੀਏਸ਼ਨ ਆਫ਼ ਇੰਡੀਆ ਚੰਦਰ ਮੁਖੀ ਸ਼ਰਮਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਬੰਟੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…