Nabaz-e-punjab.com

ਮਨੀਸ਼ ਤਿਵਾੜੀ ਨੇ ਆਪਣੇ ਅਖ਼ਬਾਰੀ ਬਿਆਨ ਵਿੱਚ ਸਰਕਾਰ ਦੀ ਦੋ ਸਾਲਾਂ ਦੀ ਅਸਫਲਤਾ ਦੀ ਗੱਲ ਕਬੂਲੀ: ਚੰਦੂਮਾਜਰਾ

ਚੰਦੂਮਾਜਰਾ ਵੱਲੋਂ ਪਿੰਡ ਬਾਕਰਪੁਰ ਵਿੱਚ ਚੋਣ ਪ੍ਰਚਾਰ ਦੌਰਾਨ, ਕੈਪਟਨ ਸਰਕਾਰ ਅਤੇ ਕਾਂਗਰਸੀ ਮੰਤਰੀਆਂ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਹਲਕੇ ਦੇ ਵਿਕਾਸ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਬਿਆਨ ਨੂੰ ਪੰਜਾਬ ਸਰਕਾਰ ਅਤੇ ਹਲਕੇ ਨਾਲ ਸਬੰਧਤ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਪਿਛਲੇ ਦੋ ਸਾਲ ਦੀ ਕਾਰਗੁਜ਼ਾਰੀ ਦੀ ਅਸਫ਼ਲਤਾ ਦਾ ਕਬੂਲਨਾਮਾ ਕਰਾਰ ਦਿੱਤਾ ਹੈ। ਪਿੰਡ ਬਾਕਰਪੁਰ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਹਲਕੇ ਅੰਦਰ ਸਮੱਸਿਆਵਾਂ ਦੇ ਢੇਰ ਲੱਗੇ ਹੋਏ ਹਨ, ਉਨ੍ਹਾਂ ਦੇ ਹੱਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ। ਜਿਸ ਦਾ ਸਿੱਧਾ ਅਤੇ ਸਿਆਸੀ ਅਰਥ ਇਹੀ ਬਣਦਾ ਹੈ ਕਿ ਕੈਪਟਨ ਸਰਕਾਰ ਕੋਈ ਵੀ ਮਸਲਾ ਹੱਲ ਕਰਨ ਲਈ ਗੰਭੀਰ ਨਹੀਂ ਹੈ ਅਤੇ ਹਲਕੇ ਦੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੀ ਕਾਰਗੁਜ਼ਾਰੀ ਫੇਲ੍ਹ ਸਾਬਤ ਹੋਈ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਘਰ ਘਰ ਨੌਕਰੀ, 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ, ਕਿਸਾਨਾ ਦੇ ਸਾਰੇ ਕਰਜ਼ੇ ਮੁਆਫ਼ ਅਤੇ ਚਾਰ ਹਫ਼ਤਿਆਂ ਵਿੱਚ ਪੰਜਾਬ ਵਿੱਚ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਗੁਟਕਾ ਸਾਹਿਬ ਨੂੰ ਮੱਥੇ ਨਾਲ ਲਗਾ ਕੇ ਸਹੁੰ ਚੁੱਕਣ ਵਰਗੇ ਨਾਅਰੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਸਮੇਤ ਪੰਜਾਬ ਦੇ ਵਿਕਾਸ ਅਤੇ ਸਮੱਸਿਆਵਾਂ ਨੂੰ ਹੱਲ ਦੀ ਜ਼ਿੰਮੇਵਾਰੀ ਮੁੱਖ ਤੌਰ ’ਤੇ ਰਾਜ ਸਰਕਾਰ ਸਿਰ ਹੁੰਦੀ ਹੈ ਅਤੇ ਸੰਸਦ ਮੈਂਬਰ ਨੇ ਤਾਂ ਕੇਂਦਰ ਸਰਕਾਰ ਦੇ ਵਿਕਾਸ ਪ੍ਰਾਜੈਕਟ ਅਤੇ ਸਕੀਮਾਂ ਨੂੰ ਆਪਣੇ ਹਲਕੇ ਵਿੱਚ ਲਿਆਉਣਾ ਅਤੇ ਲਾਗੂ ਕਰਵਾਉਣ ਵਿੱਚ ਅਹਿਮ ਰੋਲ ਨਿਭਾਉਣਾ ਹੁੰਦਾ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੇ ਆਪਣਾ ਬਣਦਾ ਰੋਲ ਨਿਭਾਇਆ ਹੈ।
ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਆਗੂ ਗੁਰਮੀਤ ਸਿੰਘ ਬਾਕਰਪੁਰ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਤੇ ਦਰਸ਼ਨ ਸਿੰਘ, ਹਰਮਨਪ੍ਰੀਤ ਸਿੰਘ ਪ੍ਰਿੰਸ, ਮਾਨ ਸਿੰਘ ਸੋਹਾਣਾ, ਹਰਵਿੰਦਰ ਸਿੰਘ ਸਰਪੰਚ ਪੱਤੋਂ, ਗੁਰਪ੍ਰੀਤ ਸਿੰਘ ਤੰਗੋਰੀ, ਪ੍ਰੇਮ ਸਿੰਘ ਝਿਊਰਹੇੜੀ, ਗੁਰਵਿੰਦਰ ਸਿੰਘ ਬਾਕਰਪੁਰ, ਨੰਬਰਦਾਰ ਨਛੱਤਰ ਸਿੰਘ, ਜਸਵੀਰ ਸਿੰਘ ਬਟੇਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…