Share on Facebook Share on Twitter Share on Google+ Share on Pinterest Share on Linkedin ਸ਼ਹਿਰੀਆਂ ਨੂੰ ਤੋਹਫ਼ਾ: ਇਮਾਰਤਾਂ ਦੇ ਨਕਸ਼ੇ ਹੁਣ ਆਨਲਾਈਨ ਪਾਸ ਹੋਣਗੇ: ਨਵਜੋਤ ਸਿੱਧੂ ਪੰਜਾਬ ਦੇ 8 ਨਗਰ ਨਿਗਮਾਂ ਵਿੱਚ ਸਤੰਬਰ ਮਹੀਨੇ ਈ-ਗਵਰਨੈਂਸ ਪ੍ਰਾਜੈਕਟ ਨੂੰ ਪਹਿਨਾਇਆ ਜਾਵੇਗਾ ਅਮਲੀ ਜਾਮਾ ਜੇਕਰ 30 ਦਿਨਾਂ ਅੰਦਰ ਸਰਕਾਰ ਵੱਲੋਂ ਨਕਸ਼ਾ ਪਾਸ ਕਰਨ ਲਈ ਕੋਈ ਜਵਾਬ ਨਾ ਆਇਆ ਤਾਂ ਨਕਸ਼ਾ ਪਾਸ ਸਮਝਿਆ ਜਾਵੇਗਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਸਤੰਬਰ: ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਇਕ ਅਹਿਮ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਵਿੱਚ ਇਹ ਯੋਜਨਾ ਇਸੇ ਮਹੀਨੇ ਲਾਗੂ ਹੋਵੇਗੀ। ਈ-ਗਵਰਨੈਂਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ 8 ਨਗਰ ਨਿਗਮ ਸ਼ਹਿਰਾਂ ਦੇ ਕਮਿਸ਼ਨਰਾਂ, ਇਸ ਪ੍ਰਾਜੈਕਟ ਨੂੰ ਚਲਾਉਣ ਵਾਲੀਆਂ ਚਾਰ ਕੰਸਲਟੈਂਟ ਕੰਪਨੀਆਂ ਦੇ ਨੁਮਾਇੰਦਿਆਂ, ਟਾਊਨ ਪਲਾਨਰਾਂ ਤੇ ਆਰਕੀਟੈਕਟਾਂ ਨਾਲ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਭਵਨ ਵਿਖੇ ਆਡੀਟੋਰੀਅਮ ਵਿੱਚ ਸੱਦੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਕਰਨ ਦੀ ਯੋਜਨਾ ਬਣਾਈ ਗਈ ਗਈ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਅਤੇ ਸੌਖਾਲੀਆ ਸੇਵਾਵਾਂ ਦੇਣ ਲਈ ਈ-ਗਵਰਨੈਂਸ ਸਭ ਤੋਂ ਵਧੀਆ ਸਾਧਨ ਹੈ ਜਿਸ ਤਹਿਤ ਸੇਵਾਵਾਂ ਹਾਸਲ ਕਰਨ ਵਾਲੇ ਅਤੇ ਸੇਵਾਵਾਂ ਦੇਣ ਵਾਲਿਆਂ ਵਿੱਚ ਆਪਸ ਵਿੱਚ ਸਿੱਧਾ ਰਾਬਤਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲੇ ਪੜਾਅ ਵਿੱਚ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਮੋਗਾ, ਫਗਵਾੜਾ ਤੇ ਪਠਾਨਕੋਟ ਵਿੱਚ ਇਸੇ ਮਹੀਨੇ ਤੋਂ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਹੋਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅੱਠ ਸ਼ਹਿਰਾਂ ਲਈ ਚਾਰ ਨਾਮੀ ਕੰਪਨੀਆਂ ਨੂੰ ਚੁਣਿਆ ਗਿਆ ਜਿਹੜੀਆਂ ਮੁਫਤ ਵਿੱਚ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨਗੀਆਂ। ਵਿਨਸਾਸ, ਟੀ.ਸੀ.ਐਸ., ਸੌਫਟਟੈਕ ਤੇ ਟੈਕਮਹਿੰਦਰਾ ਵੱਲੋਂ 2-2 ਨਗਰ ਨਿਗਮ ਸ਼ਹਿਰਾਂ ਵਿੱਚ ਆਪਣੀਆਂ ਸੇਵਾਵਾਂ ਦੇਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਇਹ ਚਾਰੇ ਨਾਮੀ ਕੰਪਨੀਆਂ ਵੱਲੋਂ ਇਨ੍ਹਾਂ ਸ਼ਹਿਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਮੁਲਾਂਕਣ ਕਰਨ ਉਪਰੰਤ ਸੂਬੇ ਦੀਆਂ ਸਾਰੀਆਂ 165 ਸਥਾਨਕ ਸਰਕਾਰਾਂ ਇਕਾਈਆਂ ਵਿੱਚ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਈ-ਗਵਰਨੈਂਸ ਪ੍ਰਾਜੈਕਟ ਨਾਲ ਸ਼ਹਿਰ ਵਾਸੀ ਘਰ ਬੈਠਿਆਂ ਆਪਣੇ ਘਰ ਦਾ ਨਕਸ਼ਾ ਪਾਸ ਕਰਵਾ ਸਕਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਮਾਸਟਰ ਪਲਾਨ ਵਿੱਚ ਜ਼ਮੀਨ ਦੇ ਖਸਰਾ ਨੰਬਰ ਸ਼ਾਮਲ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਨ ਲਾਈਨ ਨਕਸ਼ੇ ਪਾਸ ਕਰਨ ਲਈ ਸਿਰਫ ਰਜਿਸਟਰਡ ਆਰਕੀਟੈਕਟਾਂ ਜੋਂ ਆਪਣੇ ਕਿੱਤੇ ਵਿੱਚ ਮਾਹਿਰ ਹੋਣਗੇ ਨੂੰ ਹੀ ਮਾਨਤਾ ਦਿੱਤੀ ਜਾਵੇਗੀ ਅਤੇ ਜਵਾਬਦੇਹੀ ਵੀ ਉਨ੍ਹਾਂ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰੀ ਵੱਲੋਂ ਇਮਾਰਤ ਦਾ ਨਕਸ਼ਾ ਪਾਸ ਕਰਨ ਲਈ ਕੀਤੇ ਆਨ ਲਾਈਨ ਬਿਨੈ ਦਾ 30 ਦਿਨਾਂ ਦੇ ਅੰਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਇਹ ਨਕਸ਼ਾ ਆਪਣੇ ਆਪ ਪਾਸ ਸਮਝਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੁੱਛ ਪੜਤਾਲ ਜਾਂ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਸ੍ਰੀ ਸਿੱਧੂ ਨੇ ਮੀਟਿੰਗ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ 150 ਦੇ ਕਰੀਬ ਆਰਕੀਟੈਕਟ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸਾਰੇ ਆਰਕੀਟੈਕਟ ਅਤੇ ਪ੍ਰਾਜੈਕਟ ਚਲਾਉਣ ਵਾਲੀਆਂ ਕੰਪਨੀਆਂ ਤੋਂ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਆਉਣ ਵਾਲੀ ਸੰਭਾਵੀ ਅੌਕੜਾਂ ਵੀ ਜਾਣੀਆਂ ਅਤੇ ਇਹ ਵੀ ਕਿਹਾ ਕਿ ਉਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਕਿਸ ਤਰ੍ਹਾਂ ਦੀ ਮੱਦਦ ਚਾਹੁੰਦੇ ਹਨ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵੱਲੋਂ ਪ੍ਰਗਟਾਏ ਗਏ ਤੌਖਲਿਆਂ ਦੇ ਮੌਕੇ ’ਤੇ ਹੀ ਜਵਾਬ ਦੇ ਕੇ ਸੰਤੁਸ਼ਟ ਕੀਤਾ ਗਿਆ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸਫਲਤਾਪੂਰਵਕ ਸਿਰੇ ਚੜ੍ਹਨ ਦਾ ਸਿਹਰਾ ਵਿਭਾਗ ਦੇ ਅਧਿਕਾਰੀਆਂ ਸਿਰ ਬੰਨ੍ਹਿਆ ਜਿਨ੍ਹਾਂ ਦੀਆਂ ਮਿਹਨਤਾਂ ਸਦਕਾ ਇਹ ਮੁਸ਼ਕਲ ਪ੍ਰਾਜੈਕਟ ਸਿਰੇ ਚੜ੍ਹਿਆ। ਇਸ ਮੌਕੇ ਵਿਭਾਗ ਦੇ ਸਲਾਹਕਾਰ ਡਾ.ਅਮਰ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸ੍ਰੀ ਕਮਲ ਕਿਸ਼ੋਰ ਯਾਦਵ, ਚਾਰੋਂ ਨਾਮੀ ਕੰਪਨੀਆਂ ਦੇ ਨੁਮਾਇੰਦੇ, ਨਗਰ ਨਿਗਮਾਂ ਦੇ ਕਮਿਸ਼ਨਰ ਤੇ ਟਾਊਨ ਪਲਾਨਰ ਅਤੇ ਆਰਕੀਟੈਕਟ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ