
ਸਕੂਲਾਂ ਤੇ ਕਾਲਜਾਂ ਵਿੱਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਮੈਰਾਥਾਨ ਦੌੜ
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਰਕਾਰੀ ਕਾਲਜ ਮੁਹਾਲੀ ਤੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਤਵਾਰ ਨੂੰ ਬਾਲ ਦਿਵਸ ਮੌਕੇ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਨਾਅਰੇ ਨੂੰ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਸਵੀਪ ਪ੍ਰਾਜੈਕਟ ਤਹਿਤ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਰਿਲੇਅ ਦੌੜ ਕਰਵਾਈ ਗਈ। ਇਸ ਰਿਲੇਅ ਦੌੜ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਇੱਥੋਂ ਦੇ ਸ਼ਹੀਦ ਮੇਜਰ ਹਰਿੰਦਰਪਾਲ ਸਿੰਘ ਸਰਕਾਰੀ ਕਾਲਜ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਕੱਢੀ ਇਸ ਰੈਲੀ ਵਿਚ ਕਾਲਜ ਦੇ ਚੋਣ ਸਾਖਰਤਾ ਕਲੱਬ ਅਤੇ ਵੋਟਰ ਕਾਰਡ ਕਮੇਟੀ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਜਿਨ੍ਹਾਂ ਵਿਅਕਤੀਆਂ ਦੀ ਅਜੇ ਤਾਈਂ ਵੋਟ ਨਹੀਂ ਬਣੀ ਹੈ, ਉਹ ਆਪਣੀ ਵੋਟ ਜ਼ਰੂਰ ਬਣਾਉਣ ਅਤੇ ਜਿਨ੍ਹਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ ’ਤੇ ਪਾਉਣ।
ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਵਿਅਕਤੀ ਤੱਕ ਵੋਟ ਪਾਉਣ ਦੇ ਸੰਦੇਸ਼ ਨੂੰ ਪਹੁੰਚਾਉਣ ਲਈ ਰੈਲੀ ਆਯੋਜਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਨੌਜਵਾਨ ਦੇਸ਼ ਦਾ ਭਵਿੱਖ ਹਨ। 18 ਸਾਲ ਦੇ ਹਰੇਕ ਵਿਅਕਤੀ ਨੂੰ ਵੋਟ ਬਣਾਉਣੀ ਅਤੇ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਅਤੇ ਇਕ ਇਕ ਵੋਟ ਕੀਮਤੀ ਹੁੰਦੀ ਹੈ ਕਿਉਂਕਿ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਡਰ ਤੇ ਭੈਅ ਤੋਂ ਆਪਣੀ ਮਰਜੀ ਅਨੁਸਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਰਿਲੇਅ ਦੌੜ ਸਰਕਾਰੀ ਕਾਲਜ ਮੁਹਾਲੀ ਤੋਂ ਸ਼ੁਰੂ ਹੋ ਸ਼ਿਵਾਲਿਕ ਸਕੂਲ ਫੇਜ਼-6, ਸ਼ਾਸਤਰੀ ਮਾਡਲ ਸਕੂਲ ਫੇਜ਼-1, ਗਿਆਨ ਜਯੋਤੀ ਸਕੂਲ ਫੇਜ਼-2, ਖਾਲਸਾ ਕਾਲਜ ਫੇਜ਼-3ਏ, ਸਰਕਾਰੀ ਮਾਡਲ ਸਕੂਲ ਫੇਜ਼-3ਬੀ1, ਸੈਂਟ ਸੋਲਜਰ ਸਕੂਲ ਫੇਜ਼-7 ਤੋਂ ਹੁੰਦੀ ਹੋਈ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਫੇਜ਼-7 ਵਿਖੇ ਪਹੁੰਚ ਕੇ ਸਮਾਪਤ ਹੋਈ । ਇਸ ਦੌੜ ਵਿੱਚ ਲਗਪਗ 600 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਦੌੜ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।